ਚੰਡੀਗੜ੍ਹ : ਅੰਮ੍ਰਿਤਸਰ ਨੇੜੇ ਕੱਥੂਨੰਗਲ ਵਿੱਚ ਦਿਨ-ਦਿਹਾੜੇ 18 ਲੱਖ ਰੁਪਏ ਦੀ ਲੁੱਟ ਦੀ ਘਟਨਾ 'ਤੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਵਿਚ ਪੂਰੀ ਤਰ੍ਹਾਂ ਨਾਲ ਅਰਾਜਕਤਾ ਅਤੇ ਜੰਗਲ ਰਾਜ ਫੈਲ ਚੁੱਕਿਆ ਹੈ, ਉਨ੍ਹਾਂ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਕਤਲ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਰੋਜ਼ਾਨਾ ਦੀ ਗੱਲਾਂ ਬਣ ਗਈਆਂ ਹਨ ਕਿ ਲੋਕ ਹੁਣ ਇਨ੍ਹਾਂ ਦੇ ਆਦੀ ਹੋ ਗਏ ਹਨ। ਉਨ੍ਹਾਂ ਕਿਹਾ ਹੈ ਕਿ ਅਪਰਾਧੀ ਬਿਨਾਂ ਕਿਸੇ ਕਾਨੂੰਨ ਦੇ ਡਰ ਤੋਂ ਪੰਜਾਬ ਵਿੱਚ ਪਨਾਹਗਾਹ ਬਣਾ ਰਹੇ ਹਨ, ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਨੇਰੇ ਵਿੱਚ ਘੁੰਮ ਰਹੀ ਹੈ। ਉਨ੍ਹਾਂ ਦੱਸਿਆ ਕਿ ਦੋ ਦਿਨ ਪਹਿਲਾਂ 20 ਸਾਲਾ ਨੌਜਵਾਨ ਦੀ ਹੱਤਿਆ ਸਿਰਫ਼ ਇਸ ਲਈ ਕਰ ਦਿੱਤੀ ਗਈ ਸੀ, ਕਿਉਂਕਿ ਉਸਦਾ ਪਰਿਵਾਰ ਅਗਵਾਕਾਰਾਂ ਨੂੰ 30 ਲੱਖ ਰੁਪਏ ਦੀ ਫਿਰੌਤੀ ਨਹੀਂ ਦੇ ਸਕਿਆ ਸੀ। ਵੜਿੰਗ ਨੇ ਕਿਹਾ ਕਿ ਇਹ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵੱਡੇ-ਵੱਡੇ ਵਾਅਦਿਆਂ ਨੂੰ ਪੂਰਾ ਕਰਨਾ ਤਾਂ ਦੂਰ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ 'ਚ ਵੀ ਨਾਕਾਮ ਰਹੇ ਹਨ। ਜਿਸ 'ਤੇ ਉਨ੍ਹਾਂ ਚੇਤਾਵਨੀ ਦਿੱਤੀ ਕਿ ਪੰਜਾਬ 'ਚ ਵਿਗੜ ਰਹੀ ਕਾਨੂੰਨ ਵਿਵਸਥਾ ਡੂੰਘੀ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨਾਲ ਲੋਕਾਂ ਵਿੱਚ ਡਰ ਅਤੇ ਸਹਿਮ ਦੀ ਭਾਵਨਾ ਪੈਦਾ ਹੁੰਦੀ ਹੈ। ਸਰਕਾਰ ਤੋਂ ਅਜਿਹੀਆਂ ਘਟਨਾਵਾਂ 'ਤੇ ਠੱਲ੍ਹ ਪਾਉਣ ਦੀ ਉਮੀਦ ਕੀਤੀ ਜਾਂਦੀ ਹੈ, ਪਰ ਇਸਦੇ ਉਲਟ ਹੋ ਰਿਹਾ ਹੈ, ਕਿਉਂਕਿ ਅਜਿਹੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ, ਜਦੋਂ ਕਿ ਸਰਕਾਰੀ ਤੰਤਰ ਸੁੱਤਾ ਹੋਇਆ ਨਜ਼ਰ ਆ ਰਿਹਾ ਹੈ।