ਚੰਡੀਗੜ੍ਹ, 24 ਜੁਲਾਈ : ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ ਨੇ ਕਰਵਟ ਲੈ ਲਈ ਹੈ। ਅੱਜ ਜਿੱਥੇ ਸੂਬੇ ਵਿੱਚ ਕਈ ਥਾਵਾਂ ’ਤੇ ਬੱਦਲ ਛਾਏ ਰਹੇ, ਉਥੇ ਹੀ ਜਲੰਧਰ ਸਮੇਤ ਆਸ-ਪਾਸ ਦੇ ਇਲਾਕਿਆਂ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਈ। ਜਲੰਧਰ ‘ਚ ਭਾਰੀ ਮੀਂਹ ਨੇ ਸੜਕਾਂ ਨੂੰ ਨਹਿਰਾਂ ‘ਚ ਤਬਦੀਲ ਕਰ ਦਿੱਤਾ ਹੈ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਬੁੱਧਵਾਰ ਅਤੇ ਵੀਰਵਾਰ ਨੂੰ ਪੰਜਾਬ ਭਰ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਦੋ ਦਿਨਾਂ ਤੋਂ ਪੈ ਰਹੀ ਬਰਸਾਤ ਕਾਰਨ ਘੱਗਰ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਹਰ ਤਰ੍ਹਾਂ ਦੀਆਂ ਸਾਵਧਾਨੀਆਂ ਵਰਤੀਆਂ ਜਾ ਰਹੀਆਂ ਹਨ। ਮੀਡੀਆ ਰਿਪੋਰਟਾਂ ਮੁਤਾਬਕ ਮੌਸਮ ਵਿਭਾਗ ਨੇ ਅਗਲੇ 4 ਦਿਨਾਂ ਤੱਕ ਭਾਰੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਚੰਡੀਗੜ੍ਹ ਸਮੇਤ ਪੰਚਕੂਲਾ ਅਤੇ ਮੋਹਾਲੀ ‘ਚ 25 ਤੋਂ 27 ਤੱਕ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਮੰਗਲਵਾਰ ਨੂੰ ਵੀ ਉੱਤਰ ਭਾਰਤ ‘ਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਵਿਭਾਗ ਨੇ ਐਤਵਾਰ ਨੂੰ ਕਿਹਾ ਸੀ ਕਿ 25 ਜੁਲਾਈ ਤੋਂ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਵੱਖ-ਵੱਖ ਥਾਵਾਂ ‘ਤੇ ਭਾਰੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।