- ਪੰਜਾਬ ਕੋਲ ਆਰਥਿਕ ਵਿਕਾਸ ਦੀ ਅਥਾਹ ਸਮਰੱਥਾ, ਹੁਣ ਦੁਨੀਆ ਅੱਗੇ ਆਪਣੀ ਸਮਰੱਥਾ ਦਿਖਾਉਣ ਦਾ ਵੇਲਾ ਆ ਚੁੱਕਾ
- ਪੰਜਾਬ ਨਿਵੇਸ਼ ਸੰਮੇਲਨ ਵਿਚ ਸਥਾਨਕ ਉਦਯੋਗ ਨੂੰ ਮੇਜ਼ਬਾਨ ਬਣ ਕੇ ਵਿਚਰਨਾ ਚਾਹੀਦਾ
- ਉਦਯੋਗਪਤੀਆਂ ਨੂੰ ਸੂਬੇ ਦੇ ਨਿਵੇਸ਼ ਪੱਖੀ ਮਾਹੌਲ ਦਾ ਲਾਭ ਲੈਣ ਦੀ ਅਪੀਲ
ਲੁਧਿਆਣਾ, 06 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਨਅਤਕਾਰਾਂ ਨੂੰ 23 ਤੇ 24 ਫਰਵਰੀ ਨੂੰ ‘ਨਿਵੇਸ਼ ਪੰਜਾਬ ਸੰਮੇਲਨ’ ਵਿਚ ਦੁਨੀਆ ਭਰ ਤੋਂ ਸ਼ਿਰਕਤ ਕਰਨ ਆ ਰਹੇ ਉਦਯੋਗ ਸਾਹਮਣੇ ‘ਬ੍ਰਾਂਡ ਪੰਜਾਬ’ ਨੂੰ ਉਭਾਰਨ ਲਈ ਅੱਗੇ ਆਉਣ ਦਾ ਸੱਦਾ ਦਿੱਤਾ ਹੈ। ਅੱਜ ਇੱਥੇ ਇਕ ਸੈਸ਼ਨ ਦੌਰਾਨ ਸਨਅਤਕਾਰਾਂ ਨਾਲ ਵਿਚਾਰ-ਚਰਚਾ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਦੁਨੀਆ ਭਰ ਵਿਚ ਪੰਜਾਬੀਆਂ ਨੂੰ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਉੱਦਮੀ ਗੁਣਾਂ ਕਰਕੇ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਉੱਦਮੀਆਂ ਨੇ ਆਲਮੀ ਪੱਧਰ ਉਤੇ ਆਪਣੀ ਕਾਬਲੀਅਤ ਨੂੰ ਸਿੱਧ ਵੀ ਕੀਤਾ ਹੈ ਅਤੇ ਹੁਣ ਦੁਨੀਆ ਅੱਗੇ ਸੂਬੇ ਦੀ ਅਥਾਹ ਸਮਰੱਥਾ ਦਾ ਪ੍ਰਗਟਾਵਾ ਕਰਨ ਦਾ ਸਮਾਂ ਆ ਚੁੱਕਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਨੂੰ ਦੇਸ਼ ਦਾ ਸਨਅਤੀ ਧੁਰਾ ਬਣਾਉਣਾ ਸਮੇਂ ਦੀ ਲੋੜ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਇੱਥੇ ਉਦਯੋਪਤੀਆਂ ਨੂੰ ਸੰਮੇਲਨ ਲਈ ਸੱਦਾ ਦੇਣ ਨਹੀਂ ਆਏ ਸਗੋਂ ਸਨਅਤਕਾਰਾਂ ਨੂੰ ਸੂਬਾ ਸਰਕਾਰ ਦਾ ਸਹਿਯੋਗ ਕਰਦੇ ਹੋਏ ਸੰਮੇਲਨ ਵਿਚ ਪਹੁੰਚਣ ਵਾਲੇ ਸਨਅਤੀ ਦਿੱਗਜ਼ਾਂ ਦੀ ਮੇਜ਼ਬਾਨੀ ਕਰਨ ਲਈ ਵਧ-ਚੜ੍ਹ ਕੇ ਅੱਗੇ ਆਉਣਾ ਚਾਹੀਦਾ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਉਦਯੋਗਿਕ ਵਿਕਾਸ ਵਿਚ ਮੋਹਰੀ ਸੂਬਾ ਬਣ ਕੇ ਉਭਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਕੌਮੀ ਜੀ.ਡੀ.ਪੀ. ਵਿੱਚ ਸੂਬੇ ਦਾ ਤਿੰਨ ਫੀਸਦੀ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਪੰਜਾਬ ਭਾਗਾਂ ਵਾਲੀ ਧਰਤੀ ਹੈ ਜਿਸ ਦੀ ਉਪਜਾਊ ਜ਼ਮੀਨ ਅਤੇ ਨਿਵੇਕਲੇ ਸੁਭਾਅ ਵਾਲੇ ਲੋਕ ਹਨ ਜੋ ਦੇਸ਼ ਅਤੇ ਇਸ ਦੇ ਲੋਕਾਂ ਲਈ ਕੁਝ ਵੀ ਕਰ ਸਕਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸਟਾਰਟ ਅੱਪਜ਼ ਵਿੱਚ ਸੂਬਾ ਪਹਿਲੇ ਨੰਬਰ 'ਤੇ ਹੈ ਅਤੇ ਪੰਜਾਬ ਦੇ ਉੱਦਮੀਆਂ ਨੇ ਵਿਸ਼ਵ ਦੇ ਅਰਥਚਾਰੇ ਵਿੱਚ ਅਮਿੱਟ ਛਾਪ ਛੱਡੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਉਦਯੋਗ ਅਤੇ ਵਣਜ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਲਈ ਨਵੀਂ ਉਦਯੋਗਿਕ ਨੀਤੀ ਲਾਗੂ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਨੀਤੀ ਸਾਰੇ ਭਾਈਵਾਲਾਂ ਖਾਸ ਕਰਕੇ ਉਦਯੋਗਪਤੀਆਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਤਿਆਰ ਕੀਤੀ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਨੀਤੀ ਦੇ ਸਬੰਧ ਵਿੱਚ ਜੇਕਰ ਕੋਈ ਹੋਰ ਸੁਝਾਅ ਹੈ ਤਾਂ ਅਸੀਂ ਉਸ ਦਾ ਸਵਾਗਤ ਕਰਾਂਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਛੇਤੀ ਹੀ ਸਟੈਂਪ ਪੇਪਰਾਂ ਲਈ ਕਲਰ ਕੋਡਿੰਗ (ਵਿਸ਼ੇਸ਼ ਰੰਗਾਂ ਵਾਲੇ ਸਟੈਂਪ ਪੇਪਰ) ਲਾਗੂ ਕਰੇਗੀ ਤਾਂ ਜੋ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਨਵੇਂ ਪ੍ਰੋਜੈਕਟਾਂ ਲਈ ਛੇਤੀ ਮਨਜ਼ੂਰੀ ਦਿੱਤੀ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਉਹ ਸਨਅਤਕਾਰਾਂ ਨੂੰ ਸੰਮੇਲਨ ਲਈ ਸੱਦਾ ਦੇਣ ਵਾਸਤੇ ਚੇਨਈ, ਹੈਦਰਾਬਾਦ ਅਤੇ ਮੁੰਬਈ ਗਏ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨਗਰਾਂ ਦੇ ਉਦਯੋਗਿਕ ਅਦਾਰੇ ਸੂਬੇ ਵਿੱਚ ਉਦਯੋਗਿਕ ਵਿਕਾਸ ਦੀਆਂ ਅਸੀਮ ਸੰਭਾਵਨਾਵਾਂ ਬਾਰੇ ਜਾਣ ਕੇ ਹੈਰਾਨ ਸਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਇਹ ਉਦਯੋਗਪਤੀ ਹੁਣ ਪੰਜਾਬ ਵਿੱਚ ਨਿਵੇਸ਼ ਕਰਨ ਲਈ ਤਿਆਰ ਹਨ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨਿਵੇਸ਼ਕਾਂ ਦੀ ਸਹੂਲਤ ਲਈ ਸਿੰਗਲ ਵਿੰਡੋ ਸਿਸਟਮ ਨੂੰ ਹੋਰ ਮਜ਼ਬੂਤ ਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਸਿੰਗਲ ਵਿੰਡੋ ਸੇਵਾ ਸਿਰਫ਼ ਛਲਾਵਾ ਸੀ ਅਤੇ ਇਸ ਦਾ ਕੋਈ ਸਾਰਥਕ ਉਦੇਸ਼ ਨਹੀਂ ਸੀ, ਜਿਸ ਨੇ ਨਾ ਸਿਰਫ਼ ਸੰਭਾਵੀ ਨਿਵੇਸ਼ਕਾਂ ਦਾ ਮਨੋਬਲ ਤੋੜਿਆ ਸਗੋਂ ਸੂਬੇ ਦੇ ਉਦਯੋਗਿਕ ਵਿਕਾਸ ਵਿੱਚ ਵੀ ਅੜਿੱਕੇ ਡਾਹੇ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਹ ਯਕੀਨੀ ਬਣਾਇਆ ਕਿ ਸਿੰਗਲ ਵਿੰਡੋ ਸਿਸਟਮ ਸੂਬੇ ਵਿੱਚ ਨਿਵੇਸ਼ ਕਰਨ ਦੇ ਇੱਛੁਕ ਉੱਦਮੀਆਂ ਲਈ ਸਹੀ ਮਾਅਨਿਆਂ ਵਜੋਂ ਸਹੂਲਤ ਵਜੋਂ ਕੰਮ ਕਰੇ। ਮੁੱਖ ਮੰਤਰੀ ਨੇ ਤਨਜ਼ ਕੱਸਦਿਆਂ ਕਿਹਾ ਕਿ ਪਹਿਲਾਂ ਉਦਯੋਗਪਤੀਆਂ ਨੂੰ ਆਪਣੇ ਪ੍ਰਾਜੈਕਟ ਲਈ ਸੱਤਾਧਾਰੀ ਪਰਿਵਾਰਾਂ ਨਾਲ ਸਮਝੌਤਿਆਂ 'ਤੇ ਦਸਤਖਤ ਕਰਨੇ ਪੈਂਦੇ ਸਨ ਪਰ ਜਦੋਂ ਤੋਂ ਉਨ੍ਹਾਂ ਨੇ ਸੂਬੇ ਦੀ ਵਾਗਡੋਰ ਸੰਭਾਲੀ ਹੈ, ਹੁਣ ਪੰਜਾਬ ਵਾਸੀਆਂ ਦੇ ਹਿੱਤ ਵਿਚ ਸਮਝੌਤਿਆਂ 'ਤੇ ਦਸਤਖਤ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਰਸੂਖਦਾਰ ਪਰਿਵਾਰਾਂ ਨੂੰ ਇਨ੍ਹਾਂ ਸਮਝੌਤਿਆਂ ਦਾ ਲਾਹਾ ਮਿਲਦਾ ਸੀ ਪਰ ਹੁਣ ਪੰਜਾਬੀਆਂ ਨੂੰ ਇਸ ਦਾ ਲਾਭ ਮਿਲੇਗਾ। ਭਗਵੰਤ ਮਾਨ ਨੇ ਕਿਹਾ ਕਿ ਅਜਿਹਾ ਇਸ ਲਈ ਹੈ ਕਿਉਂਕਿ ਉਨ੍ਹਾਂ ਦੀ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਅਣਥੱਕ ਯਤਨ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਰਥਚਾਰੇ ਵਿਚ ਬਿਜਲੀ ਮੁੱਖ ਭੂਮਿਕਾ ਅਦਾ ਕਰਦੀ ਹੈ ਅਤੇ ਸੂਬੇ ਨੇ ਪਛਵਾੜਾ ਖਾਣ ਤੋਂ ਕੋਲੇ ਦੀ ਸਪਲਾਈ ਮੁੜ ਸ਼ੁਰੂ ਹੋਣ ਤੋਂ ਬਾਅਦ ਵਾਧੂ ਬਿਜਲੀ ਉਤਪਾਦਨ ਵਧਾਉਣ ਵੱਲ ਪੁਲਾਂਘ ਪੁੱਟੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਇਹ ਯਕੀਨੀ ਹੋ ਜਾਵੇਗਾ ਕਿ ਸੂਬੇ ਵਿੱਚ ਕਿਸੇ ਵੀ ਥਰਮਲ ਪਾਵਰ ਪਲਾਂਟ ਨੂੰ ਕੋਲੇ ਦੀ ਕਿਸੇ ਕਿਸਮ ਦੀ ਘਾਟ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਭਗਵੰਤ ਮਾਨ ਨੇ ਕਿਹਾ ਕਿ ਉਦਯੋਗਪਤੀਆਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣਾ ਸੂਬਾ ਸਰਕਾਰ ਦਾ ਫਰਜ਼ ਹੈ। ਮੁੱਖ ਮੰਤਰੀ ਨੇ ਉਦਯੋਗਪਤੀਆਂ ਨੂੰ ਆਪਣੇ ਕਾਰੋਬਾਰ ਨੂੰ ਹੋਰ ਫੈਲਾਉਣ ਲਈ ਵਧੀਆ ਬੁਨਿਆਦੀ ਢਾਂਚੇ, ਬਿਜਲੀ, ਹੁਨਰਮੰਦ ਮਨੁੱਖੀ ਵਸੀਲਿਆਂ ਅਤੇ ਉਦਯੋਗਿਕ ਤੇ ਕਿਰਤ ਦਾ ਬਿਹਤਰ ਮਾਹੌਲ ਦੇ ਨਾਲ-ਨਾਲ ਸੁਖਾਵੀਆਂ ਪ੍ਰਸਿਥਤੀਆਂ ਦਾ ਵੱਧ ਤੋਂ ਵੱਧ ਫਾਇਦਾ ਚੁੱਕਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਨਵੇਂ ਵਿਚਾਰਾਂ ਅਤੇ ਨਵੀਨਤਮ ਕਾਢਾਂ ਲਈ ਹਮੇਸ਼ਾ ਤਿਆਰ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਉੱਦਮੀਆਂ ਦੇ ਸਰਗਰਮ ਸਹਿਯੋਗ ਨਾਲ ਦੇਸ਼ ਦਾ ਉਦਯੋਗਿਕ ਧੁਰਾ ਬਣ ਕੇ ਉਭਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਛੇਤੀ ਹੀ ਸੂਬਾ ਭਰ ਵਿੱਚ 20 ਸਮਰਪਿਤ ਪੇਂਡੂ ਉਦਯੋਗਿਕ ਹੱਬ ਸਥਾਪਤ ਕਰੇਗੀ। ਉਨ੍ਹਾਂ ਕਿਹਾ ਕਿ ਇਹ ਯੂਨਿਟ ਸਨਅਤਕਾਰਾਂ ਨੂੰ ਆਪਣੇ ਯੂਨਿਟ ਸਥਾਪਤ ਕਰਨ ਵਿੱਚ ਸਹੂਲਤ ਦੇਣ ਲਈ ਅਤਿ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਹੋਣਗੇ। ਭਗਵੰਤ ਮਾਨ ਨੇ ਆਪਣੇ ਯੂਨਿਟ ਸਥਾਪਤ ਕਰਨ ਦੀ ਚੋਣ ਕਰਨ ਵਾਲੇ ਉਦਯੋਗਪਤੀਆਂ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿਵਾਉਂਦੇ ਹੋਏ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਉਦਯੋਗਿਕ ਵਿਕਾਸ ਵਿੱਚ ਤੇਜ਼ੀ ਲਿਆਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ 23-24 ਫਰਵਰੀ ਨੂੰ ਹੋਣ ਜਾ ਰਿਹਾ ‘ਨਿਵੇਸ਼ ਪੰਜਾਬ ਸੰਮੇਲਨ’ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਮਾਗਮ ਦੇ ਪ੍ਰਬੰਧਾਂ ਨੂੰ ਪਹਿਲਾਂ ਹੀ ਅੰਤਿਮ ਰੂਪ ਦੇ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਉਦਯੋਗੀਕਰਨ ਨੂੰ ਹੁਲਾਰਾ ਦੇਣ ਦਾ ਮੁੱਖ ਮੰਤਵ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਕੇ ਸੂਬੇ ਤੋਂ ਕਾਬਲ ਨੌਜਵਾਨਾਂ ਦੇ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਾਉਣਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ‘ਸਕੂਲ ਆਫ਼ ਐਮੀਨੈਂਸ’ ਵੀ ਸ਼ੁਰੂ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਸਕੂਲ ਇਨ੍ਹਾਂ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣਗੇ। ਭਗਵੰਤ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਦੇ ਵਿਕਾਸ ਨੂੰ ਉਨ੍ਹਾਂ ਦੀ ਰੁਚੀ ਅਨੁਸਾਰ ਯਕੀਨੀ ਬਣਾਇਆ ਜਾਵੇਗਾ ਅਤੇ ਇਹ ਸਕੂਲ ਭਵਿੱਖ ਲਈ ਮਾਹਿਰ ਤਿਆਰ ਕਰਨਗੇ। ਇਸ ਤੋਂ ਪਹਿਲਾਂ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਸ਼ਖਸੀਅਤਾਂ ਦਾ ਸਵਾਗਤ ਕੀਤਾ। ਇਸ ਮੌਕੇ ਉਦਯੋਗ ਵਿਭਾਗ ਦੇ ਪ੍ਰਮੁੱਖ ਸਕੱਤਰ ਦਲੀਪ ਕੁਮਾਰ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ, ਸੀ.ਈ.ਓ. ਇਨਵੈਸਟ ਪੰਜਾਬ ਕੇ.ਕੇ.ਯਾਦਵ, ਐਡੀਸ਼ਨਲ ਸੀ.ਈ.ਓ ਇਨਵੈਸਟ ਪੰਜਾਬ ਡਾ. ਸੁਮਿਤ ਜਾਰੰਗਲ ਅਤੇ ਹੋਰ ਵੀ ਹਾਜ਼ਰ ਸਨ।