ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਖਿਲਾਫ ਮੁੜ ਆਵਾਜ਼ ਉੱਠੀ ਹੈ। ਹਰਿਆਣਾ ਕਮੇਟੀ ਦੇ ਮੁਖੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਪੱਤਰ ਸੌਂਪ ਮੰਗ ਕੀਤੀ ਹੈ ਕਿ ਸੁਖਬੀਰ ਬਾਦਲ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਬਣੀ 11 ਮੈਂਬਰੀ ਸਾਂਝੀ ਕਮੇਟੀ ਵਿੱਚੋਂ ਬਹਾਰ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਬੇਅਦਬੀ ਕਾਂਡ, ਡੇਰਾ ਸਿਰਸਾ ਦੇ ਮੁਖੀ ਨੂੰ ਸ੍ਰੀ ਅਕਾਲ ਤਖ਼ਤ ਤੋਂ ਮੁਆਫ਼ ਦਿਵਾਉਣ ਸਮੇਤ ਕਈ ਹੋਰ ਮਾਮਲਿਆਂ ਵਿੱਚ ਘਿਰਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਉਂਝ ਵੀ ਅਕਾਲੀ ਸਰਕਾਰ ਦੇ ਕਾਰਜਕਾਲ ਵੇਲੇ ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੁਝ ਨਹੀਂ ਕੀਤਾ ਸੀ, ਜਿਸ ਕਰਕੇ ਉਨ੍ਹਾਂ ਨੂੰ ਇਸ ਕਮੇਟੀ ਵਿਚ ਸ਼ਾਮਲ ਨਹੀਂ ਕੀਤਾ ਜਾਣਾ ਚਾਹੀਦਾ ਸੀ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਦੱਸਿਆ ਕਿ ਅਗਲੇ 15 ਦਿਨਾਂ ਤੱਕ ਇਹ ਕਮੇਟੀ ਇਸ ਮਾਮਲੇ ਸਬੰਧੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰੇਗੀ। ਇਹ ਫ਼ੈਸਲਾ ਵੀਰਵਾਰ ਨੂੰ 11 ਮੈਂਬਰੀ ਸਾਂਝੀ ਕਮੇਟੀ ਦੀ ਪਲੇਠੀ ਮੀਟਿੰਗ ਦੌਰਾਨ ਲਿਆ ਗਿਆ ਹੈ। ਇਹ ਤੋਂ ਪਹਿਲਾਂ ਬੰਦੀ ਸਿੰਘਾਂ ਦੀ ਇਕ ਸੂਚੀ ਤਿਆਰ ਕੀਤੀ ਜਾਵੇਗੀ, ਜਿਸ ਵਿੱਚ ਮੁਕੰਮਲ ਵੇਰਵੇ ਦਰਜ ਹੋਣਗੇ।