ਊਨਾ, 08 ਅਗਸਤ 2024 : ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਵਿੱਚ ਪੀਰਨਿਗਾਹ ਤੋਂ ਮੱਥਾ ਟੇਕ ਕੇ ਪਰਤ ਰਹੇ ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਪਲਟ ਜਾਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਕਰੀਬ 35 ਸ਼ਰਧਾਲੂਆਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ ਹੈ। ਫਿਲਹਾਲ ਜ਼ਖ਼ਮੀਆਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਇਹ ਸਾਰੇ ਸ਼ਰਧਾਲੂ ਪੰਜਾਬ ਦੇ ਮਾਨਸਾ ਤੋਂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਆਏ ਸਨ। ਦੱਸ ਦੇਈਏ ਕਿ ਰਾਹਗੀਰਾਂ ਅਤੇ ਹੋਰ ਲੋਕਾਂ ਦੀ ਮਦਦ ਨਾਲ ਹਾਦਸੇ ਵਿਚ ਜ਼ਖ਼ਮੀ ਹੋਏ ਸਾਰੇ ਸ਼ਰਧਾਲੂਆਂ ਨੂੰ ਇਲਾਜ ਲਈ ਊਨਾ ਦੇ ਖੇਤਰੀ ਹਸਪਤਾਲ ਪਹੁੰਚਾਇਆ ਗਿਆ ਹੈ। ਜ਼ਖ਼ਮੀਆਂ 'ਚ ਜ਼ਿਆਦਾਤਰ ਬੱਚੇ ਸਨ। ਉਕਤ ਲੋਕ ਮਾਤਾ ਚਿੰਤਪੁਰਨੀ ਵਿਖੇ ਮੱਥਾ ਟੇਕਣ ਤੋਂ ਬਾਅਦ ਸ਼ਰਧਾਲੂ ਵੀਰਵਾਰ ਨੂੰ ਪੀਰਨੀਗਾਹ ਵਿਖੇ ਮੱਥਾ ਟੇਕਣ ਲਈ ਪੁੱਜੇ ਸਨ। ਜਦੋਂ ਸ਼ਰਧਾਲੂ ਪੀਰਨੀਗਾਹ ਵਿਖੇ ਮੱਥਾ ਟੇਕ ਕੇ ਆਪਣੇ ਪਿੰਡ ਜਾ ਰਹੇ ਸਨ ਤਾਂ ਟਰੈਕਟਰ-ਟਰਾਲੀ ਬੇਕਾਬੂ ਹੋ ਕੇ ਪਲਟ ਗਈ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਜਾਣਕਾਰੀ ਅਨੁਸਾਰ ਪੰਜਾਬ ਦੇ ਮਾਨਸਾ ਜ਼ਿਲ੍ਹੇ ਤੋਂ ਸ਼ਰਧਾਲੂਆਂ ਦਾ ਇੱਕ ਜਥਾ ਮੰਗਲਵਾਰ ਨੂੰ ਟਰੈਕਟਰ ਟਰਾਲੀ ਵਿੱਚ ਮਾਤਾ ਨੈਣਾ ਦੇਵੀ ਜੀ ਦੇ ਦਰਸ਼ਨ ਕਰਨ ਤੋਂ ਬਾਅਦ ਬੁੱਧਵਾਰ ਨੂੰ ਊਨਾ ਦੇ ਧਾਰਮਿਕ ਸਥਾਨ ਪੀਰਨੀਗਾਹ ਪਹੁੰਚਿਆ। ਇੱਥੇ ਮੱਥਾ ਟੇਕਣ ਤੋਂ ਬਾਅਦ ਸ਼ਰਧਾਲੂ ਵੀਰਵਾਰ ਸਵੇਰੇ ਆਪਣੇ ਘਰਾਂ ਨੂੰ ਪਰਤ ਰਹੇ ਸਨ ਕਿ ਪਿੰਡ ਬਸੋਲੀ ਕੋਲ ਟਰੈਕਟਰ ਟਰਾਲੀ ਬੇਕਾਬੂ ਹੋ ਕੇ ਡੂੰਘੀ ਖੱਡ ਵਿੱਚ ਪਲਟ ਗਈ। ਇਸ ਹਾਦਸੇ 'ਚ 35 ਤੋਂ ਵੱਧ ਸ਼ਰਧਾਲੂ ਜ਼ਖਮੀ ਹੋ ਗਏ ਹਨ। ਹਾਦਸੇ 'ਚ ਜ਼ਖ਼ਮੀ ਹੋਏ ਸ਼ਰਧਾਲੂਆਂ ਨੂੰ ਇਲਾਜ ਲਈ ਊਨਾ ਦੇ ਖੇਤਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਜ਼ਖ਼ਮੀਆਂ 'ਚ ਬੱਚਿਆਂ ਅਤੇ ਔਰਤਾਂ ਦੀ ਗਿਣਤੀ ਜ਼ਿਆਦਾ ਹੈ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪ੍ਰਸ਼ਾਸਨ ਨੇ ਰਾਹਤ ਅਤੇ ਬਚਾਅ ਕੰਮ ਸ਼ੁਰੂ ਕਰ ਦਿੱਤਾ ਹੈ। ਊਨਾ ਸਦਰ ਥਾਣਾ ਇੰਚਾਰਜ ਮਨੋਜ ਵਾਲੀਆ ਆਪਣੀ ਟੀਮ ਦੇ ਨਾਲ ਬਸੋਲੀ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਅਤੇ ਜ਼ਖਮੀਆਂ ਨੂੰ ਊਨਾ ਦੇ ਖੇਤਰੀ ਹਸਪਤਾਲ ਪਹੁੰਚਾਉਣ ਦਾ ਕੰਮ ਸ਼ੁਰੂ ਕੀਤਾ। ਜ਼ਿਲ੍ਹਾ ਐਸਪੀ ਰਾਕੇਸ਼ ਸਿੰਘ ਨੇ ਦੱਸਿਆ ਕਿ ਬਸੋਲੀ ਵਿੱਚ ਹੋਏ ਹਾਦਸੇ ਵਿੱਚ ਕਰੀਬ 35 ਸ਼ਰਧਾਲੂ ਜ਼ਖ਼ਮੀ ਹੋ ਗਏ ਹਨ। ਜਿਨ੍ਹਾਂ ਦਾ ਊਨਾ ਦੇ ਖੇਤਰੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਪੁਲਿਸ ਨੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਹਨ। ਪੁਲਿਸ ਹਾਦਸੇ ਦੀ ਜਾਂਚ ਕਰ ਰਹੀ ਹੈ।