ਕਰੌਲੀ, 2 ਜੁਲਾਈ 2024 : ਰਾਜਸਥਾਨ ਦੇ ਕਰੌਲੀ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਜਿਸ ਵਿੱਚ 9 ਲੋਕਾਂ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਟਰੱਕ ਅਤੇ ਬੋਲੈਰੋ ਕਾਰ ਵਿਚਾਲੇ ਟੱਕਰ ਹੋ ਗਈ। ਇਹ ਟੱਕਰ ਇੰਨੀ ਜ਼ਬਰਦਸਤ ਸੀ ਕਿ ਇਸ 'ਚ 9 ਲੋਕਾਂ ਦੀ ਮੌਤ ਹੋ ਗਈ। ਜਦਕਿ ਕਈ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਪੁਲਸ ਨੂੰ ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਰਾਹਤ ਅਤੇ ਬਚਾਅ ਕੰਮ ਸ਼ੁਰੂ ਕਰ ਦਿੱਤਾ ਗਿਆ। ਮ੍ਰਿਤਕਾਂ ਦੀਆਂ ਲਾਸ਼ਾਂ ਅਤੇ ਜ਼ਖਮੀਆਂ ਨੂੰ ਕਰੌਲੀ ਹਸਪਤਾਲ ਲਿਜਾਇਆ ਗਿਆ ਹੈ। ਪੁਲਿਸ ਨੇ ਇਸ ਹਾਦਸੇ ਬਾਰੇ ਦੱਸਿਆ ਹੈ ਕਿ ਇੱਕ ਬੇਕਾਬੂ ਬੋਲੈਰੋ ਕਾਰ ਇੱਕ ਟਰੱਕ ਨਾਲ ਟਕਰਾ ਗਈ। ਪੁਲਸ ਨੇ ਦੱਸਿਆ ਕਿ ਮਰਨ ਵਾਲਿਆਂ 'ਚ 6 ਔਰਤਾਂ, 2 ਬੱਚੇ ਅਤੇ 1 ਪੁਰਸ਼ ਸ਼ਾਮਲ ਹੈ। ਚਾਰ ਜ਼ਖਮੀਆਂ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ, ਇਕ ਗੰਭੀਰ ਜ਼ਖਮੀ ਨੂੰ ਜੈਪੁਰ ਰੈਫਰ ਕਰ ਦਿੱਤਾ ਗਿਆ ਹੈ। ਇਹ ਘਟਨਾ ਕਰੌਲੀ ਮੰਡਰਾਯਾਲ ਰੋਡ 'ਤੇ ਡੁੰਡਾਪੁਰਾ ਮੋੜ ਨੇੜੇ ਵਾਪਰੀ। ਹਾਦਸੇ ਦੀ ਸੂਚਨਾ ਮਿਲਦੇ ਹੀ ਜ਼ਿਲ੍ਹਾ ਕੁਲੈਕਟਰ ਨੀਲਭ ਸਕਸੈਨਾ ਅਤੇ ਐਸਪੀ ਬ੍ਰਿਜੇਸ਼ ਜੋਤੀ ਉਪਾਧਿਆਏ ਤੁਰੰਤ ਮੌਕੇ 'ਤੇ ਪਹੁੰਚ ਗਏ। ਉਨ੍ਹਾਂ ਉੱਥੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ। ਜਦਕਿ ਉਥੇ ਮੌਜੂਦ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ। ਪੁਲਸ ਮੁਤਾਬਕ ਕਾਰ 'ਚ ਸਵਾਰ ਜ਼ਿਆਦਾਤਰ ਲੋਕ ਮੰਦਰਯਾਲ ਦੇ ਰਹਿਣ ਵਾਲੇ ਸਨ ਅਤੇ ਕੈਲਾ ਦੇਵੀ ਮੰਦਰ 'ਚ ਪੂਜਾ ਕਰਕੇ ਘਰ ਪਰਤ ਰਹੇ ਸਨ। ਇਹ ਹਾਦਸਾ ਜ਼ਿਲੇ ਦੇ ਮੰਦਰਯਾਲ ਕਸਬੇ ਦੇ ਡੁੰਡਾਪੁਰਾ ਚੌਰਾਹੇ ਨੇੜੇ ਉਸ ਸਮੇਂ ਵਾਪਰਿਆ ਜਦੋਂ ਇਕ ਤੇਜ਼ ਰਫਤਾਰ ਕਾਰ ਬੇਕਾਬੂ ਹੋ ਕੇ ਸਾਹਮਣੇ ਤੋਂ ਆ ਰਹੇ ਇਕ ਟਰੱਕ ਨਾਲ ਟਕਰਾ ਗਈ। ਪੁਲਿਸ ਨੇ ਦੱਸਿਆ ਕਿ ਹਾਦਸੇ ਸਬੰਧੀ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਨੇ ਇਸ ਸੜਕ ਹਾਦਸੇ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਹੈ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਹ ਹਾਦਸਾ ਕਿਉਂ ਅਤੇ ਕਿਵੇਂ ਹੋਇਆ।