
ਫਰੀਦਕੋਟ, 28 ਮਾਰਚ 2025 : ਫਰੀਦਕੋਟ ਜ਼ਿਲ੍ਹੇ ਦੇ ਪਿੰਡ ਕੰਨਿਆਂਵਾਲੀ ਵਿੱਚ ਇੱਕ ਨੌਜਵਾਨ ਨੇ ਆਪਣੀ ਭੈਣ ਅਤੇ ਜੀਜੇ ਦਾ ਕਥਿਤ ਤੌਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਮ੍ਰਿਤਕ ਲੜਕੀ ਨੇ ਪ੍ਰੇਮ ਵਿਆਹ ਕਰਵਾਇਆ ਸੀ ਅਤੇ ਕਾਫੀ ਸਮੇਂ ਬਾਅਦ ਉਹ ਆਪਣੇ ਪਤੀ ਨਾਲ ਆਪਣੇ ਨਾਨਕੇ ਪਰਿਵਾਰ ਨੂੰ ਮਿਲਣ ਆਈ ਸੀ। ਮ੍ਰਿਤਕਾਂ ਦੀ ਪਛਾਣ ਹਰਪ੍ਰੀਤ ਕੌਰ (28) ਅਤੇ ਰੇਸ਼ਮ ਸਿੰਘ (38) ਵਾਸੀ ਮੋਗਾ ਜ਼ਿਲ੍ਹੇ ਦੇ ਆਲਮ ਵਾਲਾ ਵਜੋਂ ਹੋਈ ਹੈ। ਪੁਲਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਾਲਿਆਂ ਵਾਲੀ ਦੀ ਵਸਨੀਕ ਹਰਪ੍ਰੀਤ ਕੌਰ ਨੇ ਕੁਝ ਸਮਾਂ ਪਹਿਲਾਂ ਆਪਣੇ ਪਰਿਵਾਰ ਦੇ ਖ਼ਿਲਾਫ਼ ਆਲਮ ਵਾਲਾ ਵਾਸੀ ਰੇਸ਼ਮ ਸਿੰਘ ਨਾਲ ਪ੍ਰੇਮ ਵਿਆਹ ਕਰਵਾਇਆ ਸੀ ਅਤੇ ਉਸ ਦੇ ਪਰਿਵਾਰਕ ਮੈਂਬਰ ਪਿਛਲੇ ਕਾਫ਼ੀ ਸਮੇਂ ਤੋਂ ਉਸ ਨਾਲ ਨਾਰਾਜ਼ ਸਨ। ਪਰ ਸਮੇਂ ਦੇ ਨਾਲ ਪਰਿਵਾਰ ਵਿੱਚ ਸੁਲ੍ਹਾ ਹੋ ਗਈ ਅਤੇ ਬੀਤੀ ਰਾਤ ਹਰਪ੍ਰੀਤ ਕੌਰ ਆਪਣੇ ਪਤੀ ਰੇਸ਼ਮ ਸਿੰਘ ਨਾਲ ਆਪਣੇ ਪਰਿਵਾਰ ਨੂੰ ਮਿਲਣ ਲਈ ਪਿੰਡ ਕੰਨਿਆਂਵਾਲੀ ਆਈ ਸੀ। ਜਿਨ੍ਹਾਂ ਦਾ ਅੱਜ ਸਵੇਰੇ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਸਾਦਿਕ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਦੋਵਾਂ ਦੀਆਂ ਲਾਸ਼ਾਂ ਨੂੰ ਆਪਣੇ ਕਬਜ਼ੇ 'ਚ ਲੈ ਲਿਆ। ਜਾਣਕਾਰੀ ਦਿੰਦਿਆਂ ਐਸਪੀ ਫ਼ਰੀਦਕੋਟ ਜਸਮੀਤ ਸਿੰਘ ਨੇ ਦੱਸਿਆ ਕਿ ਪੁਲਿਸ ਥਾਣਾ ਸਾਦਿਕ ਨੂੰ ਕਤਲ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਪੁਲੀਸ ਨੂੰ ਪਤਾ ਲੱਗਾ ਹੈ ਕਿ ਕਤਲ ਕੀਤੇ ਪਤੀ-ਪਤਨੀ ਸਨ ਅਤੇ ਸ਼ੱਕ ਹੈ ਕਿ ਇਨ੍ਹਾਂ ਦਾ ਕਤਲ ਮ੍ਰਿਤਕ ਲੜਕੀ ਦੇ ਭਰਾ ਵੱਲੋਂ ਕੀਤਾ ਗਿਆ ਹੈ। ਉਸ ਨੇ ਦੱਸਿਆ ਕਿ ਲੜਕੀ ਦਾ ਭਰਾ ਆਪਣੀ ਜੀਜੇ ਅਤੇ ਭੈਣ ਨੂੰ ਪਸੰਦ ਨਹੀਂ ਕਰਦਾ ਸੀ ਅਤੇ ਉਸ ਨੂੰ ਇਹ ਵੀ ਸ਼ੱਕ ਸੀ ਕਿ ਉਸ ਦੀ ਭੈਣ ਉਨ੍ਹਾਂ ਦੇ ਪਿਤਾ ਦੀ ਜਾਇਦਾਦ ਵਿਚ ਕੋਈ ਹਿੱਸਾ ਨਾ ਲੈ ਲਵੇ। ਉਨ੍ਹਾਂ ਦੱਸਿਆ ਕਿ ਅਸੀਂ ਸ਼ੱਕੀ ਕਾਤਲ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ ਅਤੇ ਕਤਲ ਦਾ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।