ਚੰਡੀਗੜ੍ਹ, 31 ਜੁਲਾਈ 2024 : ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਉੱਪਰ ਐਨਐਸਏ ਲਾਉਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਸਬੰਧੀ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਹਾਈਕੋਰਟ ਨੇ 28 ਅਗਸਤ ਲਈ ਕੇਂਦਰ ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਅਦਾਲਤ ਨੇ ਸਰਕਾਰ ਦੇ ਵੀਕਲ ਨੂੰ ਐਨਐਸਏ ਲਾਉਣ ਨਾਲ ਸਬੰਧਤ ਰਿਕਾਰਡ ਪੇਸ਼ ਕਰਨ ਲਈ ਵੀ ਕਿਹਾ ਹੈ। ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਨੇ ਆਪਣੇ 'ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਦੇ ਵਾਧੇ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ 'ਚ ਚੁਣੌਤੀ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸੰਸਦ ਮੈਂਬਰ 'ਤੇ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਲਾਉਣਾ ਗਲਤ ਹੈ। ਇਸ ਮਾਮਲੇ ਦੀ ਅੱਜ ਅਦਾਲਤ ਵਿੱਚ ਸੁਣਵਾਈ ਹੋਈ। ਅਦਾਲਤ ਨੇ ਇਸ ਮਾਮਲੇ ਵਿੱਚ ਕੇਂਦਰ ਤੇ ਪੰਜਾਬ ਸਰਕਾਰਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਇਸ ਦੌਰਾਨ ਮਾਮਲੇ ਦੀ ਅਗਲੀ ਸੁਣਵਾਈ 28 ਅਗਸਤ ਨੂੰ ਤੈਅ ਕੀਤੀ ਗਈ ਹੈ। ਹਾਲਾਂਕਿ ਪਿਛਲੀ ਸੁਣਵਾਈ ਦੀ ਸ਼ੁਰੂਆਤ 'ਚ ਸਰਕਾਰੀ ਵਕੀਲ ਨੇ ਪਟੀਸ਼ਨ 'ਚ ਤਕਨੀਕੀ ਖਾਮੀਆਂ ਦਾ ਮੁੱਦਾ ਉਠਾਇਆ ਸੀ। ਉਨ੍ਹਾਂ ਨੇ ਕਿਹਾ ਸੀ ਕਿ ਅੰਮ੍ਰਿਤਪਾਲ ਸਿੰਘ ਦੇ ਘਰ ਦਾ ਪਤਾ ਤੇ ਉਨ੍ਹਾਂ ਦੇ ਮਾਤਾ-ਪਿਤਾ ਦੀ ਉਮਰ ਸਹੀ ਨਹੀਂ। ਇਸ ਤੋਂ ਬਾਅਦ ਉਨ੍ਹਾਂ ਦੇ ਵਕੀਲ ਨੇ ਸੋਧ ਲਈ ਸਮਾਂ ਮੰਗਿਆ ਸੀ। ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਅਦਾਲਤ ਵਿੱਚ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਐਨਐਸਏ ਦੀ ਮਿਆਦ ਇੱਕ ਸਾਲ ਵਧਾਉਣਾ ਪੂਰੀ ਤਰ੍ਹਾਂ ਗਲਤ ਹੈ। ਉਨ੍ਹਾਂ ਨੇ ਆਪਣੇ ਖਿਲਾਫ ਕੀਤੀ ਗਈ ਕਾਰਵਾਈ ਨੂੰ ਗੈਰ-ਸੰਵਿਧਾਨਕ ਦੱਸਿਆ ਹੈ। ਉਨ੍ਹਾਂ ਕਿਹਾ ਕਿ ਉਹ ਇਕ ਸਾਲ ਤੋਂ ਵੱਧ ਸਮੇਂ ਤੋਂ ਆਪਣੇ ਰਾਜ, ਰਿਸ਼ਤੇਦਾਰਾਂ ਤੇ ਲੋਕਾਂ ਤੋਂ ਦੂਰ ਹਨ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਦੀ ਜ਼ਿੰਦਗੀ ਤੇ ਆਜ਼ਾਦੀ ਨੂੰ ਅਸਾਧਾਰਨ ਤੇ ਬੇਰਹਿਮ ਤਰੀਕੇ ਨਾਲ ਖੋਹ ਲਿਆ ਗਿਆ ਹੈ।