ਚੰਡੀਗੜ੍ਹ, 30 ਮਾਰਚ : ਪੰਜਾਬ ਸਰਕਾਰ ਝੋਨੇ ਤੇ ਕਣਕ ਦਾ ਬਦਲ ਲੱਭੇਗੀ ਤਾਂ ਜੋ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇ। ਇਸ ਲਈ ਪੰਜਾਬ ਸਰਕਾਰ ਨੇ ਇੱਕ ਕਮੇਟੀ ਕਾਇਮ ਕੀਤੀ ਹੈ। ਇਹ ਕਮੇਟੀ ਪਿੰਡਾਂ ਦਾ ਦੌਰਾ ਕਰਕੇ ਖੇਤਾਂ ਦਾ ਜਾਇਜ਼ਾ ਲੈਣ ਤੋਂ ਇਲਾਵਾ ਕਿਸਾਨਾਂ ਦੀ ਰਾਏ ਵੀ ਲਵੇਗੀ। ਇਹ ਦਾਅਵਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਹੈ। ਸੀਐਮ ਮਾਨ ਨੇ ਕਿਹਾ ਹੈ ਕਿ ਸੂਬੇ 'ਚ ਝੋਨੇ ਤੇ ਕਣਕ ਦੀ ਪੈਦਾਵਾਰ ਕਾਰਨ ਧਰਤੀ ਹੇਠਲਾ ਪਾਣੀ ਤੇਜ਼ੀ ਨਾਲ ਹੇਠਾਂ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਸਕੱਤਰ ਵੀਕੇ ਜੰਜੂਆ ਦੀ ਅਗਵਾਈ ਹੇਠ ਕਮੇਟੀ ਕਾਇਮ ਕੀਤੀ ਗਈ ਹੈ ਤਾਂ ਜੋ ਝੋਨੇ ਦੀ ਕਾਸ਼ਤ ਦੇ ਬਦਲ ਦੀ ਘੋਖ ਕੀਤੀ ਜਾ ਸਕੇ। ਸੀਐਮ ਮਾਨ ਨੇ ਕਿਹਾ ਕਿ ਕਮੇਟੀ ਪਿੰਡਾਂ ਦਾ ਦੌਰਾ ਕਰੇਗੀ ਤੇ ਕਿਸਾਨਾਂ ਨਾਲ ਗੱਲ ਕਰੇਗੀ ਕਿ ਝੋਨੇ ਦੇ ਬਦਲ ਵਜੋਂ ਕਿਹੜੀਆਂ ਫਸਲਾਂ ਉਗਾਈਆਂ ਜਾ ਸਕਦੀਆਂ ਹਨ। ਦੱਸ ਦਈਏ ਕਿ ਹਾਲ ਹੀ ਵਿੱਚ ਦੋ ਉੱਘੇ ਖੇਤੀ ਵਿਗਿਆਨੀਆਂ ਡਾ. ਗੁਰਦੇਵ ਸਿੰਘ ਖੁਸ਼ ਅਤੇ ਬਿਕਰਮ ਸਿੰਘ ਗਿੱਲ ਨੇ ਕਮੇਟੀ ਨਾਲ ਮੁਲਾਕਾਤ ਕੀਤੀ ਸੀ ਤੇ ਝੋਨੇ ਦੀ ਥਾਂ ਬਾਸਮਤੀ, ਸੋਇਆਬੀਨ ਅਤੇ ਮੱਕੀ ਬੀਜਣ ਦੀ ਸਿਫਾਰਸ਼ ਕੀਤੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਮੁੱਖ ਸਕੱਤਰ ਦੀ ਅਗਵਾਈ ਵਾਲੀ ਕਮੇਟੀ ਉਨ੍ਹਾਂ ਨੂੰ ਰਿਪੋਰਟ ਸੌਂਪੇਗੀ।