ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਆਪ ਸਰਕਾਰ ਦੇ ਮੰਤਰੀ ਫੌਜਾ ਸਿੰਘ ਸਰਾਰੀ ਦੀ ਫਿਰੌਤੀ ਵਾਲੀ ਟੇਪ ਦੀ ਸੀ ਬੀ ਆਈ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਮੰਤਰੀ ਕੁੱਝ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਉਹਨਾਂ ਕੋਲੋਂ ਫਿਰੌਤੀ ਦੀ ਰਕਮ ਹਾਸਲ ਕਰਨ ਦੀ ਯੋਜਨਾ ’ਤੇ ਚਰਚਾ ਕਰਦੇ ਫੜੇ ਗਏ ਹਨ। ਉਨ੍ਹਾਂ ਕਿਹਾ ਕਿ ਓਐਸਡੀ ਨੇ ਆਪ ਇਹ ਗੱਲ ਕਹੀ ਹੈ ਕਿ ਇਹ ਆਡੀਓ ਟੇਪ ਅਸਲੀ ਹੈ ਅਤੇ ਇਹ ਹੁਣ ਸਰਕਾਰ ਦੇ ਹੱਥ ਹੈ ਕਿ ਉਹ ਮੰਤਰੀ ਸਰਾਰੀ ਦੇ ਖਿਲਾਫ ਦੋਸ਼ਾਂ ਵਾਲੀ ਇਹ ਟੇਪ ਸੀ ਬੀ ਆਈ ਨੂੰ ਸੌਂਪ ਕੇ ਇਸਦੀ ਡੂੰਘਾਈ ਨਾਲ ਜਾਂਚ ਕਰਵਾਉਂਦੀ ਹੈ ਜਾਂ ਨਹੀਂ। ਸਾਬਕਾ ਮੰਤਰੀ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਵਾਲ ਕੀਤਾ ਕਿ ਉਨ੍ਹਾਂ ਦੀ ਸਰਕਾਰ ਦੇ ਮੰਤਰੀ ਸਰਾਰੀ ਦੇ ਖਿਲਾਫ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਸਾਬਕਾ ਮੰਤਰੀ ਵਿਜੇ ਕੁਮਾਰ ਸਿੰਗਲਾ ਦੇ ਮਾਮਲੇ ਵਿੱਚ ਮੁੱਖ ਮੰਤਰੀ ਨੇ ਇਹ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੇ ਉਹ ਵੀਡੀਓ ਵੇਖੀ ਹੈ, ਜਿਸ ਤੋਂ ਸਿੰਗਲਾ ਦੋਸ਼ੀ ਸਾਬਤ ਹੁੰਦੇ ਹਨ ਤੇ ਇਸੇ ਲਈ ਉਹ ਉਨ੍ਹਾਂ ਨੂੰ ਬਰਖ਼ਾਸਤ ਕਰ ਰਹੇ ਹਨ ਤੇ ਉਨ੍ਹਾਂ ਖਿਲਾਫ ਕੇਸ ਦਰਜ ਕੀਤਾ ਜਾ ਰਿਹਾ ਹੈ। ਅਕਾਲੀ ਆਗੂ ਨੇ ਕਿਹਾ ਕਿ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਮੁੱਖ ਮੰਤਰੀ ਤੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਦੋਗਲੇ ਮਾਪਦੰਡ ਨਹੀਂ ਅਪਣਾਉਣੇ ਚਾਹੀਦੇ। ਉਹਨਾਂ ਮੰਗ ਕੀਤੀ ਕਿ ਸਰਾਰੀ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ ਅਤੇ ਉਹਨਾਂ ਦੇ ਖਿਲਾਫ ਫੌਜਦਾਰੀ ਕੇਸ ਦਰਜ ਕੀਤਾ ਜਾਵੇ। ਸਰਦਾਰ ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਆਪ ਸਰਕਾਰ ਨੇ ਵਿਜੇ ਸਿੰਗਲਾ ਦੇ ਮਾਮਲੇ ਵਿਚ ਯੂ ਟਰਨ ਮਾਰ ਲਿਆ ਹੈ ਤੇ ਹੁਣ ਸਾਬਕਾ ਮੰਤਰੀ ਜਿਨ੍ਹਾਂ ਨੂੰ ਪਹਿਲਾਂ ਆਪਣੇ ਤੋਂ ਦੂਰ ਕਰ ਦਿੱਤਾ ਗਿਆ ਸੀ, ਪਾਰਟੀ ਦੀਆਂ ਸਾਰੀਆਂ ਮੀਟਿੰਗਾਂ ਵਿਚ ਨਿਯਮਿਤ ਵੇਖੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਜਿਸ ਵੀਡੀਓ ਦੇ ਆਧਾਰ ’ਤੇ ਉਹਨਾਂ ਨੂੰ ਬਰਖ਼ਾਸਤ ਕੀਤਾ ਗਿਆ ਸੀ, ਉਹ ਹਾਲੇ ਤੱਕ ਅਦਾਲਤ ਵਿਚ ਪੇਸ਼ ਨਹੀਂ ਕੀਤੀ ਗਈ। ਉਹਨਾਂ ਕਿਹਾ ਕਿ ਉਹਨਾਂ ਖਿਲਾਫ ਕੇਸ ਵਿਚ ਹਾਲੇ ਤੱਕ ਚਾਰਜਸ਼ੀਟ ਵੀ ਦਾਇਰ ਨਹੀਂ ਕੀਤੀ ਗਈ। ਸਰਦਾਰ ਮਜੀਠੀਆ ਨੇ ਇਹ ਵੀ ਦੱਸਿਆ ਕਿ ਕਿਵੇਂ ਸ੍ਰੀ ਸਰਾਰੀ ਗੈਰ ਕਾਨੂੰਨੀ ਮਾਇਨਿੰਗ ਵਿਚ ਸ਼ਾਮਲ ਹਨ ਤੇ ਇਹ ਖੁਲ੍ਹਾਸਾ ਜਨਤਕ ਹੈ ਪਰ ਆਪ ਸਰਕਾਰ ਨੇ ਉਹਨਾਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ। ਇਕ ਸਵਾਲ ਦੇ ਜਵਾਬ ਵਿਚ ਸਰਦਾਰ ਮਜੀਠੀਆ ਨੇ ਕਿਹਾ ਕਿ ਸਰਕਾਰ ਉਹਨਾਂ ਦਾ ਬਚਾਅ ਕਰਨ ਲਈ ਪੱਬਾਂ ਭਾਰ ਹੈ ਜਿਹਨਾਂ ਨੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਾਪਸ ਲਏ ਜਾਣ ਦੇ ਫੈਸਲੇ ਦਾ ਜਨਤਕ ਤੌਰ ’ਤੇ ਪ੍ਰਚਾਰ ਕੀਤਾ ਸੀ। ਉਹਨਾਂ ਕਿਹਾ ਕਿ ਇਸ ਮਾਮਲੇ ਵਿਚ ਮਰਹੂਮ ਗਾਇਕ ਦੀ ਮਾਂ ਦੀ ਜ਼ੋਰਦਾਰ ਮੰਗ ਦੇ ਬਾਵਜੂਦ ਵੀ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।