ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਅੱਜ ਦੇ ਸਮਾਗਮਾਂ ਵਿੱਚ ਗੈਰਹਾਜ਼ਰ ਰਹਿਣ 'ਤੇ ਕੀਤੀ ਗਈ ਟਿੱਪਣੀ 'ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਰਾਜਪਾਲ ਵੱਲੋਂ ਗਵਰਨਰ ਹਾਊਸ ਤੋਂ ਇਸ ਤਰ੍ਹਾਂ ਦੀ 'ਸਿਆਸੀ' ਟਿੱਪਣੀ ਕਰਨਾ ਬਹੁਤ ਹੀ ਮੰਦਭਾਗਾ ਹੈ। ਮੰਤਰੀ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦਾ ਸਮਾਗਮ ਪਹਿਲੇ ਤੋਂ ਤੈਅ ਸੀ ਅਤੇ ਉਨ੍ਹਾਂ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੀ ਚੰਡੀਗੜ੍ਹ ਫੇਰੀ ਦੌਰਾਨ ਮਿਲਣ ਅਤੇ ਸਵਾਗਤ ਕਰਨ ਲਈ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਤਾਇਨਾਤ ਕੀਤਾ ਸੀ। ਉਨ੍ਹਾਂ ਕਿਹਾ ਕਿ ਉਹ ਪੰਜ ਹੋਰ ਕੈਬਨਿਟ ਮੰਤਰੀਆਂ ਅਤੇ ਸਾਰੇ ਸੀਨੀਅਰ ਅਫ਼ਸਰਾਂ ਨਾਲ ਅੱਜ ਹਵਾਈ ਸੈਨਾ ਦਿਵਸ ਮਨਾਉਣ ਲਈ ਸਮਾਗਮਾਂ ਵਿੱਚ ਸ਼ਾਮਲ ਹੋਏ। ਇਸਦੇ ਬਾਵਜੂਦ, ਮਾਣਯੋਗ ਰਾਜਪਾਲ ਨੇ ਮੁੱਖ ਮੰਤਰੀ ਦੇ ਖਿਲਾਫ ਇਹ ਮੰਦਭਾਗੀ ਟਿੱਪਣੀ ਕੀਤੀ। ਉਨ੍ਹਾਂ ਰਾਜਪਾਲ ਨੂੰ ਅਪੀਲ ਕੀਤੀ ਕਿ ਉਹ ਭਵਿੱਖ ਵਿੱਚ ਅਜਿਹੇ 'ਸਿਆਸੀ ਬਿਆਨਾਂ' ਤੋਂ ਗੁਰੇਜ਼ ਕਰਨ।