ਸਰਹੱਦਾਂ ’ਤੇ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਦੀ ਐੱਨਆਈਏ ਵੱਲੋਂ ਜਾਂਚ ਕਰਵਾਈ ਜਾਵੇ : ਵੜਿੰਗ
ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਸਰਹੱਦ ’ਤੇ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਦੀ ਡੂੰਘੀ ਚਿੰਤਾ ਦੀ ਜਾਂਚ ਦਾ ਸਵਾਗਤ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਇੱਕ ਗੰਭੀਰ ਅਤੇ ਘਾਤਕ ਅਪਰਾਧ ਹੈ, ਜੋ ਹਾਈਕੋਰਟ ਦੇ ਹੁਕਮਾਂ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਜਾਣਕਾਰੀ ਦੇਣ ਦੇ ਬਾਵਜੂਦ ਇਸ ਮਾਮਲੇ ਵਿੱਚ ਲਾਪ੍ਰਵਾਹੀ ਤੇ ਬਰਕਰਾਰ ਹੈ। ਉਨ੍ਹਾਂ ਪੰਜਾਬ ਰਾਜਪਾਲ ਵੱਲੋਂ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਵਿੱਚ ਸ਼ਾਮਲ ਲੋਕਾਂ ਖ਼ਿਲਾਫ਼ ਦੇਸ਼ ਧ੍ਰੋਹ ਦਾ ਕੇਸ ਦਰਜ ਕਰਨ ਦੇ ਵਿਚਾਰ ਦਾ ਸਮਰਥਨ ਕੀਤਾ ਹੈ। ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਵੜਿੰਗ ਵੱਲੋਂ ਜਾਰੀ ਕੀਤੇ ਇੱਕ ਬਿਆਨ ਵਿੱਚ ਜੋ ਪੰਜਾਬ ਦੇ ਰਾਜਪਾਲ ਵੱਲੋਂ ਮਾਨ ਸਰਕਾਰ ਨੂੰ ਨੀਂਦ ਵਿੱਚੋਂ ਜਗਾਉਣ ਲਈ ਕੀਤੇ ਯਤਨਾਂ ਧੰਨਵਾਦ ਕੀਤਾ ਹੈ ਅਤੇ ਕਿਹਾ ਕਿ ਕਾਂਗਰਸ ਪਾਰਟੀ ਨੇ ਸਰਹੱਦਾਂ ’ਤੇ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਦੀ ਐੱਨਆਈਏ ਜਾਂਚ ਦੀ ਮੰਗ ਕੀਤੀ ਸੀ। ਪ੍ਰਧਾਨ ਵੜਿੰਗ ਨੇ ਰਾਜਪਾਲ ਨੂੰ ਆਪਣੀ ਅਪੀਲ ਨੂੰ ਦੁਹਰਾਉਂਦਿਆਂ ਕਿਹਾ ਕਿ ਹੁਣ ਤੁਸੀਂ ਵੀ ਆਪਣੀ ਚਿੰਤਾ ਪ੍ਰਗਟ ਕੀਤੀ ਹੈ ਅਤੇ ਖੁਦ ਦੇਖਿਆ ਹੈ ਕਿ ਕਿਸ ਤਰ੍ਹਾਂ ਸਰਹੱਦਾਂ ’ਤੇ ਗੈਰ-ਕਾਨੂੰਨੀ ਮਾਈਨਿੰਗ ਚੱਲ ਰਹੀ ਹੈ, ਜਿਸ ਨਾਲ ਰਾਸ਼ਟਰੀ ਸੁਰੱਖਿਆ ਲਈ ਖਤਰਾ ਪੈਦਾ ਹੋ ਗਿਆ ਹੈ। ਇਸ ਲਈ ਇਸ ਮਾਮਲੇ ਦੀ ਐਨਆਈਏ ਜਾਂਚ ਲਈ ਜਲਦੀ ਤੋਂ ਜਲਦੀ ਸਿਫ਼ਾਰਸ਼ ਨਾ ਕਰਨ ਦਾ ਕੋਈ ਕਾਰਨ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਪਣੀ ਦਿੱਲੀ ਲੀਡਰਸ਼ਿਪ ਦੀਆਂ ਗਲਤ ਤਰਜੀਹਾਂ ਦੇ ਜਾਲ ਵਿੱਚ ਫਸੀ ਪੰਜਾਬ ਸਰਕਾਰ ਤੋਂ ਕੋਈ ਉਮੀਦ ਨਹੀਂ ਹੈ। ਜਿਸ ਕਰਕੇ ਉਨ੍ਹਾਂ ਦਾ ਏਜੰਡਾ ਪੰਜਾਬ ਵਿੱਚ ਧੱਕਿਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਪੰਜਾਬ ਜਾਂ ਇਸ ਦੇ ਐਸ.ਵਾਈ.ਐਲ ਦੇ ਹਿੱਤਾਂ ਦੀ ਕੋਈ ਚਿੰਤਾ ਨਹੀਂ ਹੈ। ਇਹੀ ਕਾਰਨ ਹੈ ਕਿ ਸਿਰਫ ਰਾਜਪਾਲ ਹੀ ਰਾਸ਼ਟਰੀ ਸੁਰੱਖਿਆ ਅਤੇ ਰਾਸ਼ਟਰੀ ਹਿੱਤਾਂ ਦੇ ਰਖਵਾਲੇ ਸਾਬਤ ਹੋ ਸਕਦੇ ਹਨ।