ਚੰਡੀਗੜ੍ਹ, 10 ਅਪ੍ਰੈਲ : ਪੰਜਾਬ ਦੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦੇ ਬੇਟੇ ਪ੍ਰਕਾਸ਼ ਸਿੰਘ ਲੰਗਾਹ ਨੂੰ ਉਸ ਦੇ 4 ਦੋਸਤਾਂ ਸਮੇਤ ਹਿਮਾਚਲ ਪ੍ਰਦੇਸ਼ ‘ਚ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਪ੍ਰਕਾਸ਼ ਸਿੰਘ ਤੇ ਉਸਦੇ ਸਾਥੀਆਂ ਕੋਲੋਂ ਨਸ਼ੀਲੇ ਪਦਾਰਥ ਬਰਾਮਦ ਹੋਏ ਹਨ। ਮੁਲਜ਼ਮਾਂ ਕੋਲੋਂ 42.89 ਗ੍ਰਾਮ ਹੈਰੋਇਨ (ਚਿੱਟਾ) ਬਰਾਮਦ ਕੀਤਾ ਗਿਆ ਹੈ। ਸੂਤਰਾਂ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਇੱਕ ਔਰਤ ਵੀ ਸ਼ਾਮਲ ਹੈ। ਪੁਲਿਸ ਦੀ ਸਪੈਸ਼ਲ ਇਨਵੈਸਟੀਗੇਸ਼ਨ ਯੂਨਿਟ (ਐਸਆਈਟੀ) ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਇਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਜਾਲ ਵਿਛਾਇਆ ਸੀ। ਮੰਗਲਵਾਰ ਦੇਰ ਰਾਤ ਉਨ੍ਹਾਂ ਨੇ ਸ਼ਿਮਲਾ ਦੇ ਪੁਰਾਣੇ ਬੱਸ ਸਟੈਂਡ ਨੇੜੇ ਇਕ ਨਿੱਜੀ ਹੋਟਲ ‘ਤੇ ਛਾਪਾ ਮਾਰਿਆ, ਜਿੱਥੇ ਉਹ ਠਹਿਰੇ ਹੋਏ ਸਨ। ਪੁਲਿਸ ਨੇ ਉਥੇ ਛਾਪਾ ਮਾਰਿਆ ਤੇ ਕਮਰੇ ਦੀ ਤਲਾਸ਼ੀ ਲਈ ਤਾਂ ਉੱਥੋਂ ਹੈਰੋਇਨ ਬਰਾਮਦ ਹੋਈ। ਜਿਸ ਨੂੰ ਪੁਲਿਸ ਨੇ ਕਬਜ਼ੇ ‘ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਕਮਰੇ ‘ਚ ਮੌਜੂਦ ਸਾਰੇ ਦੋਸ਼ੀ ਇੰਨੇ ਸ਼ਰਾਬੀ ਸਨ ਕਿ ਉਹ ਆਪਣੇ ਬਾਰੇ ਜ਼ਿਆਦਾ ਜਾਣਕਾਰੀ ਨਹੀਂ ਦੇ ਸਕੇ।