ਜਲੰਧਰ, 17 ਅਕਤੂਬਰ : ਜਲੰਧਰ ‘ਚ ਦੋ ਬਾਈਕ ਸਵਾਰ ਨੌਜਵਾਨਾਂ ਨੇ ਮਾਂ-ਧੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਇਸ ਤੋਂ ਬਾਅਦ ਪੈਟਰੋਲ ਛਿੜਕ ਕੇ ਲਾਸ਼ਾਂ ਨੂੰ ਸਾੜ ਦਿੱਤਾ ਗਿਆ। ਮ੍ਰਿਤਕਾਂ ਦੀ ਪਛਾਣ ਰਣਜੀਤ ਕੌਰ (ਮਾਂ) ਅਤੇ ਪ੍ਰੀਤੀ (ਧੀ) ਵਾਸੀ ਅਮਰ ਨਗਰ ਵਜੋਂ ਹੋਈ ਹੈ। ਪੁਲਸ ਜਾਂਚ ‘ਚ ਸਾਹਮਣੇ ਆਇਆ ਹੈ ਕਿ ਦੋਸ਼ੀ ਜੱਸਾ ਨੂੰ ਆਪਣੀ ਪਤਨੀ ਪ੍ਰੀਤੀ ਦੇ ਚਰਿੱਤਰ ‘ਤੇ ਸ਼ੱਕ ਸੀ। ਇਸ ਲਈ ਉਸ ਨੇ ਪ੍ਰੀਤੀ ਨੂੰ ਮਾਰਨ ਦਾ ਸ਼ੂਟਰਾਂ ਨੂੰ ਹਾਇਰ ਕੀਤਾ। ਇਹ ਘਟਨਾ ਮੰਗਲਵਾਰ ਨੂੰ ਅਮਰ ਨਗਰ ਵਿਖੇ ਵਾਪਰੀ ਜਿੱਥ ਸਵੇਰੇ ਦੋ ਨੌਜਵਾਨਾਂ ਨੇ ਘਰ ਵਿੱਚ ਦਾਖਲ ਹੋ ਕੇ ਮਾਂ ਅਤੇ ਉਸ ਦੀ ਧੀ ਨੂੰ ਗੋਲੀਆਂ ਮਾਰ ਦਿੱਤੀਆਂ। ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਤੋਂ ਬਾਅਦ ਉਨ੍ਹਾਂ ਦੋਵਾਂ ਲਾਸ਼ਾਂ ‘ਤੇ ਪੈਟਰੋਲ ਪਾ ਕੇ ਅੱਗ ਲਗਾ ਦਿੱਤੀ। ਇਸ ਸਬੰਧੀ ਸੂਚਨਾ ਮਿਲਦੇ ਹੀ ਐਸਐਸਪੀ ਮੁਖਵਿੰਦਰ ਸਿੰਘ ਭੁੱਲਰ ਅਤੇ ਸੀਆਈਏ ਦੀਆਂ ਟੀਮਾਂ ਜਾਂਚ ਲਈ ਮੌਕੇ ’ਤੇ ਪਹੁੰਚ ਗਈਆਂ। ਪ੍ਰੀਤੀ ਦੇ ਪਿਤਾ ਜਗਤਾਰ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਦਾ ਵਿਆਹ ਕਰੀਬ 4 ਸਾਲ ਪਹਿਲਾਂ ਹੋਇਆ ਸੀ। ਵਿਆਹ ਤੋਂ ਬਾਅਦ ਪ੍ਰੀਤੀ ਅਤੇ ਉਸਦੇ ਪਤੀ ਵਿਚਕਾਰ ਝਗੜਾ ਚੱਲ ਰਿਹਾ ਸੀ। ਦੋਵੇਂ ਵੱਖ-ਵੱਖ ਰਹਿ ਰਹੇ ਸਨ।ਉਨ੍ਹਾਂ ਦਾ ਇੱਕ ਬੱਚਾ ਵੀ ਹੈ। ਮਾਂ-ਧੀ ਦਾ ਕਤਲ ਕਰਨ ਵਾਲੇ ਦੋਵੇਂ ਮੁਲਜ਼ਮ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਏ ਹਨ। ਪੁਲੀਸ ਨੇ ਇਲਾਕੇ ਦੇ ਸੀਸੀਟੀਵੀ ਕੈਮਰੇ ਕਬਜ਼ੇ ਵਿੱਚ ਲੈ ਲਏ ਹਨ। ਪੁਲਸ ਦਾ ਕਹਿਣਾ ਹੈ ਕਿ ਦੋਸ਼ੀਆਂ ਦੀ ਪਛਾਣ ਕਰ ਲਈ ਗਈ ਹੈ। ਡੀਐਸਪੀ ਕੁੰਵਰ ਵਿਜੇ ਪ੍ਰਤਾਪ ਨੇ ਦੱਸਿਆ ਕਿ ਪਰਿਵਾਰ ਨੇ ਜਵਾਈ ‘ਤੇ ਕਤਲ ਦਾ ਦੋਸ਼ ਲਾਇਆ ਸੀ। ਪੁਲੀਸ ਨੇ ਮੁੱਢਲੀ ਜਾਂਚ ਵੀ ਸ਼ੁਰੂ ਕਰ ਦਿੱਤੀ ਹੈ, ਜਿਸ ਵਿੱਚ ਜਵਾਈ ਦੀ ਭੂਮਿਕਾ ਸ਼ੱਕੀ ਪਾਈ ਗਈ ਸੀ। ਉਨ੍ਹਾਂ ਦੱਸਿਆ ਕਿ ਘਟਨਾ ਤੋਂ ਬਾਅਦ ਦੋਵੇਂ ਮੁਲਜ਼ਮ ਪਿੰਡ ਛੱਡ ਕੇ ਪਤਾਰਾ ਪਹੁੰਚ ਗਏ ਅਤੇ ਉਥੋਂ ਹਾਈਵੇਅ ਰਾਹੀਂ ਫਰਾਰ ਹੋ ਗਏ। ਜਲਦੀ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।