ਚੰਡੀਗੜ੍ਹ, 16 ਜੁਲਾਈ : ਪੰਜਾਬ ਅਤੇ ਹਰਿਆਣਾ ਵਿੱਚ ਹੜ੍ਹਾਂ ਦਾ ਪਾਣੀ ਹੌਲੀ-ਹੌਲੀ ਘਟਣਾ ਸ਼ੁਰੂ ਹੋ ਗਿਆ ਹੈ, ਪਰ ਦੋਵਾਂ ਰਾਜਾਂ ਦੇ 518 ਪਿੰਡ ਅਜੇ ਵੀ ਹੜ੍ਹਾਂ ਦੀ ਲਪੇਟ ਵਿੱਚ ਹਨ। ਦੋਵਾਂ ਰਾਜਾਂ ਵਿੱਚ ਹੜ੍ਹਾਂ ਕਾਰਨ ਹੁਣ ਤੱਕ 55 ਲੋਕਾਂ ਦੀ ਜਾਨ ਜਾ ਚੁੱਕੀ ਹੈ। ਸਰਕਾਰੀ ਅੰਕੜਿਆਂ ਅਨੁਸਾਰ ਪੰਜਾਬ ਵਿੱਚ ਮੀਂਹ ਨਾਲ ਸਬੰਧਤ ਘਟਨਾਵਾਂ ਵਿੱਚ ਕੁੱਲ 29 ਲੋਕਾਂ ਦੀ ਮੌਤ ਹੋ ਗਈ ਜਦੋਂ ਕਿ ਹਰਿਆਣਾ ਵਿੱਚ ਮਰਨ ਵਾਲਿਆਂ ਦੀ ਗਿਣਤੀ 26 ਹੈ। ਪੰਜਾਬ ਦੇ ਪਟਿਆਲਾ ਜ਼ਿਲ੍ਹੇ ਵਿੱਚ ਸ਼ੁਤਰਾਣਾ, ਸਮਾਣਾ ਅਤੇ ਸਨੌਰ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ। ਪਾਤੜਾਂ (ਪਟਿਆਲਾ) ਦੇ ਉਪ ਮੰਡਲ ਮੈਜਿਸਟਰੇਟ ਮਨਦੀਪ ਕੁਮਾਰ ਨੇ ਸ਼ਨੀਵਾਰ ਨੂੰ ਦੱਸਿਆ ਕਿ ਕੁਝ ਹੜ੍ਹ ਪ੍ਰਭਾਵਿਤ ਇਲਾਕਿਆਂ ਤੋਂ ਹੜ੍ਹ ਦਾ ਪਾਣੀ ਘਟਣਾ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਨੇ ਪੰਜਾਬ ਅਤੇ ਹਰਿਆਣਾ ਵਿੱਚ ਚਾਰ ਦਿਨਾਂ ਤੱਕ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਹੈ। ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਲਈ ਕਿਹਾ ਹੈ। ਹਰਿਆਣਾ ਦੇ ਯਮੁਨਾਨਗਰ ਦੇ ਹਥਨੀਕੁੰਡ ਬੈਰਾਜ 'ਤੇ ਸ਼ਾਮ 6 ਵਜੇ ਵਹਾਅ ਦੀ ਦਰ 53,370 ਕਿਊਸਿਕ ਅਤੇ ਰਾਤ 8 ਵਜੇ 54,619 ਕਿਊਂਸਿਕ ਸੀ। ਸਿਰਸਾ ਦੇ ਪੰਨਿਹਾਰੀ, ਮੁਸਾਹਿਬ ਵਾਲਾ ਅਤੇ ਰੰਗਾ ਵਿੱਚ ਚਾਰ ਥਾਵਾਂ ’ਤੇ ਬੰਨ੍ਹ ਟੁੱਟ ਗਿਆ ਹੈ। ਖਨੌਰੀ ਨੇੜੇ ਕੌਮੀ ਮਾਰਗ 71 ਸਮੇਤ ਕੁੱਝ ਸੜਕਾਂ ਹੜ੍ਹਾਂ ਦੇ ਪਾਣੀ ਕਾਰਨ ਨੁਕਸਾਨੇ ਜਾਣ ਕਾਰਨ ਆਵਾਜਾਈ ਲਈ ਬੰਦ ਕਰ ਦਿੱਤੀਆਂ ਗਈਆਂ ਹਨ। ਹਰਿਆਣਾ 'ਚ 43833 ਪ੍ਰਭਾਵਿਤ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਭੇਜਿਆ ਗਿਆ ਹੈ। ਜਲੰਧਰ ਦੇ 60, ਸੰਗਰੂਰ ਦੇ 16, ਫਿਰੋਜ਼ਪੁਰ ਦੇ 15 ਅਤੇ ਫਾਜ਼ਿਲਕਾ ਦੇ 10 ਪਿੰਡਾਂ ਤੋਂ ਇਲਾਵਾ ਹੋਰ ਜ਼ਿਲ੍ਹਿਆਂ ਦੇ 15 ਪਿੰਡ ਹੜ੍ਹਾਂ ਦੀ ਮਾਰ ਤੋਂ ਬਾਹਰ ਨਹੀਂ ਆਏ ਹਨ। ਵਿਭਾਗ ਦੀ ਰਿਪੋਰਟ ਮੁਤਾਬਕ ਮੀਂਹ ਅਤੇ ਹੜ੍ਹਾਂ ਕਾਰਨ ਹੁਣ ਤੱਕ 29 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਤਿੰਨ ਲਾਪਤਾ ਵੀ ਹਨ। ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹਾਂ ਨਾਲ ਪ੍ਰਭਾਵਿਤ ਪੀਣ ਵਾਲੇ ਪਾਣੀ ਦੀ ਸਪਲਾਈ ਦੀ ਮੁਰੰਮਤ ਲਈ 10 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਬਦਲਵੇਂ ਪ੍ਰਬੰਧਾਂ ਰਾਹੀਂ ਹੜ੍ਹ ਪੀੜਤਾਂ ਨੂੰ ਸਾਫ਼ ਪਾਣੀ ਦੀ ਸਪਲਾਈ ਯਕੀਨੀ ਬਣਾ ਰਹੀ ਹੈ, ਪਰ ਇਸ ਰਾਸ਼ੀ ਨਾਲ ਜੋ ਪਾਈਪਾਂ, ਮੋਟਰਾਂ ਜਾਂ ਟਿਊਬਵੈੱਲ ਖਰਾਬ ਹੋ ਗਏ ਹਨ, ਉਨ੍ਹਾਂ ਦੀ ਮੁਰੰਮਤ ਕੀਤੀ ਜਾਵੇਗੀ। ਸੰਗਰੂਰ ਦੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਮੂਨਕ ਦੇ ਘੱਟੋ-ਘੱਟ 20 ਪਿੰਡਾਂ ਵਿੱਚ ਹਾਲੇ ਵੀ ਹੜ੍ਹ ਦਾ ਪਾਣੀ ਖੜ੍ਹਾ ਹੈ, ਹਾਲਾਂਕਿ ਪਾਣੀ ਦਾ ਪੱਧਰ ਘਟਣਾ ਸ਼ੁਰੂ ਹੋ ਗਿਆ ਹੈ ਅਤੇ ਐਤਵਾਰ ਤੱਕ ਇਹ ਹੋਰ ਘੱਟ ਜਾਵੇਗਾ। ਜੋਰਵਾਲ ਨੇ ਅੱਗੇ ਕਿਹਾ ਕਿ ਉਨ੍ਹਾਂ ਨੇ ਖਨੌਰੀ ਅਤੇ ਮੂਨਕ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਚੱਲ ਰਹੇ ਰਾਹਤ ਕਾਰਜਾਂ ਅਤੇ ਨਿਕਾਸੀ ਦੇ ਕੰਮਾਂ ਦੀ ਸਮੀਖਿਆ ਕਰਨ ਲਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਸਿਹਤ ਵਿਭਾਗ ਦੀਆਂ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ। ਇਸ ਸਮੇਂ 359 ਰੈਪਿਡ ਰਿਸਪਾਂਸ ਟੀਮਾਂ ਕੰਮ ਕਰ ਰਹੀਆਂ ਹਨ, ਜਦਕਿ ਮੈਡੀਕਲ ਕੈਂਪਾਂ ਦੀ ਗਿਣਤੀ ਵਧਾ ਕੇ 263 ਕਰ ਦਿੱਤੀ ਗਈ ਹੈ। ਕੁੱਲ 25,160 ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਰਾਜ ਵਿੱਚ ਕੁੱਲ 164 ਰਾਹਤ ਕੈਂਪ ਚੱਲ ਰਹੇ ਹਨ, ਜਿਨ੍ਹਾਂ ਵਿੱਚ 3,331 ਲੋਕ ਰਹਿ ਰਹੇ ਹਨ।