-ਸੁਨਾਮ ਸ਼ਹਿਰ ਵਿੱਚ 1 ਕਰੋੜ ਵਾਲੇ ਸਟਰੀਟ ਵੈਂਡਿੰਗ ਜ਼ੋਨ ਅਤੇ 61 ਲੱਖ ਵਾਲੇ ਨੇਚਰ ਪਾਰਕ ਦਾ ਨੀਂਹ ਪੱਥਰ ਰੱਖਿਆ
-68 ਕਰੋੜ ਰੁਪਏ ਨਾਲ 47 ਪਿੰਡਾਂ ਦੀ ਕਰੀਬ 63000 ਏਕੜ ਜ਼ਮੀਨ ਨੂੰ ਮਿਲੇਗਾ ਨਹਿਰੀ ਪਾਣੀ - ਅਮਨ ਅਰੋੜਾ
-36 ਲੱਖ ਦੀ ਲਾਗਤ ਵਾਲੇ ਨਵੇਂ ਟਿਊਬਵੈੱਲ ਕੀਤੇ ਲੋਕਾਂ ਨੂੰ ਸਮਰਪਿਤ
-ਸਵੱਛ ਭਾਰਤ ਮਿਸ਼ਨ ਤਹਿਤ ਨਗਰ ਪੰਚਾਇਤ ਲੌਂਗੋਵਾਲ ਨੂੰ ਮਸ਼ੀਨਰੀ ਖਰੀਦਣ ਲਈ 15.66 ਲੱਖ ਰੁਪਏ ਦਾ ਪ੍ਰਵਾਨਗੀ ਪੱਤਰ ਸੌਂਪਿਆ
-ਪਿੰਡ ਸਾਹੋਕੇ ਵਿਖੇ 9.65 ਲੱਖ ਨਾਲ ਨਵੀਂ ਬਣਨ ਵਾਲੀ ਲਾਇਬ੍ਰੇਰੀ ਦਾ ਨੀਂਹ ਪੱਥਰ ਰੱਖਿਆ
ਸੁਨਾਮ ਊਧਮ ਸਿੰਘ ਵਾਲਾ, 2 ਜਨਵਰੀ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਨਵੇਂ ਵਰ੍ਹੇ ਮੌਕੇ ਸੁਨਾਮ ਵਾਸੀਆਂ ਦੀ ਸੇਵਾ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ 70 ਕਰੋੜ ਰੁਪਏ ਤੋਂ ਵੱਧ ਰਾਸ਼ੀ ਨਾਲ ਮੁਕੰਮਲ ਹੋਣ ਵਾਲੇ ਵੱਖ ਵੱਖ ਮਹੱਤਵਪੂਰਨ ਵਿਕਾਸ ਕਾਰਜਾਂ ਦੀ ਸ਼ਾਨਦਾਰ ਸ਼ੁਰੂਆਤ ਕਰਦਿਆਂ ਵਿਧਾਨ ਸਭਾ ਹਲਕਾ ਸੁਨਾਮ ਦੇ ਵਾਸੀਆਂ ਨੂੰ ਪੰਜਾਬ ਸਰਕਾਰ ਦੀ ਤਰਫੋਂ ਸ਼ਾਨਦਾਰ ਤੋਹਫਾ ਦਿੱਤਾ। ਸ਼ਹਿਰ ਦੀ ਪੁਰਾਣੀ ਸਬਜ਼ੀ ਮੰਡੀ ਵਿਖੇ ਲਗਭਗ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸਟ੍ਰੀਟ ਵੈਂਡਿੰਗ ਜ਼ੋਨ ਦਾ ਨੀਂਹ ਪੱਥਰ ਰੱਖਦਿਆਂ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸ਼ਹਿਰ ਵਿੱਚ ਸਬਜ਼ੀ ਅਤੇ ਫਲ ਵਿਕਰੇਤਾਵਾਂ ਲਈ ਇਹ ਮਾਰਕੀਟ ਆਉਣ ਵਾਲੇ ਸਮੇਂ ਵਿੱਚ ਵਰਦਾਨ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਸ਼ਹਿਰ ਵਿੱਚ ਆਵਾਜਾਈ ਵਿਵਸਥਾ ਵੀ ਸੁਚਾਰੂ ਹੋਵੇਗੀ ਅਤੇ ਲੋਕਾਂ ਲਈ ਵੀ ਇੱਕੋ ਪਲੇਟਫਾਰਮ ਤੋਂ ਲੋੜ ਅਨੁਸਾਰ ਖਰੀਦਦਾਰੀ ਕਰਨਾ ਸੌਖਾ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਪ੍ਰੋਜੈਕਟ ਤਿੰਨ ਮਹੀਨਿਆਂ ਅੰਦਰ ਮੁਕੰਮਲ ਕਰਨ ਦੀ ਹਦਾਇਤ ਕੀਤੀ ਗਈ ਹੈ ਤਾਂ ਜੋ ਰੇਹੜੀਆਂ ਵਾਲਿਆਂ ਨੂੰ ਰਾਹਤ ਮਿਲ ਸਕੇ। ਇਸ ਉਪਰੰਤ ਕੈਬਨਿਟ ਮੰਤਰੀ ਵੱਲੋਂ ਰੋਜ਼ ਗਾਰਡਨ ਵਿਖੇ ਲਗਭਗ 61 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਕੁਦਰਤੀ ਪਾਰਕ ਦਾ ਨੀਂਹ ਪੱਥਰ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਸ਼ੁੱਧ ਬਣਾਉਣ ਲਈ ਵਿਅਕਤੀਗਤ ਅਤੇ ਸਮੂਹਿਕ ਪੱਧਰ ਉੱਤੇ ਸਾਰਥਕ ਯਤਨਾਂ ਦੀ ਲੋੜ ਹੈ ਅਤੇ ਸ਼ਹਿਰ ਵਿੱਚ ਨੇਚਰ ਪਾਰਕ ਬਣਨ ਨਾਲ ਹਰ ਉਮਰ ਵਰਗ ਦੇ ਨਾਗਰਿਕ ਕੁਦਰਤ ਨਾਲ ਨੇੜਿਓਂ ਸਾਂਝ ਪਾਉਣ ਦੇ ਸਮਰੱਥ ਬਣਨਗੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਵੱਲੋਂ ਸੁਨਾਮ ਵਾਸੀਆਂ ਨੂੰ ਤੋਹਫੇ ਵਜੋਂ 68 ਕਰੋੜ ਰੁਪਏ ਦਾ ਫੰਡ ਦਿੱਤਾ ਹੈ ਜਿਸ ਨਾਲ 400 ਕਿਲੋਮੀਟਰ ਲੰਬੀ ਅੰਡਰ ਗਰਾਊਂਡ ਪਾਈਪ ਲਾਈਨ ਵਿਛਾ ਕੇ 47 ਪਿੰਡਾਂ ਦੀ ਲਗਭਗ 63000 ਏਕੜ ਜ਼ਮੀਨ ਨੂੰ ਨਹਿਰੀ ਪਾਣੀ ਲੱਗ ਸਕੇਗਾ । ਉਨ੍ਹਾਂ ਦੱਸਿਆ ਕਿ ਇਸ ਵਿੱਚੋਂ ਮਹਿਜ਼ 10 ਫੀਸਦੀ ਰਾਸ਼ੀ ਕਿਸਾਨਾਂ ਵੱਲੋਂ ਪਾਈ ਜਾਵੇਗੀ ਜਦਕਿ 90 ਫ਼ੀਸਦੀ ਹਿੱਸਾ ਸਰਕਾਰ ਵੱਲੋਂ ਪਾਇਆ ਜਾਵੇਗਾ। ਇਸੇ ਦੌਰਾਨ ਸ੍ਰੀ ਅਰੋੜਾ ਨੇ ਸ਼ਹੀਦ ਊਧਮ ਸਿੰਘ ਸਟੇਡੀਅਮ ਵਿੱਚ ਕਰੀਬ 36 ਲੱਖ ਦੀ ਲਾਗਤ ਵਾਲੇ ਨਵੇਂ ਟਿਊਬਵੈਲ ਦਾ ਉਦਘਾਟਨ ਕਰਦਿਆਂ ਲੋਕਾਂ ਨੂੰ ਨਵੇਂ ਸਾਲ ਮੌਕੇ ਪੀਣ ਵਾਲੇ ਸਾਫ ਪਾਣੀ ਦੀ ਸੌਗਾਤ ਦਿੱਤੀ। ਉਨ੍ਹਾਂ ਕਿਹਾ ਕਿ ਇਹ ਪੰਜਾਬ ਵਾਸੀਆਂ ਦਾ ਦੁਖਾਂਤ ਰਿਹਾ ਹੈ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਤੋਂ ਵੀ ਵਾਂਝਾ ਰੱਖਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਰਵੋਤਮ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਲੋਕਾਂ ਨਾਲ ਕੀਤੇ ਗਏ ਹਰ ਵਾਅਦੇ ਨੂੰ ਤਰਜੀਹੀ ਆਧਾਰ ਤੇ ਪੂਰਾ ਕੀਤਾ ਜਾਵੇਗਾ। ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਲੌਂਗੋਵਾਲ ਵਿਖੇ ਸਵੱਛ ਭਾਰਤ ਮਿਸ਼ਨ ਤਹਿਤ ਨਗਰ ਪੰਚਾਇਤ ਦੇ ਅਧਿਕਾਰੀਆਂ ਨੂੰ ਅਤਿ ਆਧੁਨਿਕ ਮਸ਼ੀਨਰੀ ਖਰੀਦਣ ਲਈ ਸਰਕਾਰ ਵੱਲੋਂ ਜਾਰੀ 15.66 ਲੱਖ ਰੁਪਏ ਦੀ ਰਾਸ਼ੀ ਦਾ ਪ੍ਰਵਾਨਗੀ ਪੱਤਰ ਸੌਂਪਿਆ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਸਾਫ਼ ਸਫ਼ਾਈ ਵਿਵਸਥਾ ਨੂੰ ਵਧੇਰੇ ਸੁਚਾਰੂ ਬਣਾਇਆ ਜਾ ਸਕੇ। ਸ੍ਰੀ ਅਰੋੜਾ ਵੱਲੋਂ ਪਿੰਡ ਸਾਹੋਕੇ ਵਿਖੇ 9.65 ਲੱਖ ਰੁਪਏ ਨਾਲ ਬਣਨ ਵਾਲੀ ਨਵੀਂ ਬਣਨ ਵਾਲੀ ਲਾਇਬ੍ਰੇਰੀ ਦਾ ਨੀਂਹ ਪੱਥਰ ਵੀ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਨਾਗਰਿਕ ਨੂੰ ਪੁਸਤਕ ਸੱਭਿਆਚਾਰ ਨਾਲ ਜੋੜਨ ਲਈ ਸਰਗਰਮ ਹੈ ਅਤੇ ਛੇਤੀ ਹੀ ਇਸਦੇ ਸਾਰਥਕ ਨਤੀਜੇ ਸਾਹਮਣੇ ਆਉਣਗੇ। ਇਸ ਮੌਕੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਐਸਡੀਐਮ ਜਸਪ੍ਰੀਤ ਸਿੰਘ, ਪ੍ਰਧਾਨ ਨਗਰ ਕੌਂਸਲ ਨਿਸ਼ਾਨ ਸਿੰਘ ਟੋਨੀ, ਸੰਜੀਵ ਕਾਂਸਲ ਸੰਜੂ, ਜ਼ਿਲ੍ਹਾ ਵਣ ਮੰਡਲ ਅਫ਼ਸਰ ਮੋਨਿਕਾ ਦੇਵੀ ਯਾਦਵ, ਕੌਂਸਲਰ ਚਮਕੌਰ ਹਾਂਡਾ, ਆਸ਼ਾ ਬਜਾਜ, ਹਰਪਾਲ ਹਾਂਡਾ, ਗੁਰਤੇਜ ਸਿੰਘ ਨਿੱਕਾ, ਜਤਿੰਦਰ ਜੈਨ, ਮੁਕੇਸ਼ ਜੁਨੇਜਾ, ਰਵੀ ਕਮਲ ਗੋਇਲ, ਮਨੀ ਸਰਾਓ, ਸੰਨੀ ਖਾਟਕ, ਮਨਪ੍ਰੀਤ ਬਾਂਸਲ, ਸੁੱਖ ਸਾਹੋਕੇ ਬਲਾਕ ਪ੍ਰਧਾਨ, ਸਰਪੰਚ ਸੁਲੱਖਣ ਸਿੰਘ, ਪ੍ਰਿੰਸੀਪਲ ਬਲਜੀਤ ਸਿੰਘ, ਸਾਧਾ ਸਿੰਘ ਵਿਰਕ, ਹਰਦੇਵ ਸਿੰਘ ਸਾਹੋਕੇ, ਕਾਕਾ ਬਾਠ, ਜਗਪਾਲ ਸਿੰਘ, ਲਾਭ ਸਿੰਘ ਨੀਲੋਵਾਲ, ਕਾਲਾ ਬਡਰੁੱਖਾਂ, ਦਵਿੰਦਰ ਬੁਗਰਾ, ਦਵਿੰਦਰ ਢੱਡਰੀਆਂ, ਜੱਸੀ ਬਡਰੁੱਖਾਂ ਵੀ ਹਾਜ਼ਰ ਸਨ।