ਚੰਡੀਗੜ੍ਹ, 24 ਸਤੰਬਰ 2024 : ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵੱਲੋਂ ਬਿਜਲੀ ਵਿਭਾਗ ਦੇ ਡਿਫਾਲਟਰ ਖਪਤਕਾਰਾਂ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਪਾਵਰਕੌਮ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ ਵਿਭਾਗੀ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਵੱਖ-ਵੱਖ ਟੀਮਾਂ ਨੇ ਵੱਡੀ ਕਾਰਵਾਈ ਕਰਦਿਆਂ ਸਿਰਫ 10 ਦਿਨਾਂ ‘ਚ 1782 ਡਿਫਾਲਟਰਾਂ ਦੇ ਬਿਜਲੀ ਦੇ ਕੁਨੈਕਸ਼ਨ ਕੱਟ ਕੇ 22.96 ਕਰੋੜ ਰੁਪਏ ਦੀ ਭਾਰੀ ਵਸੂਲੀ ਕੀਤੀ ਹੈ। ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ., ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਸੀ.ਐਮ.ਡੀ. ਅਤੇ ਡਾਇਰੈਕਟਰ ਡੀ.ਪੀ.ਸੀ. ਗਰੇਵਾਲ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ‘ਤੇ ਪਾਵਰਕੌਮ ਦੇ ਮੁੱਖ ਇੰਜਨੀਅਰ ਜਗਦੇਵ ਸਿੰਘ ਹੰਸ, ਪੂਰਬੀ ਸਰਕਲ ਦੇ ਉਪ ਮੁੱਖ ਇੰਜਨੀਅਰ ਸੁਰਜੀਤ ਸਿੰਘ, ਪੱਛਮੀ ਸਰਕਲ ਦੇ ਉਪ ਮੁੱਖ ਇੰਜਨੀਅਰ ਸੰਦੀਪ ਗਰਗ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗੀ ਮੁਲਾਜ਼ਮਾਂ ਦੀਆਂ ਟੀਮਾਂ ਨੇ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਤ ਲਗਭਗ ਸਾਰੇ ਖੇਤਰਾਂ ‘ਚ ਸਖ਼ਤੀ ਕੀਤੀ ਲੰਮੇ ਸਮੇਂ ਤੋਂ ਬਿਜਲੀ ਬਿੱਲਾਂ ਦਾ ਭੁਗਤਾਨ ਨਾ ਕਰਨ ਵਾਲੇ ਖਪਤਕਾਰਾਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ। ਡਿਫਾਲਟਰ ਖਪਤਕਾਰਾਂ ਤੋਂ ਬਿਜਲੀ ਦੇ ਬਕਾਇਆ ਬਿੱਲਾਂ ਦੀ ਵਸੂਲੀ ਲਈ ਪਾਵਰਕਾਮ ਦੇ ਅਧਿਕਾਰੀ ਅਤੇ ਕਰਮਚਾਰੀ ਤੜਕਸਾਰ ਹੀ ਡਿਫਾਲਟਰ ਖਪਤਕਾਰਾਂ ਦੇ ਦਰਵਾਜ਼ੇ ਖੜਕਾਉਣ ਦੇ ਕੰਮ ‘ਚ ਲੱਗੇ ਹੋਏ ਹਨ। ਇਸ ਦੇ ਨਾਲ ਹੀ ਟੀਮ ਵੱਲੋਂ ਜਾਗਰੂਕ ਕੀਤੇ ਜਾਣ ਦੇ ਬਾਵਜੂਦ ਬਿਜਲੀ ਦੇ ਬਕਾਇਆ ਬਿੱਲਾਂ ਦੀ ਅਦਾਇਗੀ ‘ਚ ਡਰਾਮਾ ਕਰਨ ਵਾਲੇ ਖਪਤਕਾਰਾਂ ਤੋਂ ਅਧਿਕਾਰੀਆਂ ਵੱਲੋਂ ਪੈਸੇ ਲਏ ਜਾ ਰਹੇ ਹਨ ਅਤੇ ਉਨ੍ਹਾਂ ਦੇ ਬਿਜਲੀ ਮੀਟਰਾਂ ਦੇ ਕੁਨੈਕਸ਼ਨ ਕੱਟੇ ਜਾ ਰਹੇ ਹਨ। ਜਿਕਰੀਯੋਗ ਹੈ ਕਿ ਪਿਛਲੇ ਦੋ ਮਹੀਨਿਆਂ ਤੋਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀਆਂ ਅਤੇ ਇਨਫੋਰਸਮੈਂਟ ਵਿਭਾਗ ਦੀਆਂ ਟੀਮਾਂ ਵੱਲੋਂ ਬਿਜਲੀ ਚੋਰੀ ਕਰਨ ਵਾਲੇ ਖਪਤਕਾਰਾਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਤਹਿਤ ਅਗਸਤ ਮਹੀਨੇ ਦੌਰਾਨ ਵਿਭਾਗੀ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਵੱਖ-ਵੱਖ ਟੀਮਾਂ ਨੇ ਜ਼ਿਲ੍ਹੇ ਅੰਦਰ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕਰਕੇ 15 ਦਿਨਾਂ ‘ਚ 10 ਹਜ਼ਾਰ ਤੋਂ ਵੱਧ ਥਾਵਾਂ ‘ਤੇ ਛਾਪੇਮਾਰੀ ਕਰਕੇ ਬਿਜਲੀ ਚੋਰੀ ਦੇ 816 ਮਾਮਲਿਆਂ ਦਾ ਪਰਦਾਫਾਸ਼ ਕਰਕੇ 2.31 ਕਰੋੜ ਰੁਪਏ ਦਾ ਜੁਰਮਾਨਾ ਵਸੂਲਿਆ।