ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਦੇ ਖ਼ਿਲਾਫ਼ 3 ਦਹਾਕੇ ਪੁਰਾਣਾ ਰੋਡਰੇਜ ਮਾਮਲੇ 'ਚ ਅੱਜ ਸੁਪਰੀਮ ਕੋਰਟ ਪੁਨਰ ਵਿਚਾਰ ਅਰਜ਼ੀ 'ਤੇ ਆਪਣਾ ਫੈਸਲਾ ਸੁਣਾਉਂਦੇ ਹੋਏ ਉਨ੍ਹਾਂ ਨੂੰ ਇੱਕ ਸਾਲ ਦੀ ਸਜ਼ਾ ਸੁਣਾਈ ਹੈ। ਨਵਜੋਤ ਸਿੱਧੂ 'ਤੇ ਇਲਜ਼ਾਮ ਹਨ ਕਿ ਉਨ੍ਹਾਂ ਨੇ 27 ਦਸੰਬਰ 1988 'ਚ ਪਟਿਆਲਾ ਵਿੱਚ ਪਾਰਕਿੰਗ ਨੂੰ ਲੈ ਕੇ ਹੋਈ ਬਹਿਸ ਤੋਂ ਬਾਅਦ 65 ਸਾਲਾ ਗੁਰਨਾਮ ਸਿੰਘ ਨਾਲ ਕੁੱਟਮਾਰ ਕੀਤੀ ਸੀ ਅਤੇ ਉਸੇ ਕੁੱਟਮਾਰ ਵਿੱਚ ਵੱਜੀ ਸੱਟ ਕਾਰਨ ਗੁਰਨਾਮ ਸਿੰਘ ਦੀ ਮੌਤ ਹੋ ਗਈ ਸੀ। ਪੀੜਤ ਪਰਿਵਾਰ ਨੇ ਇਸ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਸਾਲ 2018 ਦੇ ਫੈਸਲੇ ਖ਼ਿਲਾਫ਼ ਪੁਨਰ ਵਿਚਾਰ ਅਰਜ਼ੀ ਦਾਇਰ ਕੀਤੀ ਸੀ।
ਸਾਲ 2018 ਦੇ ਆਪਣੇ ਫੈਸਲੇ 'ਚ ਸੁਪਰੀਮ ਕੋਰਟ ਨੇ ਸਿੱਧੂ 'ਤੇ ਲੱਗੇ ਗੈਰ-ਇਰਾਦਤਨ ਕਤਲ ਦੇ ਇਲਜ਼ਾਮ ਨੂੰ ਖਾਰਜ ਕਰ ਦਿੱਤਾ ਸੀ ਅਤੇ ਉਨ੍ਹਾਂ ਦੀ ਤਿੰਨ ਸਾਲ ਦੀ ਸਜ਼ਾ ਨੂੰ ਬਦਲਦੇ ਹੋਏ ਉਨ੍ਹਾਂ ਉੱਪਰ ਇੱਕ ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਸੀ।