ਬੱਦੋਵਾਲ ਸਕੂਲ ਦੀ ਬਿਲਡਿੰਗ ਡਿੱਗਣ ਕਾਰਨ ਇੱਕ ਅਧਿਆਪਕ ਦੀ ਮੌਤ, ਤਿੰਨ ਜਖ਼ਮੀ

ਲੁਧਿਆਣਾ, 23 ਅਗਸਤ : ਜ਼ਿਲ੍ਹਾ ਲੁਧਿਆਣਾ ਦੇ ਪਿੰਡ ਬੱਦੋਵਾਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਿਲਡਿੰਗ ਦੀ ਉਸਾਰੀ ਦੌਰਾਨ ਲੈਂਟਰ ਡਿੱਗਣ ਕਰਕੇ ਚਾਰ ਅਧਿਆਪਕਾਵਾਂ ਮਲਬੇ ਹੇਠ ਦੱਬੇ ਗਈਆਂ ਜਿੰਨਾਂ ਵਿੱਚੋਂ ਇੱਕ ਅਧਿਆਪਕਾ ਦੀ ਮੌਤ ਹੋ ਗਈ ਹੈ। ਮ੍ਰਿਤਕ ਅਧਿਆਪਿਕਾ ਦੀ ਪਛਾਣ ਰਵਿੰਦਰਪਾਲ ਕੌਰ ਵਜੋਂ ਹੋਈ ਹੈ ਅਤੇ ਤਿੰਨ ਹੋਰ ਅਧਿਆਪਕਾਂ ਨਰਿੰਦਰਜੀਤ ਕੌਰ (ਡੀ.ਐਮ.ਸੀ. ਹਸਪਤਾਲ ਲੁਧਿਆਣਾ 'ਚ), ਸੁਖਜੀਤ ਕੌਰ ਅਤੇ ਇੰਦੂ ਰਾਣੀ (ਦੋਵੇਂ ਲੁਧਿਆਣਾ ਦੇ ਮੈਡੀਵੇਜ਼ ਹਸਪਤਾਲ਼ ਵਿਖੇ) ਜ਼ੇਰੇ ਇਲਾਜ਼ ਹਨ। ਇਨ੍ਹਾਂ ਤਿੰਨਾਂ ਅਧਿਆਪਕਾਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। 

ਸਿੱਖਿਆ ਮੰਤਰੀ ਨੇ ਪ੍ਰਗਟਾਇਆ ਡੂੰਘਾ ਦੁੱਖ
ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰਦੇ ਹੋਏ ਲਿਖਿਆ ਕਿ, ਮੈਂ ਸਿੱਖਿਆ ਵਿਭਾਗ ਦੇ ਸਾਰੇ ਅਫਸਰਾਂ ਅਤੇ ਜ਼ਿਲਾ ਪ੍ਰਸਾਸ਼ਨ ਲੁਧਿਆਣਾ ਨੂੰ ਤੁਰੰਤ ਹਰ ਸੰਭਵ ਸਹਾਇਤਾ ਪਹੁੰਚਾਉਣ ਬਾਰੇ ਕਹਿ ਦਿੱਤਾ ਹੈ। ਮੈਂ ਵਾਹਿਗੁਰੂ ਜੀ ਦੇ ਚਰਨਾਂ ਵਿੱਚ ਵਿੱਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਸਾਰੇ ਪਰਿਵਾਰ ਨੂੰ ਇਹ ਅਤੀ ਦੁਖਦਾਈ ਭਾਣਾ ਮੰਨਣ ਦੀ ਤਾਕਤ ਬਖਸ਼ਣ ਦੀ ਅਰਦਾਸ ਕਰਦਾ ਹਾਂ। ਮੈਂ ਵਾਹਿਗੁਰੂ ਜੀ ਦੇ ਚਰਨਾਂ ਵਿੱਚ ਵਿੱਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਸਾਰੇ ਪਰਿਵਾਰ ਨੂੰ ਇਹ ਅਤੀ ਦੁਖਦਾਈ ਭਾਣਾ ਮੰਨਣ ਦੀ ਤਾਕਤ ਬਖਸ਼ਣ ਦੀ ਅਰਦਾਸ ਕਰਦਾ ਹਾਂ।

 

ਮੁੱਖ ਮੰਤਰੀ ਦੇ ਨਿਰਦੇਸ਼ਾਂ 'ਤੇ ਠੇਕੇਦਾਰ ਖਿਲਾਫ ਦਰਜ ਕੀਤੀ ਜਾ ਰਹੀ ਹੈ ਐਫ.ਆਈ.ਆਰ.

ਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਦੋਵਾਲ ਵਿਖੇ ਛੱਤ ਡਿੱਗਣ ਦੀ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਕੂਲ ਦੀ ਮੁਰੰਮਤ ਦਾ ਕੰਮ ਕਰ ਰਹੇ ਠੇਕੇਦਾਰ ਖ਼ਿਲਾਫ਼ ਐਫ.ਆਈ.ਆਰ. ਦਰਜ ਕਰਨ ਅਤੇ ਮਾਮਲੇ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਹਨ। ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਦੱਸਿਆ ਕਿ ਲੁਧਿਆਣਾ ਦਿਹਾਤੀ ਪੁਲੀਸ ਵੱਲੋਂ ਠੇਕੇਦਾਰ ਖ਼ਿਲਾਫ਼ ਐਫ.ਆਈ.ਆਰ. ਦਰਜ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਹਾਦਸੇ ਦਾ ਗੰਭੀਰ ਨੋਟਿਸ ਲੈਂਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਹਨ। ਡਿਪਟੀ ਕਮਿਸ਼ਨਰ ਮਲਿਕ ਨੇ ਇਹ ਵੀ ਕਿਹਾ ਕਿ ਸਕੂਲ ਦੀ ਇਮਾਰਤ ਦੇ ਸੁਰੱਖਿਆ ਮੁਲਾਂਕਣ ਦੇ ਆਦੇਸ਼ ਦਿੱਤੇ ਗਏ ਅਤੇ ਇਮਾਰਤ ਨੂੰ ਵੀ ਸੀਲ ਕਰ ਦਿੱਤਾ ਗਿਆ ਹੈ। ਉਨ੍ਹਾਂ ਸਕੂਲ ਦੇ ਨੇੜੇ ਰਹਿਣ ਵਾਲੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਮੀਖਿਆ ਪੂਰੀ ਹੋਣ ਤੱਕ ਸਕੂਲ ਦੀ ਇਮਾਰਤ ਦੇ ਨੇੜੇ ਨਾ ਜਾਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪ੍ਰਸ਼ਾਸਨ ਦੀਆਂ ਵੱਖ-ਵੱਖ ਟੀਮਾਂ ਨੂੰ ਮੌਕੇ 'ਤੇ ਭੇਜਿਆ ਗਿਆ ਅਤੇ ਮਲਬੇ ਹੇਠ ਫਸੇ ਚਾਰ ਅਧਿਆਪਕਾਂ ਨੂੰ ਬਚਾਉਣ ਲਈ ਇੰਡੋ ਤਿੱਬਤ ਪੁਲਿਸ ਫੋਰਸ (ਆਈ.ਟੀ.ਬੀ.ਪੀ.) ਅਤੇ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐਨ.ਡੀ.ਆਰ.ਐਫ.) ਦੇ ਜਵਾਨਾਂ ਨੂੰ ਬੁਲਾਇਆ ਗਿਆ। ਉਨ੍ਹਾਂ ਦੱਸਿਆ ਕਿ ਅਧਿਆਪਕਾਂ ਨੂੰ ਟੀਮਾਂ ਨੇ ਬਾਹਰ ਕੱਢਿਆ ਅਤੇ ਤੁਰੰਤ ਹਸਪਤਾਲ ਲਿਜਾਇਆ ਗਿਆ। ਡਿਪਟੀ ਕਮਿਸ਼ਨਰ ਮਲਿਕ ਨੇ ਇਹ ਵੀ ਕਿਹਾ ਕਿ ਅਧਿਆਪਕਾਂ ਦੇ ਇਲਾਜ ਦਾ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਚੁੱਕਿਆ ਜਾਵੇਗਾ।

 

01