ਪਟਿਆਲਾ : ਆਮ ਆਦਮੀ ਪਾਰਟੀ ਦੇ ਇੱਕ ਹੋਰ ਮੰਤਰੀ ਫੌਜਾ ਸਿੰਘ ਸਰਾਰੀ ਵੀ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਘਿਰਦੇ ਦਿਖਾਈ ਦੇ ਰਹੇ ਹਨ, ਪਿਛਲੇ ਦਿਨੀਂ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੀ ਇਕ ਆਡੀਓ ਵਾਇਰਲ ਹੋਣ ਤੋਂ ਬਾਅਦ ਵਿਰੋਧੀ ਪਾਰਟੀਆਂ ਵੱਲੋਂ ਇਸ ਮੰਤਰੀ ਦੇ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਸਰਕਾਰ ਦੇ ਖਿਲਾਫ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ ਵਿਚ ਅੱਜ ਪੂਰੇ ਪੰਜਾਬ ਭਰ ਵਿੱਚ ਫੌਜਾ ਸਿੰਘ ਸਰਾਰੀ ਨੂੰ ਗ੍ਰਿਫਤਾਰ ਕਰਵਾਉਣ ਲਈ ਜ਼ਿਲ੍ਹਾ ਹੈੱਡਕੁਆਰਟਰਾਂ ‘ਤੇ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ।ਇਸ ਦੇ ਚੱਲਦਿਆਂ ਪਟਿਆਲਾ ਦੇ ਮਿੰਨੀ ਸੈਕਟਰੀਏਟ ਵਿਖੇ ਵੀ ਕਾਂਗਰਸ ਪਾਰਟੀ ਵੱਲੋਂ ਫੌਜਾ ਸਿੰਘ ਸਰਾਰੀ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਇੱਕ ਵਿਸ਼ਾਲ ਧਰਨਾ ਪ੍ਰਦਰਸ਼ਨ ਕੀਤਾ ਗਿਆ । ਉੱਥੇ ਇਸ ਧਰਨੇ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ, ਇਸ ਮੌਕੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਤਿੱਖੇ ਸ਼ਬਦੀਵਾਰ ਕਰਦਿਆਂ ਕਿਹਾ ਕਿ ਭ੍ਰਿਸ਼ਟਾਚਾਰ ਤੇ ਨੱਥ ਪਾਉਣ ਦਾ ਦਾਅਵਾ ਕਰਨ ਵਾਲੀ ਆਮ ਆਦਮੀ ਪਾਰਟੀ ਦੇ ਆਪਣੇ ਹੀ ਮੰਤਰੀ ਪੰਜਾਬ ਵਿੱਚ ਭ੍ਰਿਸ਼ਟਾਚਾਰ ਫੈਲਾ ਰਹੇ ਹਨ, ਪਰ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਮੰਤਰੀਆਂ ਨੂੰ ਬਚਾਉਣ ਵਿੱਚ ਲੱਗੇ ਹੋਏ ਹਨ, ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿਚ ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ, ਬੇਰੁਜ਼ਗਾਰ ਨੌਕਰੀ ਦੀ ਮੰਗ ਨੂੰ ਲੈ ਕੇ ਪਾਣੀ ਵਾਲੀਆਂ ਟੈਂਕੀਆਂ ਤੇ ਟਾਵਰਾਂ ‘ਤੇ ਚੜ੍ਹੇ ਹੋਏ ਹਨ, ਪਰ ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਪੈਸੇ ਦਾ ਦੁਰਵਰਤੋਂ ਕਰਕੇ ਅਰਵਿੰਦ ਕੇਜਰੀਵਾਲ ਦੇ ਲਈ ਗੁਜਰਾਤ ਅਤੇ ਹਿਮਾਚਲ ਚ ਚੋਣ ਪ੍ਰਚਾਰ ਕਰ ਰਿਹਾ ਹੈ | ਉੱਥੇ ਹੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੇ ਅਨੇਕਾਂ ਮੁੱਦਿਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਸਰਕਾਰ ਨੂੰ ਕਰੜੇ ਹੱਥੀਂ ਲਿਆ।