ਚੰਡੀਗੜ੍ਹ, 14 ਅਕਤੂਬਰ 2024 : ਕਾਂਗਰਸ ਪਾਰਟੀ ਦੇ ਵਫਦ ਨੇ ਰਾਜ ਚੋਣ ਕਮਿਸ਼ਨ ਦੇ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨੇ ਪੰਚਾਇਤੀ ਚੋਣਾਂ ਨੂੰ ਤਿੰਨ ਹਫਤਿਆਂ ਲਈ ਮੁਲਤਵੀ ਕਰਨ ਦੀ ਮੰਗ ਕੀਤੀ ਗਈ ਹੈ। ਰਾਜ ਚੋਣ ਕਮਿਸ਼ਨ ਨਾਲ ਮੁਲਾਕਾਤ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਅਸੀਂ ਚੋਣਾਂ ਰੱਦ ਕਰਨ ਦੀ ਮੰਗ ਨਹੀਂ ਕਰ ਰਹੇ। ਅਸੀਂ ਪੂਰੀ ਚੋਣ ਪ੍ਰਕਿਰਿਆ ਨੂੰ ਤਿੰਨ ਹਫ਼ਤਿਆਂ ਲਈ ਮੁਲਤਵੀ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਇਲਜ਼ਾਮ ਲਾਇਆ ਕਿ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਜਾਅਲੀ ਬੈਲਟ ਪੇਪਰ ਛਾਪੇ ਹਨ। ਉਨ੍ਹਾਂ ਨੇ ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਸਮੇਤ ਕਈ ਅਹਿਮ ਮੁੱਦੇ ਚੁੱਕੇ ਹਨ। ਦੱਸ ਦਈਏ ਕਿ ਪੰਜਾਬ ਵਿੱਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣੀਆਂ ਹਨ। ਇਸ ਵਾਰ ਪਾਰਟੀ ਚੋਣ ਨਿਸ਼ਾਨ ’ਤੇ ਵੀ ਚੋਣਾਂ ਨਹੀਂ ਹੋ ਰਹੀਆਂ ਹਨ। ਪਰ ਇਸ ਦੇ ਬਾਵਜੂਦ ਵਿਰੋਧੀ ਪਾਰਟੀਆਂ ਦਾ ਇਲਜ਼ਾਮ ਹੈ ਕਿ ਉਨ੍ਹਾਂ ਨਾਲ ਜੁੜੇ ਲੋਕਾਂ ਅਤੇ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਜ਼ਬਰਦਸਤੀ ਰੱਦ ਕੀਤੀਆਂ ਗਈਆਂ ਹਨ। ਕਿਸੇ ਨੂੰ ਵੀ ਐਨਓਸੀ ਜਾਰੀ ਨਹੀਂ ਕੀਤਾ ਗਿਆ ਹੈ। ਪੰਜਾਬ ਵਿੱਚ 13937 ਗ੍ਰਾਮ ਪੰਚਾਇਤਾਂ ਹਨ। 15 ਅਕਤੂਬਰ ਨੂੰ ਹੋਣ ਵਾਲੀਆਂ ਚੋਣਾਂ ਵਿੱਚ ਕੁੱਲ 1 ਕਰੋੜ 33 ਲੱਖ ਵੋਟਰ ਆਪਣੀ ਵੋਟ ਪਾਉਣਗੇ। ਚੋਣਾਂ ਵਿੱਚ 96 ਹਜ਼ਾਰ ਮੁਲਾਜ਼ਮ ਤੈਨਾਤ ਕੀਤੇ ਗਏ ਹਨ। ਸਰਕਾਰ ਨੇ ਚੋਣਾਂ ਸ਼ਾਂਤੀਪੂਰਵਕ ਕਰਵਾਉਣ ਲਈ ਕਈ ਕਦਮ ਚੁੱਕੇ ਹਨ। ਚੋਣਾਂ ਤੱਕ ਸਾਰੇ ਪੁਲਿਸ ਮੁਲਾਜ਼ਮਾਂ ਤੇ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਵੋਟਾਂ ਵਾਲੇ ਦਿਨ ਪੂਰੇ ਪੰਜਾਬ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਮੌਕੇ ਸਾਬਕਾ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ ਸਿੰਘ ਜੀ, ਸਾਬਕਾ ਮੰਤਰੀ ਅਤੇ ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸੁਖਬਿੰਦਰ ਸਿੰਘ ਸਰਕਾਰੀਆ, ਸੰਸਦ ਮੈਂਬਰ ਅਮਰ ਸਿੰਘ, ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ, ਹਰਪ੍ਰਤਾਪ ਸਿੰਘ ਅਜਨਾਲਾ, ਆਗੂ ਹਰਿੰਦਰਪਾਲ ਸਿੰਘ ਹੈਰੀ ਮਾਨ, ਸੁਖਜੀਤ ਸਿੰਘ ਲਹਿਲ ਅਤੇ ਕਮਲਜੀਤ ਸਿੰਘ ਚਾਵਲਾ ਜੀ ਮੌਜ਼ੂਦ ਰਹੇ।
ਕਾਂਗਰਸ ਪਾਰਟੀ ਦੇ ਵਫ਼ਦ ਵੱਲੋਂ ਪੰਚਾਇਤੀ ਚੋਣਾਂ ਬਾਰੇ ਗੰਭੀਰ ਚਿੰਤਾਵਾਂ ਉਠਾਈਆਂ:
- ਨਾਮਜ਼ਦਗੀ ਪ੍ਰਕਿਰਿਆ ਦੌਰਾਨ ਹੋਈਆਂ ਵਿਆਪਕ ਹਿੰਸਾ ਅਤੇ ਝੜਪਾਂ।
- ਪ੍ਰਬੰਧਕੀ ਖਾਮੀਆਂ ਜਿੰਨਾ ਨੇ ਉਮੀਦਵਾਰਾਂ ਨੂੰ ਕਾਗਜ਼ ਦਾਖ਼ਲ ਕਰਨ ਤੋਂ ਰੋਕਿਆ।
- ਸੱਤਾਧਾਰੀ ਪਾਰਟੀ ਦੇ ਵਰਕਰਾਂ ਵੱਲੋਂ ਜ਼ਬਰਦਸਤੀ ਅਤੇ ਧਮਕਾਉਣਾ।
ਸਾਡੀਆਂ ਮੰਗਾਂ :
- ਪੰਚਾਇਤੀ ਚੋਣਾਂ 3 ਹਫ਼ਤਿਆਂ ਲਈ ਮੁਲਤਵੀ ਕੀਤੀਆਂ ਜਾਣ।
- ਪ੍ਰਭਾਵਿਤ ਉਮੀਦਵਾਰਾਂ ਲਈ ਨਾਮਜ਼ਦਗੀਆਂ ਮੁੜ ਖੋਲ੍ਹੀਆਂ ਜਾਣ।
- ਇਸ ਸਾਲ ਮਈ 2024 ਤੋਂ ਅੱਪਡੇਟ ਕੀਤੀ ਵੋਟਰ ਸੂਚੀ ਦੀ ਵਰਤੋਂ ਕੀਤੀ ਜਾਵੇ।
- ਉਮੀਦਵਾਰਾਂ, ਖਾਸ ਤੌਰ 'ਤੇ ਹਾਸ਼ੀਏ ਵਾਲੇ ਸਮੂਹਾਂ ਲਈ ਸੁਰੱਖਿਆਂ ਵਧਾਈ ਜਾਵੇ।