ਚੰਡੀਗੜ੍ਹ, 25 ਅਕਤੂਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲੇ ਯਾਦਗਾਰੀ ਚਿਨ੍ਹਾਂ ਅਤੇ ਤੋਹਫ਼ਿਆਂ ਦੀ ਈ-ਨਿਲਾਮੀ 2 ਅਕਤੂਬਰ ਨੂੰ ਸ਼ੁਰੂ ਹੋਈ ਸੀ ਅਤੇ 31 ਅਕਤੂਬਰ ਤੱਕ ਜਾਰੀ ਰਹੇਗੀ। ਹਾਲਾਂਕਿ ਇਹ ਨਿਲਾਮੀ ਡਿਜੀਟਲ ਮਾਧਿਅਮ ਰਾਹੀਂ ਕੀਤੀ ਜਾ ਰਹੀ ਹੈ ਪਰ ਨੈਸ਼ਨਲ ਗੈਲਰੀ ਆਫ਼ ਮਾਡਰਨ ਆਰਟ, ਦਿੱਲੀ ਵਿੱਚ ਕੁਝ ਤੋਹਫ਼ਿਆਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ ਹੈ। ਇਸ ਵਾਰ 912 ਵਸਤੂਆਂ ਈ-ਨਿਲਾਮੀ ਲਈ ਰੱਖੀਆਂ ਗਈਆਂ ਹਨ। ਇਸ ਨਿਲਾਮੀ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭੇਂਟ ਕੀਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਾਵਨ ਮਾਡਲ ਨੂੰ ਸਰਕਾਰ ਬੋਲੀ ਵਿੱਚ ਵੇਚਣ ਜਾ ਰਹੀ ਹੈ। ਜਿਸ ਦਾ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਸ ਬਾਰੇ ਸੁਖਬੀਰ ਬਾਦਲ ਨੇ ਟਵੀਟ ਕਰਦਿਆਂ ਲਿਖਿਆ ਕਿ, "ਮੈਨੂੰ ਇਹ ਜਾਣ ਕੇ ਗਹਿਰਾ ਦੁੱਖ ਲੱਗਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਾਨਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਨੂੰ ਭੇਂਟ ਕੀਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਾਵਨ ਮਾਡਲ ਨੂੰ ਸਰਕਾਰ ਬੋਲੀ ਵਿੱਚ ਵੇਚਣ ਜਾ ਰਹੀ ਹੈ। ਇਹ ਮਾਡਲ ਅਕਾਲ ਪੁਰਖ ਅਤੇ ਗੁਰੂ ਸਾਹਿਬਾਨ ਦੀ ਬਖ਼ਸ਼ਿਸ਼ ਅਤੇ ਅਸ਼ੀਰਵਾਦ ਦੇ ਪਵਿੱਤਰ ਚਿੰਨ੍ਹ ਵਜੋਂ ਭੇਂਟ ਕੀਤਾ ਗਿਆ ਸੀ ਅਤੇ ਇਸ ਨੂੰ ਨੀਲਾਮ ਕਰਨਾ ਇਸ ਦਾ ਘੋਰ ਨਿਰਾਦਰ ਹੋਏਗਾ ਤੇ ਇਸ ਨਾਲ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੇਗੀ। ਮੇਰੀ ਪ੍ਰਧਾਨ ਮੰਤਰੀ ਸਾਹਿਬ ਨੂੰ ਸਨਿਮਰ ਬੇਨਤੀ ਕਿ ਇਸ ਨੀਲਾਮੀ ਨੂੰ ਤੁਰੰਤ ਰੋਕਿਆ ਜਾਵੇ। ਜੇਕਰ ਸਰਕਾਰ ਆਪਣੇ ਆਪ ਨੂੰ ਇਸ ਪਾਵਨ ਅਤੇ ਅਣਮੁੱਲੀ ਬਖ਼ਸ਼ਿਸ਼ ਨੂੰ ਸੰਭਾਲਣ ਤੋਂ ਅਸਮਰੱਥ ਮਹਿਸੂਸ ਕਰਦੀ ਹੈ ਤਾਂ ਮੇਰੀ ਬੇਨਤੀ ਹੈ ਕਿ ਇਸ ਪਵਿੱਤਰ ਚਿੰਨ੍ਹ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵਾਪਿਸ ਸੌਂਪਣ ਦੀ ਕਿਰਪਾਲਤਾ ਕੀਤੀ ਜਾਵੇ।"