ਚੰਡੀਗੜ੍ਹ, 4 ਅਕਤੂਬਰ 2024 : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੂਬਾਈ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਪੰਚਾਇਤ ਚੋਣਾਂ ਦੌਰਾਨ ਜਿਹਨਾਂ ਥਾਵਾਂ ’ਤੇ ਅੱਜ ਹਿੰਸਾ ਹੋਈ ਅਤੇ ਜਿੱਥੇ ਕਿਤੇ ਵਿਰੋਧੀ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰਨ ਦਿੱਤਾ ਗਿਆ, ਉਹਨਾਂ ਸਾਰੀਆਂ ਥਾਵਾਂ ’ਤੇ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਸਮਾਂ ਵਧਾਇਆ ਜਾਵੇ। ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਅਕਾਲੀ ਦਲ ਦੇ ਵਫਦ, ਜਿਸ ਵਿਚ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਵੀ ਸ਼ਾਮਲ ਸਨ, ਨੇ ਸੂਬਾਈ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨਾਲ ਮੁਲਾਕਾਤ ਕੀਤੀ। ਵਫਦ ਨੇ ਜ਼ੋਰ ਦੇ ਕੇ ਕਿਹਾ ਕਿ ਸਿਵਲ ਤੇ ਪੁਲਿਸ ਅਧਿਕਾਰੀ ਨਾ ਸਿਰਫ ਆਪਣਾ ਫਰਜ਼ ਨਿਭਾਉਣ ਵਿਚ ਨਾਕਾਮ ਰਹੇ ਹਨ। ਉਹਨਾਂ ਕਿਹਾ ਕਿ ਅਸੀਂ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਉਹ ਰਿਟਰਨਿੰਗ ਅਫਸਰਾਂ ਨੂੰ ਹਦਾਇਤ ਦੇਣ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਅੰਤਿਮ ਸਮਾਂ ਵਧਾ ਕੇ ਸਾਰੇ ਉਮੀਦਵਾਰਾਂ ਨੂੰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਗਿਆ ਦਿੱਤੀ ਜਾਵੇ। ਉਹਨਾਂ ਕਿਹਾ ਕਿ ਅਸੀਂ ਚੋਣ ਕਮਿਸ਼ਨ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਉਹ ਪੁਲਿਸ ਵਿਭਾਗ ਨੂੰ ਹਦਾਇਤ ਕਰੇ ਕਿ ਸਾਰੇ ਉਮੀਦਵਾਰਾਂ ਨੂੰ ਉਹਨਾਂ ਦੇ ਆਪੋ ਆਪਣੇ ਖੇਤਰਾਂ ਵਿਚ ਬੀ ਡੀ ਪੀ ਓ ਦਫਤਰਾਂ ਤੱਕ ਪਹੁੰਚ ਕਰਨ ਦੀ ਆਗਿਆ ਦਿੱਤੀ ਜਾਵੇ।