ਜਲੰਧਰ, 12 ਅਪ੍ਰੈਲ : ਸਰਹੱਦ ਪਾਰ ਤੋਂ ਨਾਰਕੋ ਅੱਤਵਾਦ ਨੂੰ ਵੱਡਾ ਝਟਕਾ ਦਿੰਦੇ ਹੋਏ ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਬਦਨਾਮ ਜੈਪਾਲ ਭੁੱਲਰ ਗੈਂਗ ਨਾਲ ਜੁੜੇ ਕਰਾਸ ਬਾਰਡਰ ਡਰੱਗ ਗੈਂਗਸਟਰ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 3 ਕਿਲੋ ਹੈਰੋਇਨ ਅਤੇ ਦੋ ਹਥਿਆਰ ਬਰਾਮਦ ਕਿਤੇ ਹਨ। ਵੇਰਵਿਆਂ ਦਾ ਖੁਲਾਸਾ ਕਰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੂੰ ਸ਼ਹਿਰ ਵਿੱਚ ਕੁਝ ਗਰੋਹਾਂ ਦੀਆਂ ਸ਼ੱਕੀ ਗਤੀਵਿਧੀਆਂ ਬਾਰੇ ਸੂਹ ਮਿਲੀ ਸੀ। ਉਨ੍ਹਾਂ ਦੱਸਿਆ ਕਿ ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਕਾਰਵਾਈ ਕਰਦਿਆਂ ਵੇਰਕਾ ਮਿਲਕ ਪਲਾਂਟ ਸਰਵਿਸ ਰੋਡ ਵਾਲੇ ਪਾਸਿਓਂ ਇੱਕ ਮਾਰੂਤੀ ਸੁਜ਼ੂਕੀ ਸਵਿਫ਼ਟ ਨੰਬਰ ਪੀ.ਬੀ.05-ਏ.ਈ.-9641 ਨੂੰ ਆਉਂਦੇ ਦੇਖਿਆ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲੀਸ ਵੱਲੋਂ ਕਾਰ ਰੋਕਣ ਦੀ ਕੋਸ਼ਿਸ਼ ਦੇ ਬਾਵਜੂਦ ਡਰਾਈਵਰ ਨੇ ਭੱਜਣ ਦੀ ਕੋਸ਼ਿਸ਼ ਵਿੱਚ ਕਾਰ ਨੂੰ ਅਚਾਨਕ ਬੈਕ ਚਲਾ ਦਿੱਤਾ। ਉਧਰ, ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੇ ਕਾਰ ਨੂੰ ਰੋਕਿਆ, ਜਿਸ ਵਿੱਚ ਡਰਾਈਵਰ ਦੀ ਪਹਿਚਾਣ ਸਾਰਜ ਉਰਫ਼ ਬਾਊ ਪੁੱਤਰ ਬੂਟਾ ਸਿੰਘ ਵਾਸੀ ਪਿੰਡ ਖਿਲਚੀਆਂ ਕਦੀਮ, ਥਾਣਾ ਸਦਰ ਫ਼ਿਰੋਜ਼ਪੁਰ ਵਜੋਂ ਹੋਈ ਹੈ ਅਤੇ ਕਾਰ ਦੀ ਤਲਾਸ਼ੀ ਲੈਣ 'ਤੇ 200 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਕਾਰਨ ਸਰਾਜ ਨੂੰ ਉਸੇ ਵੇਲੇ ਗ੍ਰਿਫ਼ਤਾਰ ਕਰ ਲਿਆ ਗਿਆ । ਉਸ ਨੇ ਅੱਗੇ ਦੱਸਿਆ ਕਿ ਦੋਸ਼ੀ ਸਾਰਜ ਦੇ ਖੁਲਾਸੇ ਬਿਆਨ 'ਤੇ ਅਗਲੀ ਤਫ਼ਤੀਸ਼ ਦੇ ਨਤੀਜੇ ਵਜੋਂ ਮਿਤੀ 11-04-2024 ਨੂੰ ਦੋ .32 ਬੋਰ ਦੇ ਪਿਸਤੌਲ ਅਤੇ ਚਾਰ ਕਾਰਤੂਸ ਸਮੇਤ 2.8 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ। ਸ੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਇਹ ਖੁਲਾਸਾ ਹੋਇਆ ਸੀ ਕਿ ਸਾਰਜ 'ਤੇ ਜਬਰੀ ਵਸੂਲੀ, ਕਤਲ ਦੀ ਕੋਸ਼ਿਸ਼, ਸੰਗਠਿਤ ਅਪਰਾਧ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਸਮੇਤ ਕਈ ਪੈਂਡਿੰਗ ਕੇਸ ਸਨ ਅਤੇ 2022 ਵਿੱਚ ਜ਼ਮਾਨਤ 'ਤੇ ਰਿਹਾਅ ਹੋਣ ਤੋਂ ਬਾਅਦ, ਸਾਰਜ ਬਦਨਾਮ ਗੈਂਗਸਟਰ ਜੈਪਾਲ ਭੁੱਲਰ ਦੇ ਅਪਰਾਧਿਕ ਨੈਟਵਰਕ ਨਾਲ ਨੇੜਿਓਂ ਜੁੜ ਗਿਆ ਸੀ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਸਾਰਜ ਨੇ ਗਿਰੋਹ ਦੇ ਇੱਕ ਹੋਰ ਪ੍ਰਮੁੱਖ ਮੈਂਬਰ ਚੰਦੂ ਫ਼ਿਰੋਜ਼ਪੁਰੀਆ ਨਾਲ ਮਹੱਤਵਪੂਰਨ ਸਬੰਧ ਸਥਾਪਿਤ ਕੀਤੇ ਸਨ ਅਤੇ ਇਸ ਤਰ੍ਹਾਂ ਉਹ ਉੱਤਰੀ ਭਾਰਤ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਨਸ਼ੀਲੇ ਪਦਾਰਥਾਂ ਦੇ ਅੱਤਵਾਦ ਵਿੱਚ ਸ਼ਾਮਲ ਹੋ ਗਿਆ ਸੀ। ਉਸਨੇ ਕਿਹਾ ਕਿ, ਦੋਨਾਂ ਨੇ ਆਪਣੇ ਗੈਰ-ਕਾਨੂੰਨੀ ਕਾਰਵਾਈਆਂ ਨੂੰ ਤੇਜ਼ ਕਰਨ ਲਈ ਪਾਕਿਸਤਾਨ ਤੋਂ ਹੈਰੋਇਨ ਮੰਗਵਾਉਣ ਦਾ ਪ੍ਰਬੰਧ ਕੀਤਾ ਅਤੇ ਕਿਹਾ ਕਿ ਸਰਹੱਦ ਪਾਰ ਨਸ਼ਿਆਂ ਦੀ ਤਸਕਰੀ ਵਿੱਚ ਇਸ ਸ਼ਮੂਲੀਅਤ ਨੇ ਸਾਰਜ ਦੀਆਂ ਅਪਰਾਧਿਕ ਗਤੀਵਿਧੀਆਂ ਨੂੰ ਹੋਰ ਵਧਾ ਦਿੱਤਾ, ਜਿਸ ਨਾਲ ਉਸਦੇ ਅਪਰਾਧਾਂ ਵਿਚ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਨੂੰ ਵਿੱਚ ਸ਼ਾਮਲ ਕੀਤਾ ਗਿਆ। ਸ੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਨਸ਼ਿਆਂ ਦੀ ਤਸਕਰੀ ਦੇ ਫੈਲੇ ਸਿੰਡੀਕੇਟ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਖਤਮ ਕਰਨ ਲਈ ਉਨ੍ਹਾਂ ਦੇ ਨੈਟਵਰਕ ਦੀ ਡੂੰਘਾਈ ਵਿੱਚ ਖੋਜ ਕਰਨ, ਹੋਰ ਸਾਥੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਫੜਨ ਲਈ ਡੂੰਘਾਈ ਨਾਲ ਯਤਨ ਕੀਤੇ ਜਾ ਰਹੇ ਹਨ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਹ ਜੈਪਾਲ ਅਤੇ ਚੰਦੂ ਗੈਂਗ ਲਈ ਇੱਕ ਵੱਡਾ ਝਟਕਾ ਹੈ ਜੋ ਕਿ ਜਬਰੀ ਵਸੂਲੀ, ਨਾਰਕੋ ਅੱਤਵਾਦ ਅਤੇ ਹਥਿਆਰਾਂ ਦੀ ਤਸਕਰੀ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਥਾਣਾ ਡਿਵੀਜ਼ਨ 8 ਜਲੰਧਰ ਵਿਖੇ ਐਫਆਈਆਰ 75 ਮਿਤੀ 10-04-2024 ਅਧੀਨ 21-61-85 ਐਨਡੀਪੀਐਸ ਐਕਟ, 25-54-59 ਅਸਲਾ ਐਕਟ ਦਰਜ ਕੀਤੀ ਗਈ ਹੈ। ਸ੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਸਾਰਜ ਵਿਰੁੱਧ ਪਹਿਲਾਂ ਹੀ ਅੱਠ ਐਫਆਈਆਰਜ਼ ਪੈਂਡਿੰਗ ਹਨ, ਉਨ੍ਹਾਂ ਕਿਹਾ ਕਿ ਮਾਮਲੇ ਦੀ ਹੋਰ ਜਾਂਚ ਚੱਲ ਰਹੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ। ਜ਼ਿਕਰਯੋਗ ਹੈ ਕਿ, ਜੈਪਾਲ ਭੁੱਲਰ ਇੱਕ ਖ਼ੌਫ਼ਨਾਕ ਗੈਂਗਸਟਰ ਸੀ ਜਿਸ ਨੂੰ 2021 ਵਿੱਚ ਕੋਲਕਾਤਾ ਵਿੱਚ ਇੱਕ ਮੁਕਾਬਲੇ ਦੌਰਾਨ ਪੰਜਾਬ ਪੁਲਿਸ ਨੇ ਮਾਰ ਦਿੱਤਾ ਸੀ। ਜੈਪਾਲ ਦੇ ਉੱਤੇ ਪੰਜਾਬ ਵਿਚ 10 ਲੱਖ ਰੁਪਏ ਦਾ ਇਨਾਮ ਸੀ ਅਤੇ ਉਸਦੇ ਖਿਲਾਫ ਕਤਲ, ਜਬਰਦਸਤੀ ਵਸੂਲੀ ਅਤੇ ਹੋਰ ਦੇ ਗੰਭੀਰ ਮਾਮਲੇ ਚੱਲ ਰਹੇ ਸਨ।
ਜੈਪਾਲ ਦੇ ਪਿਤਾ ਭੁਪਿੰਦਰ ਸਿੰਘ ਨੇ ਲੋਕ ਸਭਾ ਚੋਣਾਂ ਲੜਨ ਦਾ ਕੀਤਾ ਐਲਾਨ
ਕੱਲ੍ਹ ਜੈਪਾਲ ਦੇ ਪਿਤਾ ਭੁਪਿੰਦਰ ਸਿੰਘ ਨੇ 2024 ਦੀਆਂ ਲੋਕ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਉਨ੍ਹਾਂ ਨੂੰ ਫ਼ਿਰੋਜ਼ਪੁਰ ਤੋਂ ਆਪਣਾ ਉਮੀਦਵਾਰ ਐਲਾਨਿਆ। ਭੁਪਿੰਦਰ ਸਿੰਘ ਪੰਜਾਬ ਪੁਲਿਸ ਤੋਂ ਇੰਸਪੈਕਟਰ ਦੇ ਅਹੁਦੇ ਤੋਂ ਸੇਵਾਮੁਕਤ ਹੋਏ ਹਨ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕੁਝ ਦਿਨ ਪਹਿਲਾਂ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਸੀ। ਹਫ਼ਤੇ ਦੇ ਅੰਦਰ-ਅੰਦਰ ਉਨ੍ਹਾਂ ਦਾ ਨਾਂ ਚੋਣ ਉਮੀਦਵਾਰ ਵਜੋਂ ਐਲਾਨ ਦਿੱਤਾ ਗਿਆ।