
ਤਰਨਤਾਰਨ, 1 ਮਾਰਚ 2025 : ਤਰਨਤਾਰਨ ਦੇ ਪਿੰਡ ਪੰਡੋਰੀ ਗੋਲਾ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ। ਹਾਲ ਹੀ ‘ਚ ਹੋਈ ਬਾਰਿਸ਼ ਤੋਂ ਬਾਅਦ ਗਾਡਰ ਵਾਲੀ ਘਰ ਦੀ ਛੱਤ ਡਿੱਗਣ ਨਾਲ ਇੱਕ ਪਰਿਵਾਰ ਦੇ 5 ਮੈਂਬਰਾਂ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ ਪਤੀ, ਪਤਨੀ ਅਤੇ ਉਨ੍ਹਾਂ ਦੇ ਤਿੰਨ ਮਾਸੂਮ ਬੱਚਿਆਂ ਦੀ ਜਾਨ ਚਲੀ ਗਈ। ਜਿਸ ਕਾਰਨ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਮ੍ਰਿਤਕਾਂ ਦੀ ਪਹਿਚਾਣ ਗੁਰਵਿੰਦਰ ਸਿੰਘ ਅਮਰਜੀਤ ਕੌਰ, ਏਕੂ ਤੇ ਗੁਰਲਾਲ ਸਿੰਘ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਸਦਰ ਥਾਣਾ ਪੁਲਿਸ ਅਤੇ ਪਿੰਡ ਵਾਸੀ ਤੁਰੰਤ ਮੌਕੇ ‘ਤੇ ਪਹੁੰਚ ਗਏ ਅਤੇ ਘਰ ਦੇ ਮਲਬੇ ਹੇਠ ਦੱਬੇ ਪੰਜਾਂ ਲੋਕਾਂ ਨੂੰ ਕੱਢਿਆ ਗਿਆ। ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਹਾਦਸੇ ਦੀ ਖ਼ਬਰ ਮਿਲਦੇ ਹੀ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਵਿੱਚ ਸੋਗ ਅਤੇ ਗੁੱਸੇ ਦਾ ਮਾਹੌਲ ਬਣ ਗਿਆ। ਮ੍ਰਿਤਕਾਂ ਦਾ ਪੋਸਟਮਾਰਟਮ ਕਰਵਾ ਕੇ ਬਣਦੀ ਕਾਰਵਾਈ ਕਰਨ ਦੀ ਗੱਲ ਕਹੀ ਜਾ ਰਹੀ ਹੈ। ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਸਥਿਤੀ ਦਾ ਜਾਇਜ਼ਾ ਲੈਣ ਲਈ ਮੌਕੇ ‘ਤੇ ਪਹੁੰਚੇ ਅਤੇ ਪ੍ਰਭਾਵਿਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਪੁਲਿਸ ਦਾ ਕਹਿਣਾ ਹੈ ਕਿ ਪਰਿਵਾਰ ਦੇ ਰਿਸ਼ਤੇਦਾਰਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਜੇਕਰ ਉਹ ਅਰਜ਼ੀ ਦਿੰਦੇ ਹਨ ਤਾਂ ਢੁਕਵੀਂ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਛੱਤ ਕਿਵੇਂ ਡਿੱਗੀ ਇਸ ਦੀ ਜਾਂਚ ਕੀਤੀ ਜਾ ਰਹੀ ਹੈ।