ਚੰਡੀਗੜ੍ਹ, 13 ਸਤੰਬਰ 2024 : ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਪੰਚਾਇਤ ਸੰਮਤੀਆਂ ਨੂੰ ਭੰਗ ਕਰ ਦਿੱਤਾ ਗਿਆ ਹੈ। ਇਸ ਸੰਬੰਧ ਵਿੱਚ ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕਰ ਕੇ ਸੂਚਿਤ ਕੀਤਾ ਗਿਆ ਹੈ। ਸੂਬੇ ਦੀਆਂ 74 ਪੰਚਾਇਤ ਸੰਮਤੀਆਂ ਦਾ ਕਾਰਜਕਾਲ 10 ਸਤੰਬਰ ਨੂੰ ਖਤਮ ਹੋ ਚੁੱਕਾ ਹੈ।ਹੁਣ ਡੀਡੀਪੀਓ ਨੂੰ ਪ੍ਰਬੰਧਕ ਲਾਇਆ ਗਿਆ ਹੈ। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਪੰਚਾਇਤੀ ਚੋਣਾਂ ਜਲਦ ਹੋ ਸਕਦੀਆਂ ਹਨ। ਪੰਜਾਬ ਸਰਕਾਰ ਅਕਤੂਬਰ ਮਹੀਨੇ ਵਿੱਚ ਪੰਚਾਇਤੀ ਚੋਣਾਂ ਕਰਵਾ ਸਕਦੀ ਹੈ। ਪੰਚਾਇਤਾਂ ਭੰਗ ਕਰਨ ਤੋਂ ਬਾਅਦ ਹੁਣ ਪੰਚਾਇਤ ਸੰਮਤੀਆਂ ਵੀ ਭੰਗ ਕਰ ਦਿੱਤੀਆਂ ਗਈਆਂ ਹਨ। ਜਿਸ ਤੋਂ ਬਾਅਦ ਹੁਣ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ (ਡੀ.ਡੀ.ਪੀ.ਓ.) ਚੋਣਾਂ ਤੱਕ ਪੰਚਾਇਤਾਂ ਦਾ ਕੰਮਕਾਜ ਦੇਖਣਗੇ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ 13,000 ਗ੍ਰਾਮ ਪੰਚਾਇਤਾਂ ਪਹਿਲਾਂ ਹੀ ਭੰਗ ਹੋ ਚੁੱਕੀਆਂ ਹਨ। ਬਾਕੀ 153 ਵਿੱਚੋਂ 76 ਪੰਚਾਇਤ ਸੰਮਤੀਆਂ ਨੂੰ ਸਰਕਾਰ ਨੇ ਭੰਗ ਕਰ ਦਿੱਤਾ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।