ਚੰਡੀਗੜ੍ਹ, 03 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਕਿਰਤ, ਸਿਕਾਇਤ ਨਿਵਾਰਣ, ਨਿਵੇਸ਼ ਪ੍ਰੋਤਸਾਹਨ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਉਸਾਰੀ ਕਿਰਤੀਆਂ ਨੂੰ ਸਰਕਾਰੀ ਸਕੀਮਾਂ ਦੀ ਜਾਣਕਾਰੀ ਦੇਣ ਅਤੇ ਰਜਿਸ੍ਰਟੇਸ਼ਨ ਕਰਨ ਲਈ ਪਿਛਲੇ 11 ਮਹੀਨਿਆਂ ਦੌਰਾਨ 655 ਜਾਗਰੂਕਤਾ ਕੈਂਪ ਆਯੋਜਿਤ ਕੀਤੇ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਮੰਤਰੀ ਨੇ ਦੱਸਿਆ ਕਿ ਜਿਲ੍ਹਾ ਪੱਧਰ ਤੇ ਲਗਾਏ ਗਏ 655 ਜਾਗਰੂਕਤਾ ਕੈਂਪਾਂ ਦੌਰਾਨ 7708 ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਕੀਤੀ ਗਈ ਜਿਨਹਾਂ ਨੂੰ ਸ਼ਾਮਿਲ ਕਰਕੇ ਹੁਣ 6.42 ਲੱਖ ਲਾਈਵ ਉਸਾਰੀ ਕਿਰਤੀ ਹੋ ਗਏ ਹਨ ਜੋ ਕਿ ਸਰਕਾਰੀ ਸਕੀਮਾਂ ਦੇ ਲਾਭ ਪਾਤਰੀ ਹਨ। ਮੰਤਰੀ ਨੇ ਦੱਸਿਆ ਕਿ ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਦੀਆਂ ਸਕੀਮਾਂ ਵਿੱਚ ਵਜ਼ੀਫ਼ਾ ਸਕੀਮ, ਸ਼ਗਨ ਸਕੀਮ, ਐਕਸਗ੍ਰੇਸ਼ੀਆ ਸਕੀਮ, ਐਨਕਾਂ, ਦੰਦਾਂ ਅਤੇ ਸੁਣਨ ਯੰਤਰ ਦੇਣਾ ਅਤੇ ਹੋਰ ਸਕੀਮਾਂ ਆਦਿ ਸ਼ਾਮਿਲ ਹਨ। ਉਨਾਂ ਕਿਹਾ ਕਿ ਕੋਈ ਵੀ ਉਸਾਰੀ ਕਿਰਤੀ ਜਿਸ ਨੇ ਪਿਛਲੇ 12 ਮਹੀਨਿਆਂ ਵਿਚ 90 ਦਿਨਾਂ ਤੋਂ ਵੱਧ ਬਤੌਰ ਉਸਾਰੀ ਕਿਰਤੀ ਕੰਮ ਕੀਤਾ ਹੋਵੇ ਅਤੇ ਉਸ ਦੀ ਉਮਰ 18-60 ਸਾਲਾਂ ਵਿਚਕਾਰ ਹੋਵੇ ਉਹ ਵਿਅਕਤੀ ਲਾਭਪਾਤਰੀ ਬਣ ਸਕਦਾ ਹੈ। ਉਨ੍ਹਾਂ ਦੱਸਿਆ ਕਿ ਉਸਾਰੀ ਕਿਰਤੀ ਨੇੜੇ ਦੇ ਸੇਵਾ ਕੇਂਦਰ ਵਿਚ ਜਾ ਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ। ਮੰਤਰੀ ਨੇ ਵਿਆਖਿਆ ਕੀਤੀ ਕਿ ਸੂਬਾ ਸਰਕਾਰ ਵੱਲੋਂ ਉਸਾਰੀ ਕਿਰਤੀਆਂ ਦੀ ਸੁਵਿਧਾ ਲਈ ਮੋਬਾਇਲ ਐਪ “ਪੰਜਾਬ ਕਿਰਤੀ ਸਹਾਇਕ“ ਲਾਂਚ ਕੀਤੀ ਹੋਈ ਹੈ। ਉਨ੍ਹਾ ਕਿਹਾ ਕਿ ਇਸ ਮੋਬਾਇਲ ਐਪ ਨਾਲ ਉਸਾਰੀ ਕਿਰਤੀ ਆਪਣੇ ਮੋਬਾਇਲ ਤੋਂ ਖੁੱਦ ਹੀ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਰਜਿਸਟ੍ਰਸ਼ਨ ਕਰ ਸਕਦਾ ਹੈ। ਮੰਤਰੀ ਨੇ ਕਿਹਾ ਭਵਿੱਖ ਵਿੱਚ ਵੀ ਉਸਾਰੀ ਕਿਰਤੀਆਂ ਦੀ ਭਲਾਈ ਸਮੇਂ ਸਮੇਂ ਜਿਲ੍ਹਾ ਪੱਧਰ ਤੇ ਜਾਗਰੂਕਤਾ ਕੈਂਪ ਆਯੋਜਿਤ ਕੀਤੇ ਜਾਣਗੇ।