ਮੁਕਤਸਰ, 22 ਦਸੰਬਰ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਰਕਾਰ ਤੋਂ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਾਰੇ ਸਰਬ ਪਾਰਟੀ ਮੀਟਿੰਗ ਬੁਲਾਉਣ ਦੀ ਮੰਗ ਕੀਤੀ ਹੈ। ਉਹ ਦੇਸ਼ ਵਿਰੋਧੀ ਤਾਕਤਾਂ 'ਤੇ ਵੀ ਵਰ੍ਹੇ, ਜੋ ਬੜੀ ਮੁਸ਼ਕਲ ਨਾਲ ਹਾਸਿਲ ਕੀਤੀ ਪੰਜਾਬ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ ਅਤੇ ਨੌਜਵਾਨਾਂ ਅਤੇ ਬੇਕਸੂਰ ਲੋਕਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਮੁਕਤਸਰ ਅਤੇ ਬਠਿੰਡਾ ਵਿੱਚ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਦੌਰਾਨ ਵੜਿੰਗ ਨੇ ਪੰਜਾਬ ਵਿੱਚ ਲਗਾਤਾਰ ਹੋ ਰਹੇ ਅਪਰਾਧਾਂ ਅਤੇ ਕਤਲਾਂ ਦਾ ਜ਼ਿਕਰ ਕੀਤਾ, ਜੋ ਚਿੰਤਾ ਦਾ ਵਿਸ਼ਾ ਬਣ ਚੁੱਕੇ ਹਨ। ਜਿਸ ਕਾਰਨ ਲੋਕਾਂ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਲੁਧਿਆਣਾ ਦੇ ਉੱਘੇ ਉਦਯੋਗਪਤੀਆਂ ਦੇ ਇੱਕ ਵਫ਼ਦ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਸੂਬੇ ਵਿੱਚ ਨਿਵੇਸ਼ ਦੀਆਂ ਸੰਭਾਵਨਾਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਹੈ, ਜੋ ਪੰਜਾਬ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਤੋਂ ਡਰੇ ਹੋਏ ਹਨ। ਇਸ ਮੁੱਦੇ 'ਤੇ ਵਿਚਾਰ ਕਰਨ ਲਈ ਸਰਬ ਪਾਰਟੀ ਮੀਟਿੰਗ ਬੁਲਾਉਣ ਦੀ ਸਲਾਹ ਦਿੰਦਿਆਂ, ਉਨ੍ਹਾਂ ਕਿਹਾ ਕਿ ਅਸੀਂ ਲਗਾਤਾਰ ਕਹਿ ਰਹੇ ਹਾਂ ਕਿ ਇਨ੍ਹਾਂ ਨੂੰ ਸਰਕਾਰ ਚਲਾਉਣੀ ਨਹੀਂ ਆਉਂਦੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਪੰਜਾਬ ਨੂੰ ਗੈਰ ਤਜੁਰਬੇਕਾਰ ਅਤੇ ਨਿਕੰਮੀ ਆਮ ਆਦਮੀ ਪਾਰਟੀ ਦੀ ਸਰਕਾਰ ਬਰਬਾਦ ਦੇਵੇਗੀ। ਇੱਕ ਨਿਊਜ਼ ਮੈਗਜ਼ੀਨ ਵੱਲੋਂ ਪੰਜਾਬ ਨੂੰ ਅਮਨ-ਕਾਨੂੰਨ ਦੇ ਮਾਮਲੇ ਵਿੱਚ ਸਭ ਤੋਂ ਵਧੀਆ ਸੂਬੇ ਵਜੋਂ ਗੁਜਰਾਤ ਤੋਂ ਬਾਅਦ ਦੂਜੇ ਨੰਬਰ ’ਤੇ ਰੱਖਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਸੂਬਾ ਕਾਂਗਰਸ ਪ੍ਰਧਾਨ ਨੇ ਇਸਦੇ ਆਧਾਰ ’ਤੇ ਸਵਾਲ ਕੀਤਾ, ਜਿਨ੍ਹਾਂ ਨੇ ਇਸ ਦੌਰਾਨ ਲਗਾਤਾਰ ਹੋਈਆਂ ਹੱਤਿਆਵਾਂ ਅਤੇ ਲੋਕਾਂ ਤੋਂ ਫਿਰੌਤੀ ਮੰਗਣ ਦੀਆਂ ਘਟਨਾਵਾਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਨੇ ਸਰਵੇਖਣ ਦੀ ਹਮਾਇਤ ਕਰਨ 'ਤੇ 'ਆਪ' ਸਰਕਾਰ 'ਤੇ ਚੁਟਕੀ ਲਈ, ਜਦਕਿ ਉਸਨੇ ਪੰਜਾਬ ਦੇ ਸਿੱਖਿਆ ਮਾਡਲ, ਜਿਸਨੂੰ ਕਾਂਗਰਸ ਦੇ ਸ਼ਾਸਨ ਦੌਰਾਨ ਭਾਰਤ ਵਿਚ ਸਭ ਤੋਂ ਉੱਚੇ ਸਥਾਨ 'ਤੇ ਰੱਖਿਆ ਗਿਆ ਸੀ, 'ਤੇ ਸਰਵੇਖਣ ਨੂੰ ਰੱਦ ਕੀਤਾ। ਇਸ ਤੋਂ ਪਹਿਲਾਂ ਸੂਬਾ ਕਾਂਗਰਸ ਪ੍ਰਧਾਨ ਨੇ ਮੁਕਤਸਰ ਜ਼ਿਲ੍ਹਾ ਕਾਂਗਰਸ ਪ੍ਰਧਾਨ ਦਾ ਚਾਰਜ ਸ਼ੁਭਦੀਪ ਸਿੰਘ ਬਿੱਟੂ ਨੂੰ ਸੌਂਪਿਆ ਅਤੇ ਬਾਅਦ ਵਿੱਚ ਰਾਜਨ ਗਰਗ ਅਤੇ ਖੁਸ਼ਬਾਜ਼ ਜਟਾਣਾ ਨੂੰ ਸ਼ਹਿਰੀ ਤੇ ਦਿਹਾਤੀ ਜ਼ਿਲ੍ਹਾ ਕਾਂਗਰਸ ਕਮੇਟੀਆਂ ਬਠਿੰਡਾ ਦੇ ਪ੍ਰਧਾਨ ਵਜੋਂ ਅਹੁਦਾ ਸੌਂਪਿਆ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਉਹ ਪਾਰਟੀ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਖਰੇ ਉਤਰਨਗੇ।