ਚੰਡੀਗੜ੍ਹ, 9 ਜੂਨ : ਕਰੋੜਾਂ ਰੁਪਏ ਦੀ ਡਰੱਗ ਤਸਕਰੀ ਨਾਲ ਸਬੰਧਤ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਤੋਂ ਮੁੜ ਪੁੱਛਗਿੱਛ ਕਰੇਗੀ। ਜਾਂਚ ਇਸੇ ਮਹੀਨੇ ਹੋਵੇਗੀ। ਦੱਸ ਦਈਏ ਕਿ SIT ਨੇ ਮਜੀਠੀਆ ਨੂੰ 18 ਜੂਨ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਮਜੀਠੀਆ ਨੂੰ ਪੁੱਛਗਿੱਛ ਲਈ ਪਟਿਆਲਾ ਪੁਲਿਸ ਲਾਈਨ ਵਿਖੇ ਪੇਸ਼ ਹੋਣਾ ਪਵੇਗਾ। ਇਸ ਮਾਮਲੇ ਦੀ ਜਾਂਚ ਪਟਿਆਲਾ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਵੱਲੋਂ ਕੀਤੀ ਜਾ ਰਹੀ ਹੈ। ਲੋਕ ਸਭਾ ਚੋਣਾਂ ਹੋਣ ਕਾਰਨ ਕਾਰਵਾਈ ਦੀ ਰਫਤਾਰ ਢਿੱਲੀ ਪੈ ਗਈ ਸੀ ਪਰ ਹੁਣ ਚੋਣਾਂ ਖਤਮ ਹੁੰਦਿਆਂ ਹੀ ਜਾਂਚ ਨੇ ਫਿਰ ਤੋਂ ਤੇਜ਼ੀ ਫੜ ਲਈ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਮਜੀਠੀਆ ਦੇ ਕਰੀਬੀ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਇਸ ਦੇ ਨਾਲ ਹੀ ਮਜੀਠੀਆ ਤੋਂ ਜਾਇਦਾਦ ਅਤੇ ਹੋਰ ਦਸਤਾਵੇਜ਼ ਮੰਗੇ ਗਏ ਸਨ। ਜ਼ਿਕਰਯੋਗ ਹੈ ਕਿ ਪੁਲੀਸ ਨੇ ਮਜੀਠੀਆ ਖ਼ਿਲਾਫ਼ ਇਹ ਕੇਸ ਤਿੰਨ ਸਾਲ ਪਹਿਲਾਂ 20 ਦਸੰਬਰ 2021 ਨੂੰ ਕਾਂਗਰਸ ਸਰਕਾਰ ਵੇਲੇ ਦਰਜ ਕੀਤਾ ਸੀ। ਇਸ ਤੋਂ ਬਾਅਦ ਉਹਨਾਂ ਨੂੰ ਜੇਲ੍ਹ ਵੀ ਜਾਣਾ ਪਿਆ। 5 ਮਹੀਨੇ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਮਜੀਠੀਆ ਨੂੰ 10 ਅਗਸਤ 2022 ਨੂੰ ਜ਼ਮਾਨਤ ਮਿਲ ਗਈ ਸੀ।