ਦਿੜ੍ਹਬਾ 21 ਮਾਰਚ : ਹਲਕਾ ਦਿੜ੍ਹਬਾ ਦੇ ਪਿੰਡ ਗੁੱਜਰਾਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ 8 ਹੋ ਗਈ ਹੈ। ਇਨ੍ਹਾਂ 'ਚੋਂ 4 ਦੀ ਮੰਗਲਵਾਰ ਰਾਤ ਨੂੰ ਮੌਤ ਹੋ ਗਈ ਸੀ। ਇਸ ਦੇ ਨਾਲ ਹੀ 4 ਲੋਕਾਂ ਨੂੰ ਗੰਭੀਰ ਹਾਲਤ 'ਚ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਜਿਥੇ ਚਾਰਾਂ ਦੀ ਵੀ ਬੁੱਧਵਾਰ ਰਾਤ ਇਲਾਜ ਦੌਰਾਨ ਮੌਤ ਹੋ ਗਈ। ਇਸ ਤੋਂ ਇਲਾਵਾ 12 ਲੋਕ ਅਜੇ ਵੀ ਗੰਭੀਰ ਹਾਲਤ 'ਚ ਹਨ। ਫਿਲਹਾਲ ਪੁਲਿਸ ਨੇ ਇਸ ਮਾਮਲੇ ‘ਚ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜ਼ਹਿਰੀਲੀ ਸ਼ਰਾਬ ਮਾਮਲੇ ‘ਚ ਵਿਸ਼ੇਸ਼ ਲਾਅ ਐਂਡ ਆਰਡਰ ਦੇ ਡੀਜੀਪੀ ਅਰਪਿਤ ਸ਼ੁਕਲਾ ਅਤੇ ਏਡੀਜੀਪੀ ਹਰਚਰਨ ਭੁੱਲਰ, ਸਰਤਾਜ ਚਾਹਲ ਐੱਸਐੱਸਪੀ ਸੰਗਰੂਰ ਅਤੇ ਜਤਿੰਦਰ ਜੋਰਵਾਲ ਡੀਸੀ ਸੰਗਰੂਰ ਨੇ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪੂਰੇ ਮਾਮਲੇ ਵਿੱਚ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ 24 ਘੰਟਿਆਂ ਦੇ ਅੰਦਰ ਪੁਲਿਸ ਨੇ ਨਕਲੀ ਸ਼ਰਾਬ ਬਣਾਉਣ ਵਾਲੀ ਸਮੱਗਰੀ ਸਮੇਤ ਚਾਰ ਦੋਸ਼ੀਆਂ ਨੂੰ ਕਾਬੂ ਕਰਕੇ ਧਾਰਾ 302 ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਪੁਲਿਸ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਪ੍ਰਿੰਟਰ, ਲੈਪਟਾਪ, 200 ਲੀਟਰ ਈਥਾਨੌਲ, ਸ਼ਰਾਬ ਦੀਆਂ ਖਾਲੀ ਬੋਤਲਾਂ, ਸ਼ਰਾਬ ਦੀਆਂ ਬੋਤਲਾਂ ‘ਤੇ ਵਰਤੇ ਗਏ ਨਕਲੀ ਸਟਿੱਕਰ, ਬੋਤਲਾਂ ਦੇ ਕੈਪਾਂ ‘ਤੇ ਵਰਤੀ ਗਈ ਪੰਜਾਬ ਸਰਕਾਰ ਦੀ ਜਾਅਲੀ ਮੋਹਰ, ਬੋਤਲ ਬੰਦ ਕਰਨ ਵਾਲੀ ਮਸ਼ੀਨ ਸਮੇਤ ਕਈ ਨਕਲੀ ਸ਼ਰਾਬ ਦੀਆਂ ਬੋਤਲਾਂ ਤਲਾਸ਼ੀ ਮੁਹਿੰਮ ਦੌਰਾਨ ਬਰਾਮਦ ਕੀਤੀਆਂ ਗਈਆਂ ਹਨ। ਉਥੇ ਹੀ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮ੍ਰਿਤਕ ਲੋਕਾਂ ਨੇ ਸੁਖਵਿੰਦਰ ਸਿੰਘ ਅਤੇ ਮਨਪ੍ਰੀਤ ਸਿੰਘ ਤੋਂ ਸ਼ਰਾਬ ਖਰੀਦੀ ਸੀ। ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਨ੍ਹਾਂ ਤੋਂ ਇਲਾਵਾ ਸਥਾਨਕ ਗੁਰਲਾਲ ਸਿੰਘ ਨੂੰ ਵੀ ਪੁਲਿਸ ਨੇ ਫੜ ਲਿਆ ਹੈ। ਪੁਲਿਸ ਨੇ ਇਨ੍ਹਾਂ ਦੇ ਮਾਸਟਰ ਮਾਈਂਡ ਹਰਮਨਪ੍ਰੀਤ ਸਿੰਘ ਵਾਸੀ ਪਾਤੜਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਹਰਮਨਪ੍ਰੀਤ ਸ਼ਰਾਬ ਬਣਾ ਕੇ ਵੇਚਣ ਲਈ ਸਪਲਾਈ ਕਰਦਾ ਸੀ। ਇਹ ਉਸਦੀ ਪਹਿਲੀ ਖੇਪ ਸੀ। ਇਹ ਚਾਰੇ ਮੁਲਜ਼ਮ ਪਹਿਲਾਂ ਹੀ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਸਨ। ਇਨ੍ਹਾਂ ਵਿੱਚੋਂ ਸੁਖਵਿੰਦਰ ਖ਼ਿਲਾਫ਼ 4, ਮਨਪ੍ਰੀਤ ਖ਼ਿਲਾਫ਼ 2, ਗੁਰਲਾਲ ਖ਼ਿਲਾਫ਼ 5 ਅਤੇ ਹਰਮਨਪ੍ਰੀਤ ਖ਼ਿਲਾਫ਼ 1 ਕੇਸ ਪਹਿਲਾਂ ਹੀ ਦਰਜ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਮਾਮਲੇ ਦੀ ਜਾਂਚ ਲਈ 5 ਮੈਂਬਰੀ ਕਮੇਟੀ ਵੀ ਬਣਾਈ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਫਿਲਹਾਲ ਐਸਆਈਟੀ ਸਪੈਸ਼ਲ ਐਸਪੀ ਦੀ ਨਿਗਰਾਨੀ ਹੇਠ ਕੰਮ ਕਰ ਰਹੀ ਹੈ। ਜਿਸ ਵਿੱਚ ਡੀਐਸਪੀ-ਡੀ ਅਤੇ ਡੀਐਸਪੀ ਦਿੜਬਾ ਵੀ ਜਾਂਚ ਵਿੱਚ ਸਹਿਯੋਗ ਕਰਨਗੇ। ਪੁਲਿਸ ਨੇ ਦੱਸਿਆ ਕਿ ਹੁਣ ਤੱਕ 8 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 12 ਲੋਕ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਅਤੇ ਸੰਗਰੂਰ ਦੇ ਸਰਕਾਰੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਕਾਬਿਲੇਗੌਰ ਹੈ ਕਿ ਬੁੱਧਵਾਰ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜ੍ਹਬਾ ਦੇ ਪਿੰਡ ਗੁੱਜਰਾਂ 'ਚ ਜ਼ਹਿਰੀਲੀ ਸ਼ਰਾਬ ਦਾ ਮਾਮਲਾ ਸਾਹਮਣੇ ਆਇਆ ਸੀ। ਜਿਥੇ ਛੇ ਵਿਅਕਤੀਆਂ ਦੀ ਮੌਤ ਹੋ ਗਈ ਸੀ, ਜਦੋਂ ਕਿ ਇੱਕ ਹੋਰ ਪਿੰਡ ਢੰਡੋਲੀ ਵਿੱਚ ਵੀ ਜ਼ਹਿਰੀਲੀ ਸ਼ਰਾਬ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਸੀ। ਹੁਣ ਤੱਕ 20 ਲੋਕਾਂ ਦੇ ਜ਼ਹਿਰੀਲੀ ਸ਼ਰਾਬ ਪੀਣ ਦਾ ਮਾਮਲਾ ਸਾਹਮਣੇ ਆਇਆ ਹੈ। ਪੰਜਾਬ ਪੁਲਿਸ ਦੇ ਅਧਿਕਾਰੀਆਂ ਨੇ ਇਸ ਮਾਮਲੇ ਵਿੱਚ ਹੁਣ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।