ਚੰਡੀਗੜ੍ਹ, 9 ਅਪ੍ਰੈਲ : ਲੋਕ ਸਭਾ ਚੋਣਾਂ ਨੂੰ ਲੈ ਕੇ ਚੰਡੀਗੜ੍ਹ ਵਿੱਚ ਪੰਜਾਬ ਕਾਂਗਰਸ ਦੀ ਮੀਟਿੰਗ ਹੋਈ। ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹਲਕਾ ਇੰਚਾਰਜ ਦੇਵੇਂਦਰ ਯਾਦਵ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਜਿੱਥੇ ਸੰਭਾਵੀ ਉਮੀਦਵਾਰਾਂ ਦੇ ਨਾਵਾਂ ਤੇ ਮੁੜ ਤੋਂ ਡੁੰਘਾਈ ਨਾਲ ਮੰਥਨ ਕੀਤਾ ਗਿਆ । ਇਸ ਤੋਂ ਬਾਅਦ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੀਐਲਪੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੀਡੀਆ ਨਾਲ ਗੱਲਬਾਤ ਕੀਤੀ। ਉਨ੍ਹਾਂ ਕਾਂਗਰਸ ਦੇ ਇਸ ਫੈਸਲੇ ਨੂੰ ਪੰਜਾਬ ਦੇ ਹਿੱਤ ਵਿੱਚ ਕਰਾਰ ਦਿੱਤਾ। ਰਾਜਾ ਵੜਿੰਗ ਨੇ ਦੱਸਿਆ ਕਿ ਨਿਆਂ ਪੱਤਰ ਵਿੱਚ ਐਮਐਸਪੀ ਦੀ ਕਾਨੂੰਨੀ ਗਾਰੰਟੀ ਦਾ ਜ਼ਿਕਰ ਕੀਤਾ ਗਿਆ ਹੈ ਤਾਂ ਕਰਜ਼ੇ ਲਈ ਕਮਿਸ਼ਨ ਬਣਾਉਣ ਦਾ ਵੀ ਐਲਾਨ ਕੀਤਾ ਗਿਆ ਹੈ। ਜੇਕਰ ਫ਼ਸਲਾਂ ਦਾ ਨੁਕਸਾਨ ਹੁੰਦਾ ਹੈ ਤਾਂ 30 ਦਿਨਾਂ ਵਿੱਚ ਕਿਸਾਨਾਂ ਦੇ ਖਾਤਿਆਂ ਵਿੱਚ ਮੁਆਵਜ਼ਾ ਆ ਜਾਵੇਗਾ। ਪੰਜਾਬ ਕਾਂਗਰਸ ਇਸ ਸਮੇਂ ਕਈ ਮੁਸ਼ਕਲਾਂ ਦਾ ਸਾਹਮਣਾ ਕਰ ਰਹੀ ਹੈ। ਪਹਿਲਾਂ ਤਾਂ ਕਈ ਆਗੂ ਪਾਰਟੀ ਨੂੰ ਅਲਵਿਦਾ ਕਹਿ ਚੁੱਕੇ ਹਨ। ਹੁਣ ਉਮੀਦਵਾਰਾਂ ਦਾ ਐਲਾਨ ਕੀਤਾ ਜਾਣਾ ਹੈ। ਪਰ ਕਾਂਗਰਸ ਨੂੰ ਇਸ ਗੱਲ ਦਾ ਵੀ ਡਰ ਹੈ ਕਿ ਇਸ ਦਾ ਅਸਰ ਕਈ ਹਲਕਿਆਂ ਵਿੱਚ ਦੇਖਣ ਨੂੰ ਮਿਲੇਗਾ। ਹਾਲ ਹੀ ਦੇ ਦਿਨਾਂ ਵਿੱਚ ਕਈ ਕਾਂਗਰਸੀ ਆਗੂ ਪਾਰਟੀ ਛੱਡ ਚੁੱਕੇ ਹਨ। ਇਸ ਵਿੱਚ ਸੁਨੀਲ ਜਾਖੜ ਤੋਂ ਲੈ ਕੇ ਸਾਬਕਾ ਸੀਐਮ ਬੇਅੰਤ ਸਿੰਘ ਦੇ ਪੋਤਰੇ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੀ ਸ਼ਾਮਲ ਹਨ। ਅਜਿਹੇ ‘ਚ ਪਾਰਟੀ ਕਿਸੇ ਵੀ ਤਰ੍ਹਾਂ ਦਾ ਜੋਖਮ ਉਠਾਉਣ ਦੇ ਮੂਡ ‘ਚ ਨਹੀਂ ਹੈ। ਜਦੋਂ ਕਿ ਜੇਕਰ ਹੋਰ ਪਾਰਟੀਆਂ ਦੀ ਗੱਲ ਕਰੀਏ ਤਾਂ ਭਾਜਪਾ ਨੇ ਛੇ ਸੀਟਾਂ ‘ਤੇ ਅਤੇ ‘ਆਪ’ ਨੇ ਨੌਂ ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਜਦੋਂਕਿ ਅਕਾਲੀ ਦਲ ਵੱਲੋਂ ਵੀ ਹਾਲੇ ਤੱਕ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਗਿਆ ਹੈ। ਉਧਰ, ਪਾਰਟੀ ਆਗੂਆਂ ਨੇ ਕਿਹਾ ਕਿ ਟਿਕਟਾਂ ਦਾ ਐਲਾਨ ਜਲਦੀ ਕਰ ਦਿੱਤਾ ਜਾਵੇਗਾ।