ਚੰਡੀਗੜ੍ਹ, 20 ਮਾਰਚ : ‘ਵਾਰਿਸ ਪੰਜਾਬ ਦੇ’ ਦਾ ਮੁਖੀ ਅੰਮ੍ਰਿਤਪਾਲ ਸਿੰਘ ਅਜੇ ਤੱਕ ਫਰਾਰ ਹੈ, ਜਿਸ ਨੂੰ ਫੜਨ ਲਈ ਪੁਲਿਸ ਪੂਰੀ ਕੋਸ਼ਿਸ਼ ਕਰ ਰਹੀ ਹੈ। ਇਹ ਗੱਲ ਆਈਜੀ ਸੁਖਚੈਨ ਗਿੱਲ ਨੇ ਆਪਣੀ ਪ੍ਰੈਸ ਕਾਨਫਰੰਸ ਵਿੱਚ ਕਹੀ। ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਹੁਣ ਤੱਕ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਦੇ 114 ਸਮਰਥਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੇ ਨਾਲ ਹੀ 10 ਹਥਿਆਰ ਅਤੇ 4 ਵਾਹਨ ਵੀ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਨੂੰ ਜ਼ਬਤ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਪਾਲ ਦੇ 5 ਸਾਥੀਆਂ 'ਤੇ ਨੈਸ਼ਨਲ ਸਕਿਓਰਿਟੀ ਐਕਟ (ਐੱਨ.ਐੱਸ.ਏ.) ਲਾਇਆ ਗਿਆ ਹੈ। ਆਈ. ਜੀ. ਨੇ ਵੱਡਾ ਖ਼ੁਲਾਸਾ ਕਰਦਿਆਂ ਕਿਹਾ ਕਿ ਤੱਥਾਂ ਦੇ ਆਧਾਰ 'ਤੇ ਅੰਮ੍ਰਿਤਪਾਲ 'ਤੇ ਵੀ ਐੱਨ.ਐੱਸ.ਏ. ਲਾਇਆ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਅਤੇ ਫਰਜ਼ੀ ਖ਼ਬਰਾਂ 'ਤੇ ਧਿਆਨ ਨਾ ਦੇਣ। ਉਨ੍ਹਾਂ ਨੇ ਮੀਡੀਆ ਨੂੰ ਵੀ ਖ਼ਬਰ ਦੇਣ ਤੋਂ ਪਹਿਲਾਂ ਪੂਰੀ ਤਰ੍ਹਾਂ ਜਾਂਚ ਕਰਨ ਲਈ ਕਿਹਾ ਹੈ, ਜਿਸ ਨਾਲ ਪੰਜਾਬ ਦਾ ਮਾਹੌਲ ਖ਼ਰਾਬ ਨਾ ਹੋਵੇ।