ਚੰਡੀਗੜ੍ਹ, 3 ਜਨਵਰੀ : ਪੰਜਾਬ ਵਿਚ ਠੰਢ ਅਤੇ ਸੰਘਣੀ ਧੁੰਦ ਦਾ ਕਹਿਰ ਜਾਰੀ ਹੈ, ਇਸ ਦੇ ਨਾਲ ਹੀ ਮੌਸਮ ਵਿਭਾਗ ਅਨੁਸਾਰ ਬੁੱਧਵਾਰ ਨੂੰ ਵੀ ਪੰਜਾਬ ਦੇ 23 ਜ਼ਿਲ੍ਹਿਆਂ ਵਿੱਚ ਧੁੰਦ ਅਤੇ ਠੰਢ ਦਾ ਕਹਿਰ ਜਾਰੀ ਰਹੇਗਾ। ਵਿਭਾਗ ਨੇ ਸੰਘਣੀ ਧੁੰਦ ਅਤੇ ਠੰਢ ਦਾ ਅਲਰਟ ਜਾਰੀ ਕੀਤਾ ਹੈ। ਦੂਜੇ ਪਾਸੇ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਜਦੋਂ ਕਿ ਗੁਰਦਾਸਪੁਰ ਵਿੱਚ ਵੱਧ ਤੋਂ ਵੱਧ ਤਾਪਮਾਨ 9 ਡਿਗਰੀ ਦਰਜ ਕੀਤਾ ਗਿਆ ਹੈ। ਜਦਕਿ ਮੋਹਾਲੀ ਦਾ ਵੱਧ ਤੋਂ ਵੱਧ ਤਾਪਮਾਨ 13.2 ਡਿਗਰੀ ਰਿਹਾ। ਵਿਭਾਗ ਨੇ ਲੋਕਾਂ ਨੂੰ ਹੌਲੀ-ਹੌਲੀ ਗੱਡੀ ਚਲਾਉਣ ਅਤੇ ਪੈਦਲ ਚੱਲਣ ਆਦਿ ਤੋਂ ਬਚਣ ਦੀ ਸਲਾਹ ਦਿੱਤੀ ਹੈ। ਮੌਸਮ ਵਿਭਾਗ ਮੁਤਾਬਕ ਚੱਕਰਵਾਤੀ ਹਵਾਵਾਂ ਦਾ ਘੇਰਾ ਹਰਿਆਣਾ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ 'ਤੇ ਹੈ। ਇਸ ਕਾਰਨ ਪੰਜਾਬ ਵਿੱਚ ਮੌਸਮ ਖੁਸ਼ਕ ਰਹੇਗਾ। ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਦੇ ਨਾਲ ਹੀ ਸੂਬੇ ਵਿੱਚ ਅੱਜ ਤੋਂ 6 ਜਨਵਰੀ ਤੱਕ ਸੰਘਣੀ ਧੁੰਦ ਛਾਈ ਰਹੇਗੀ। ਅਜਿਹੇ 'ਚ ਲੋਕਾਂ ਨੂੰ ਆਪਣਾ ਧਿਆਨ ਰੱਖਣਾ ਹੋਵੇਗਾ। ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿਚ ਵੱਧ ਤੋਂ ਵੱਧ ਤਾਪਮਾਨ 13.2 ਡਿਗਰੀ ਤੋਂ ਹੇਠਾਂ ਦਰਜ ਕੀਤਾ ਗਿਆ। ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 10.4 ਡਿਗਰੀ ਦਰਜ ਕੀਤਾ ਗਿਆ, ਜੋ ਆਮ ਨਾਲੋਂ 6.7 ਡਿਗਰੀ ਘੱਟ ਸੀ। ਇਸੇ ਤਰ੍ਹਾਂ ਜਲੰਧਰ ਦਾ ਵੱਧ ਤੋਂ ਵੱਧ ਤਾਪਮਾਨ 11.6 ਡਿਗਰੀ ਦਰਜ ਕੀਤਾ ਗਿਆ। ਜਦਕਿ ਲੁਧਿਆਣਾ 11.7 ਡਿਗਰੀ, ਰੋਪੜ 11.1 ਡਿਗਰੀ ਰਿਹਾ। ਪੰਜਾਬ ਦੇ ਹੋਰ ਸ਼ਹਿਰਾਂ ਵਿਚ ਵੀ ਇਹੋ ਸਥਿਤੀ ਬਣੀ ਹੋਈ ਹੈ।