ਚੰਡੀਗੜ੍ਹ, 21 ਮਾਰਚ : ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ਵਿਚ ਕੁਤਾਹੀ ਦੇ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਸੋਨਲ ਵਿਭਾਗ ਨੂੰ ਸਾਬਕਾ ਡੀਜੀਪੀ ਐਸ ਚਟੋਪਾਧਿਆਏ, ਫਿਰੋਜ਼ਪੁਰ ਰੇਂਜ ਦੇ ਤਤਕਾਲੀ ਡੀਆਈਜੀ ਇੰਦਰਬੀਰ ਸਿੰਘ ਅਤੇ ਫਿਰੋਜ਼ਪੁਰ ਦੇ ਤਤਕਾਲੀ ਐਸਐਸਪੀ ਹਰਮਨਦੀਪ ਸਿੰਘ ਹੰਸ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਵਲੋਂ ਇਹਨਾਂ ਅਧਿਕਾਰੀਆਂ ਨੂੰ ਜੁਰਮਾਨੇ ਅਤੇ ਵਿਭਾਗੀ ਕਾਰਵਾਈ ਕਰਨ ਦੇ ਹੁਕਮ ਦੇ ਜਾਰੀ ਕੀਤੇ ਗਏ। ਸਪਰੀਮ ਕੋਰਟ ਵਲੋਂ ਬਣਾਈ ਗਈ ਸੇਵਾਮੁਕਤ ਜੱਜ ਇੰਦੂ ਮਲਹੋਤਰਾ ਦੀ ਅਗਵਾਈ ਵਾਲੀ ਜਾਂਚ ਕਮੇਟੀ ਦੀ ਰਿਪੋਰਟ ਦੇ ਆਧਾਰ ’ਤੇ ਇਹ ਕਾਰਵਾਈ ਕੀਤੀ ਗਈ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਇਹਨਾਂ ਅਧਿਕਾਰੀਆਂ ਨੂੰ ਆਪਣੇ ਜਵਾਬ ਦਾਖਲ ਕਰਨ ਲਈ ਕਿਹਾ ਜਾਵੇਗਾ। ਇਸ ਦੇ ਨਾਲ ਹੀ ਸਰਕਾਰ ਨੇ ਸੋਮਵਾਰ ਨੂੰ ਤਤਕਾਲੀ ਏਡੀਜੀਪੀ ਲਾਅ ਐਂਡ ਆਰਡਰ ਨਰੇਸ਼ ਅਰੋੜਾ, ਤਤਕਾਲੀ ਏਡੀਜੀਪੀ ਸਾਈਬਰ ਕ੍ਰਾਈਮ ਜੀ ਨਾਗੇਸ਼ਵਰ ਰਾਓ, ਤਤਕਾਲੀ ਆਈਜੀਪੀ ਪਟਿਆਲਾ ਰੇਂਜ ਮੁਖਵਿੰਦਰ ਸਿੰਘ, ਤਤਕਾਲੀ ਆਈਜੀ ਕਾਊਂਟਰ ਇੰਟੈਲੀਜੈਂਸ ਰਾਕੇਸ਼ ਅਗਰਵਾਲ, ਤਤਕਾਲੀ ਡੀਆਈਜੀ ਫਰੀਦਕੋਟ ਸੁਰਜੀਤ ਸਿੰਘ ਅਤੇ ਮੋਗਾ ਦੇ ਤਤਕਾਲੀ ਐਸਐਸਪੀ ਚਰਨਜੀਤ ਸਿੰਘ ਨੂੰ ਨੋਟਿਸ ਜਾਰੀ ਕੀਤਾ ਸੀ। ਇਹਨਾਂ ਆਈਪੀਐਸ ਅਧਿਕਾਰੀਆਂ ਤੋਂ ਪੁੱਛਿਆ ਗਿਆ ਹੈ ਕਿ ਜਾਂਚ ਕਮੇਟੀ ਵੱਲੋਂ ਸਿਫ਼ਾਰਸ਼ ਕੀਤੇ ਅਨੁਸਾਰ ਉਹਨਾਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਕਿਉਂ ਨਾ ਕੀਤੀ ਜਾਵੇ। ਸੁਪਰੀਮ ਕੋਰਟ ਦੇ ਨਿਰਦੇਸ਼ਾਂ 'ਤੇ ਜਾਂਚ ਕਮੇਟੀ ਬਣਾਈ ਗਈ ਸੀ। ਇਸ ਸਬੰਧੀ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਦਾ ਕਹਿਣਾ ਹੈ ਕਿ ਅਧਿਕਾਰੀਆਂ ਨੂੰ ਆਪਣੇ ਵਿਚਾਰ ਪੇਸ਼ ਕਰਨ ਦਾ ਮੌਕਾ ਦਿੱਤਾ ਜਾਵੇਗਾ ਅਤੇ ਉਹਨਾਂ ਦੀ ਗੱਲ ਸੁਣ ਕੇ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ।