ਚੰਡੀਗੜ੍ਹ, 30 ਜੁਲਾਈ : ਪੰਜਾਬ ‘ਚ ਮੌਸਮ ਵਿਭਾਗ ਮੁਤਾਬਕ ਪਹਿਲੀ ਅਗਸਤ ਤੋਂ ਦੇਸ਼ ਵਿਚ ਬਾਰਸ਼ ਦਾ ਨਵਾਂ ਦੌਰ ਸ਼ੁਰੂ ਹੋਵੇਗਾ। ਪਹਿਲੀ ਅਗਸਤ ਨੂੰ ਮੌਸਮ ਮੁੜ ਬਦਲੇਗਾ। ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਬੱਦਲ ਛਾਏ ਰਹਿਣ, ਬੂੰਦਾਬਾਂਦੀ ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਤਿੰਨ ਅਗਸਤ ਨੂੰ ਪੰਜਾਬ ’ਚ ਸਾਧਾਰਨ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਮੰਗਲਵਾਰ ਤੋਂ ਅਗਲੇ ਤਿੰਨ ਦਿਨਾਂ ਤੱਕ ਗਰਜ਼-ਤੂਫਾਨ ਨਾਲ ਫਿਰ ਤੋਂ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪੰਜਾਬ ਦੇ ਮੌਸਮ ਨੂੰ ਲੈ ਕੇ ਭਵਿੱਖਬਾਣੀ ਕੀਤੀ ਹੈ। ਜਿਸ ਦੇ ਮੁਤਾਬਕ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਦੇ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਸ਼ਨੀਵਾਰ ਨੂੰ ਕਿਹਾ ਕਿ ਅਗਲੇ 4-5 ਦਿਨਾਂ ਦੌਰਾਨ ਪੂਰਬੀ, ਉੱਤਰ-ਪੂਰਬ ਅਤੇ ਪੂਰਬੀ ਮੱਧ ਭਾਰਤ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਜਾਰੀ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਗਿਆਨ ਏਜੰਸੀ ਨੇ ਭਵਿੱਖਬਾਣੀ ਕੀਤੀ ਹੈ ਕਿ ਉੱਤਰ ਪੱਛਮੀ ਭਾਰਤ ਵਿੱਚ 2 ਅਗਸਤ ਨੂੰ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਜਦੋਂ ਕਿ ਹਿਮਾਚਲ ਪ੍ਰਦੇਸ਼, ਪੰਜਾਬ, ਪੱਛਮੀ ਉੱਤਰ ਪ੍ਰਦੇਸ਼, ਹਰਿਆਣਾ ਅਤੇ ਪੂਰਬੀ ਰਾਜਸਥਾਨ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ। ਵੱਖ-ਵੱਖ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਵੀ ਸੰਭਾਵਨਾ ਹੈ।