ਸੰਯੁਕਤ ਕਿਸਾਨ ਮੋਰਚੇ ਨੇ ਬੁੱਧਵਾਰ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਪੱਤਰ ਲਿਖ ਕੇ ਗਿ੍ਫ਼ਤਾਰ ਕੀਤੇ ਗਏ ਕਿਸਾਨਾਂ ਦੀ ਬਿਨਾਂ ਸ਼ਰਤ ਦੇ ਰਿਹਾਈ ਅਤੇ ਅੰਦੋਲਨ ਨਾਲ ਜੁੜੇ ਝੂਠੇ ਕੇਸ ਵਾਪਸ ਲੈਣ ਦੀ ਮੰਗ ਕੀਤੀ ਹੈ । ਇਸ ਪੱਤਰ ਵਿੱਚ ਮੋਰਚੇ ਨੇ ਮੰਗ ਕੀਤੀ ਹੈ ਕਿ ਪੁਲਿਸ ਤੇ ਜਾਂਚ ਏਜੰਸੀਆਂ ਵੱਲੋਂ ਕਿਸਾਨਾਂ ਨੂੰ ਭੇਜੇ ਜਾ ਰਹੇ ਨੋਟਿਸ ਵੀ ਬੰਦ ਹੋਣੇ ਚਾਹੀਦੇ ਹਨ ਤੇ ਉਹਨਾਂ ਇਹ ਵੀ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਬੈਨਰ ਹੇਠ ਕਿਸਾਨ ਪਿਛਲੇ ਤਿੰਨ ਮਹੀਨਿਆਂ ਤੋਂ ਦਿੱਲੀ ਦੀਆਂ ਹੱਦਾਂ 'ਤੇ ਬੈਠੇ ਹਨ ਪਰ ਕੇਂਦਰ ਤੇ ਸੂਬਿਆਂ ਦੀਆਂ ਸਰਕਾਰਾਂ ਨੇ ਸੈਂਕੜੇ ਕਿਸਾਨਾਂ ਨੂੰ ਝੂਠੇ ਕੇਸਾਂ 'ਚ ਜੇਲ੍ਹਾਂ 'ਚ ਬੰਦ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਬਿਨਾਂ ਸ਼ਰਤ ਜੇਲ੍ਹਾਂ ਤੋਂ ਰਿਹਾਅ ਕੀਤਾ ਜਾਣਾ ਚਾਹੀਦਾ ਹੈ।