ਦਸੂਹਾ, 26 ਮਾਰਚ : ਹੁਸ਼ਿਆਰਪੁਰ ਦੇ ਹਲਕਾ ਦਸੂਹਾ ‘ਚ ਨਸ਼ਾ ਤਸਕਰਾਂ ਨੂੰ ਫੜਨ ਗਈ ਪੁਲਸ ‘ਤੇ ਨਸ਼ਾ ਤਸਕਰਾਂ ਨੇ ਹਮਲਾ ਕਰ ਦਿੱਤਾ। ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਇੱਕ ਨਸ਼ਾ ਤਸਕਰ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਇਸ ਘਟਨਾ ਵਿੱਚ ਦੋ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਏ ਹਨ। ਇਹ ਘਟਨਾ ਹਲਕਾ ਦਸੂਹਾ ਅਧੀਨ ਪੈਂਦੇ ਪਿੰਡ ਮੇਵਾ ਮਿਆਣੀ ਵਿੱਚ ਵਾਪਰੀ। ਜਿੱਥੇ ਪੁਲਿਸ ਨੂੰ ਪਿੰਡ ਦੇ ਹੀ ਇੱਕ ਵਿਅਕਤੀ ਦੇ ਨਸ਼ੇ ਦਾ ਧੰਦਾ ਕਰਨ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਜਦੋਂ ਦਸੂਹਾ ਪੁਲਿਸ ਟੀਮ ਅਵਤਾਰ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਮੇਵਾ ਮਿਆਣੀ ਦੇ ਘਰ ਪਹੁੰਚੀ ਤਾਂ ਸੁੱਚਾ ਸਿੰਘ ਨੇ ਪੁਲਿਸ ਪਾਰਟੀ ‘ਤੇ ਹਮਲਾ ਕਰ ਦਿੱਤਾ। ਜਵਾਬੀ ਕਾਰਵਾਈ ਵਿਚ ਪੁਲਿਸ ਨੇ ਸੁੱਚਾ ਸਿੰਘ ‘ਤੇ ਗੋਲੀ ਚਲਾ ਦਿੱਤੀ, ਜਿਸ ਵਿਚ ਉਹ ਮਾਰਿਆ ਗਿਆ। ਇਸ ਘਟਨਾ ਵਿੱਚ ਏਐਸਆਈ ਅਤੇ ਇੱਕ ਹੋਰ ਪੁਲੀਸ ਮੁਲਾਜ਼ਮ ਗੰਭੀਰ ਜ਼ਖ਼ਮੀ ਹੋ ਗਏ। ਘਟਨਾ ਤੋਂ ਬਾਅਦ ਜ਼ਿਲ੍ਹੇ ਦੇ ਸੀਨੀਅਰ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਰਹੇ ਹਨ। ਜਾਣਕਾਰੀ ਦਿੰਦੇ ਹੋਏ ਐਸ.ਪੀ. (ਡੀ.) ਸਰਵਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸੁੱਚਾ ਸਿੰਘ ਨਸ਼ਾ ਤਸਕਰੀ ਦਾ ਧੰਦਾ ਕਰਦਾ ਹੈ। ਉਸ ਦੇ ਖਿਲਾਫ ਪਹਿਲਾਂ ਵੀ 10 ਤੋਂ ਵੱਧ ਨਸ਼ਾ ਤਸਕਰੀ ਦੇ ਮਾਮਲੇ ਦਰਜ ਹਨ ਅਤੇ ਉਹ ਪਹਿਲਾਂ ਵੀ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ। ਜਦੋਂ ਮੌਕੇ ‘ਤੇ ਪੁਲਿਸ ਵੱਲੋਂ ਘਰ ‘ਤੇ ਛਾਪੇਮਾਰੀ ਕੀਤੀ ਗਈ ਤਾਂ ਸੁੱਚਾ ਸਿੰਘ ਅਤੇ ਉਸ ਦੇ ਪਰਿਵਾਰ ਨੇ ਪੁਲਿਸ ਪਾਰਟੀ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਦੋ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ, ਜਿਸ ਤੋਂ ਬਾਅਦ ਪੁਲਿਸ ਪਾਰਟੀ ਨੂੰ ਜਾਨ ਬਚਾਉਣ ਲਈ ਫਾਇਰਿੰਗ ਕਰਨੀ ਪਈ, ਜਿਸ ਤੋਂ ਬਾਅਦ ਸੁੱਚਾ ਸਿੰਘ ਦੀ ਮੌਤ ਹੋ ਗਈ।