ਚੰਡੀਗੜ੍ਹ, 5 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜੇਲ੍ਹਾਂ ਵਿੱਚੋਂ ਨਾਰਕੋ-ਗੈਂਗਸਟਰ-ਅੱਤਵਾਦੀ ਗਠਜੋੜ ਨੂੰ ਖ਼ਤਮ ਕਰਨ ਦੀ ਵਚਨਬੱਧਤਾ ਦੇ ਤਹਿਤ ਪੰਜਾਬ ਪੁਲਿਸ ਨੇ ਸੱਤ ਜੇਲ੍ਹ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ, ਜਿਨ੍ਹਾਂ ਵਿੱਚੋਂ ਪੰਜ ਨੂੰ ਕੇਂਦਰੀ ਜੇਲ੍ਹ, ਗੋਇੰਦਵਾਲ ਸਾਹਿਬ ਦੇ ਸੁਪਰਡੈਂਟ ਸਮੇਤ ਡਿਊਟੀ ਵਿੱਚ ਅਣਗਹਿਲੀ ਵਰਤਣ ਅਤੇ ਵੀਡੀਓ ਲੀਕ ਮਾਮਲੇ 'ਚ ਗੈਂਗਸਟਰਾਂ ਦੀ ਮਿਲੀਭੁਗਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਜੇਲ੍ਹ ਵਿੱਚ ਸਾਥੀ ਕੈਦੀਆਂ ਵੱਲੋਂ ਝੜਪ ਦੌਰਾਨ ਮਾਰੇ ਗਏ ਦੋ ਕੈਦੀਆਂ ਜਿਨ੍ਹਾਂ ਦੀ ਪਛਾਣ ਬਟਾਲਾ ਦੇ ਮਨਦੀਪ ਸਿੰਘ ਉਰਫ਼ ਤੂਫ਼ਾਨ ਅਤੇ ਬੁਢਲਾਡਾ ਦੇ ਮੋਹਨਾ ਉਰਫ਼ ਮਨਮੋਹਨ ਸਿੰਘ ਵਜੋਂ ਹੋਈ ਹੈ, ਉਨ੍ਹਾਂ ਦੀ ਮੌਤ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ। ਇਸ ਤੋਂ ਬਾਅਦ ਐਤਵਾਰ ਨੂੰ ਗੋਇੰਦਵਾਲ ਸਾਹਿਬ ਕੇਂਦਰੀ ਜੇਲ੍ਹ ਦੀ ਇੱਕ ਵੀਡੀਓ ਵਾਇਰਲ ਹੋਈ, ਜਿਸ ਵਿੱਚ ਸਚਿਨ ਭਿਵਾਨੀ ਅਤੇ ਉਸ ਦੇ ਸਾਥੀ ਉਸ ਘਟਨਾ ਬਾਰੇ ਗੱਲ ਕਰ ਰਹੇ ਸਨ ਜਿਸ ਵਿੱਚ 26 ਫਰਵਰੀ, 2023 ਨੂੰ ਜੇਲ੍ਹ ਵਿੱਚ ਦੋ ਸਮੂਹਾਂ ਦਰਮਿਆਨ ਹੋਈ ਗੈਂਗਵਾਰ ਵਿੱਚ ਦੋ ਗੈਂਗਸਟਰ ਮਾਰੇ ਗਏ ਸਨ। ਮੁੱਖ ਮੰਤਰੀ ਭਗਵੰਤ ਮਾਨ ਕਹਿ ਚੁੱਕੇ ਹਨ ਕਿ ਜੇਕਰ ਕੋਈ ਵੀ ਬੇਨਿਯਮੀਆਂ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਅਤੇ ਗੈਂਗਸਟਰ ਕਲਚਰ ਨੂੰ ਖ਼ਤਮ ਕਰਨ ਲਈ ਪੰਜਾਬ ਪੁਲਿਸ ਨਾਲ ਮਿਲ ਕੇ ਲਗਾਤਾਰ ਕੰਮ ਕਰ ਰਹੇ ਹਨ।ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਈਜੀ ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਸੂਬਾ ਪੁਲਿਸ ਨੂੰ ਹਰ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਅਤੇ ਬੇਨਿਯਮੀਆਂ ਵਿੱਚ ਸ਼ਾਮਲ ਲੋਕਾਂ ਨੂੰ ਨੱਥ ਪਾਉਣ ਦੇ ਨਿਰਦੇਸ਼ ਦਿੱਤੇ ਹਨ। ਆਮ ਆਦਮੀ ਪਾਰਟੀ ਦੇ ਬੁਲਾਰੇ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਸੂਬਾ ਸਰਕਾਰ ਵੱਲੋਂ ਡਿਊਟੀ ਵਿੱਚ ਅਣਗਹਿਲੀ ਵਰਤਣ ਵਾਲੇ ਪੁਲਿਸ ਅਧਿਕਾਰੀਆਂ ਵਿਰੁੱਧ ਅਜਿਹੀ ਸਖ਼ਤ ਕਾਰਵਾਈ ਕੀਤੀ ਗਈ ਹੈ, ਜਿਸ ਤੋਂ ਮਾਨ ਸਰਕਾਰ ਦੀ ਮਨਸ਼ਾ ਮੁੜ ਸਪੱਸ਼ਟ ਹੋ ਜਾਂਦੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕਰਨਗੇ। ਜਿੱਥੇ ਲਗਾਤਾਰ ਸਰਕਾਰਾਂ ਨੇ ਗੈਂਗਸਟਰਾਂ ਅਤੇ ਮਾਫੀਆ ਨੂੰ ਸਰਪ੍ਰਸਤੀ ਦਿੱਤੀ ਹੈ, ਉੱਥੇ ਹੀ 'ਆਪ' ਸਰਕਾਰ ਨੇ ਇਸ 'ਤੇ ਸ਼ਿਕੰਜਾ ਕੱਸਿਆ ਹੈ ਅਤੇ ਜਲਦ ਹੀ ਸੂਬੇ ਨੂੰ ਇਸ ਤੋਂ ਮੁਕਤ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦਾ ਪੰਜਾਬ ਸੰਵਾਰਨ ਦਾ ਸੁਪਨਾ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਕੰਮ ਕਰਕੇ ਸਾਕਾਰ ਕਰਨਾ ਹੈ। ਇਸ ਲਈ ਸਾਰੇ ਅਧਿਕਾਰੀਆਂ ਨੂੰ ਪੂਰੀ ਇਮਾਨਦਾਰੀ ਅਤੇ ਨਿਸ਼ਠਾ ਨਾਲ ਕੰਮ ਕਰਨਾ ਚਾਹੀਦਾ ਹੈ ਅਤੇ ਜਨਤਾ ਨਾਲ ਸਬੰਧਤ ਛੋਟੇ ਤੋਂ ਛੋਟੇ ਕੰਮ ਤੇਜ਼ੀ ਨਾਲ ਕਰਨੇ ਚਾਹੀਦੇ ਹਨ ਅਤੇ ਕੋਈ ਵੀ ਕੰਮ ਵਿਚਕਾਰ ਨਹੀਂ ਛੱਡਣਾ।