ਚੰਡੀਗੜ੍ਹ, 4 ਸਤੰਬਰ 2024 : ਹਰਿਆਣਾ ਵਿਧਾਨ ਸਭਾ ਚੋਣਾਂ ਦੇ ਵਿਚਕਾਰ ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਨੇ ਬੁੱਧਵਾਰ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਰਾਹੁਲ ਗਾਂਧੀ ਨਾਲ ਦੋਵਾਂ ਪਹਿਲਵਾਨਾਂ ਦੀ ਮੁਲਾਕਾਤ ਤੋਂ ਬਾਅਦ ਉਨ੍ਹਾਂ ਦੇ ਚੋਣ ਲੜਨ ਦੀਆਂ ਸੰਭਾਵਨਾਵਾਂ ਵਧ ਗਈਆਂ ਹਨ। ਜ਼ਿਕਰਯੋਗ ਕਿ ਲੰਬੇ ਸਮੇਂ ਤੋਂ ਇਹ ਕਿਆਸ ਲਾਏ ਜਾ ਰਹੇ ਹਨ ਕਿ ਕਾਂਗਰਸ ਇਨ੍ਹਾਂ ਦੋ ਸਟਾਰ ਪਹਿਲਵਾਨਾਂ ਨੂੰ ਹਰਿਆਣਾ ਵਿਧਾਨ ਸਭਾ ਚੋਣਾਂ ਵਿਚ ਉਤਾਰ ਸਕਦੀ ਹੈ। ਹਾਲਾਂਕਿ ਪੂਨੀਆ ਅਤੇ ਫੋਗਾਟ ਨੂੰ ਮੈਦਾਨ 'ਚ ਉਤਾਰਿਆ ਜਾਵੇਗਾ ਜਾਂ ਨਹੀਂ, ਇਸ 'ਤੇ ਕਾਂਗਰਸ ਨੇ ਚੁੱਪ ਧਾਰੀ ਹੋਈ ਹੈ, ਜਦਕਿ ਏਆਈਸੀਸੀ ਦੇ ਜਨਰਲ ਸਕੱਤਰ ਅਤੇ ਹਰਿਆਣਾ ਦੇ ਇੰਚਾਰਜ ਦੀਪਕ ਬਾਬਰੀਆ ਨੇ ਮੰਗਲਵਾਰ ਨੂੰ ਕਿਹਾ ਕਿ ਵੀਰਵਾਰ ਤਕ ਇਸ 'ਤੇ ਸਪੱਸ਼ਟਤਾ ਹੋ ਜਾਵੇਗੀ। ਕਾਂਗਰਸ ਨੇ ਆਪਣੇ ਅਧਿਕਾਰਤ ਐਕਸ ਹੈਂਡਲ 'ਤੇ ਰਾਹੁਲ ਗਾਂਧੀ ਨਾਲ ਬਜਰੰਗ ਪੂਨੀਆ ਤੇ ਵਿਨੇਸ਼ ਫੋਗਾਟ ਦੀ ਮੁਲਾਕਾਤ ਦੀ ਤਸਵੀਰ ਪੋਸਟ ਕੀਤੀ ਹੈ।