- ਹੁਣ ਤੱਕ 22,58,300 ਤੋਂ ਵੱਧ ਗਾਵਾਂ ਦਾ ਟੀਕਾਕਰਨ ਕੀਤਾ
- ਟੀਕਾਕਰਨ ਮੁਹਿੰਮ 30 ਅਪ੍ਰੈਲ ਦੀ ਨਿਸ਼ਚਿਤ ਸਮਾਂ ਸੀਮਾ ਤੋਂ ਪਹਿਲਾਂ ਕੀਤੀ ਜਾਵੇਗੀ ਪੂਰੀ
ਚੰਡੀਗੜ੍ਹ, 1 ਅਪ੍ਰੈਲ : ਪੰਜਾਬ ਦਾ ਪਸ਼ੂ ਪਾਲਣ ਵਿਭਾਗ ਲੰਪੀ ਸਕਿਨ ਬੀਮਾਰੀ ਤੋਂ ਬਚਾਅ ਲਈ ਚਲਾਈ ਜਾ ਰਹੀ ਮੈਗਾ ਟੀਕਾਕਰਨ ਮੁਹਿੰਮ ਨੂੰ ਨਿਰਧਾਰਤ ਸਮਾਂ ਸੀਮਾ ਤੋਂ ਕਰੀਬ ਮਹੀਨਾ ਪਹਿਲਾਂ ਮੁਕੰਮਲ ਕਰਨ ਦੇ ਨੇੜੇ ਪਹੁੰਚ ਚੁੱਕਾ ਹੈ। ਵਿਭਾਗ ਨੇ ਹੁਣ ਤੱਕ ਸੂਬੇ ਵਿੱਚ 25 ਲੱਖ ਗਾਵਾਂ ਦਾ ਟੀਕਾਕਰਨ ਕਰਨ ਦਾ 90 ਫ਼ੀਸਦੀ ਟੀਚਾ ਪੂਰਾ ਕਰ ਲਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ 15 ਫ਼ਰਵਰੀ, 2023 ਨੂੰ ਪਸ਼ੂ ਪਾਲਣ ਵਿਭਾਗ ਦੀਆਂ 773 ਸਮਰਪਿਤ ਵੈਟਰਨਰੀ ਟੀਮਾਂ ਨਾਲ ਲੰਪੀ ਸਕਿਨ ਬੀਮਾਰੀ ਵਿਰੁੱਧ ਮੈਗਾ ਟੀਕਾਕਰਨ ਮੁਹਿੰਮ ਜੰਗੀ ਪੱਧਰ 'ਤੇ ਸ਼ੁਰੂ ਕੀਤੀ ਗਈ ਸੀ, ਜਿਸ ਨੂੰ 30 ਅਪ੍ਰੈਲ, 2023 ਦੀ ਨਿਸ਼ਚਿਤ ਸਮਾਂ ਸੀਮਾ ਤੋਂ ਪਹਿਲਾਂ ਮੁਕੰਮਲ ਕਰਨ ਲਈ ਪੂਰੀ ਵਾਹ ਲਾਈ ਜਾ ਰਹੀ ਹੈ। ਪਸ਼ੂ ਪਾਲਣ ਮੰਤਰੀ ਨੇ ਦੱਸਿਆ ਕਿ ਹੁਣ ਤੱਕ 22,58,300 ਤੋਂ ਵੱਧ ਗਾਵਾਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ, ਜੋ 90 ਫ਼ੀਸਦੀ ਬਣਦਾ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਇਸ ਮੈਗਾ ਟੀਕਾਕਰਨ ਮੁਹਿੰਮ ਤਹਿਤ ਸੂਬੇ ਦੀਆਂ ਸਾਰੀਆਂ 25 ਲੱਖ ਗਾਵਾਂ ਦਾ ਟੀਕਾਕਰਨ ਕਰਨ ਦਾ ਟੀਚਾ ਮਿੱਥਿਆ ਸੀ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਦੇ ਅਣਥੱਕ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਭਾਗ ਵਿੱਚ ਆਏ ਨਵੇਂ ਵੈਟਰਨਰੀ ਅਫ਼ਸਰਾਂ ਅਤੇ ਵੈਟਰਨਰੀ ਇੰਸਪੈਕਟਰਾਂ ਸਦਕਾ ਵਿਭਾਗ 30 ਅਪ੍ਰੈਲ ਦੀ ਨਿਰਧਾਰਤ ਸਮੇਂ ਤੋਂ ਪਹਿਲਾਂ ਟੀਕਾਕਰਨ ਮੁਹਿੰਮ ਨੂੰ ਪੂਰਾ ਕਰਨ ਦੇ ਯੋਗ ਬਣਨ ਜਾ ਰਿਹਾ ਹੈ। ਇਸੇ ਦੌਰਾਨ ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਨੇ ਦੱਸਿਆ ਵਿਭਾਗ ਵੱਲੋਂ ਰੋਜ਼ਾਨਾ 40,000 ਟੀਕੇ ਲਾਉਣ ਦਾ ਟੀਚਾ ਮਿੱਥਿਆ ਗਿਆ ਸੀ ਅਤੇ ਹੁਣ ਤੱਕ 9 ਜ਼ਿਲ੍ਹਿਆਂ ਬਰਨਾਲਾ, ਫ਼ਰੀਦਕੋਟ, ਫ਼ਤਹਿਗੜ੍ਹ ਸਾਹਿਬ, ਮੋਗਾ, ਸ੍ਰੀ ਮੁਕਤਸਰ ਸਾਹਿਬ, ਸ਼ਹੀਦ ਭਗਤ ਸਿੰਘ ਨਗਰ, ਪਟਿਆਲਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਸੰਗਰੂਰ ਵਿੱਚ 100 ਫ਼ੀਸਦੀ ਟੀਕਾਕਰਨ ਹੋ ਚੁੱਕਾ ਹੈ ਅਤੇ ਚਾਰ ਜ਼ਿਲ੍ਹਿਆਂ ਨੇ 90 ਫ਼ੀਸਦੀ ਟੀਕਾਕਰਨ ਦਾ ਟੀਚਾ ਪਾਰ ਕਰ ਲਿਆ ਹੈ ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਕਰੀਬ 80 ਫ਼ੀਸਦੀ ਟੀਕਾਕਰਨ ਮੁਕੰਮਲ ਕਰ ਲਿਆ ਗਿਆ ਹੈ। ਸ੍ਰੀ ਵਿਕਾਸ ਪ੍ਰਤਾਪ ਨੇ ਟੀਕਾਕਰਨ ਮੁਹਿੰਮ 'ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਬਾਕੀ ਸਾਰੇ ਜ਼ਿਲ੍ਹੇ ਅਪ੍ਰੈਲ ਮਹੀਨੇ ਦੌਰਾਨ ਟੀਕਾਕਰਨ ਦਾ 100 ਫ਼ੀਸਦੀ ਕੰਮ ਪੂਰਾ ਕਰ ਲੈਣਗੇ।