ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ, ਖੇਤ ਵਿੱਚ ਵਾਹੁਣ ਨੂੰ ਤਰਜੀਹ ਦਿੱਤੀ ਜਾਵੇ : ਮੰਤਰੀ ਨਿੱਝਰ
ਫਤਹਿਗੜ੍ਹ ਸਾਹਿਬ : ਸਥਾਨਕ ਦੇ ਨੇੜਲੇ ਪਿੰਡ ਸਾਧੂਗੜ੍ਹ ਦੇ ਇੱਕ ਅਗਾਂਹਵਧੂ ਕਿਸਾਨ ਦੇ ਖੇਤਾਂ ਦਾ ਅੱਜ ਕੈਬਨਿਟ ਮੰਤਰੀ ਡਾ. ਇੰਦਰਬੀਰ ਨਿੱਝਰ ਵੱਲੋਂ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਕਿਸਾਨਾਂ ਨੂੰ ਉਸ ਦੀਆਂ ਵਾਤਾਵਰਣ ਪੱਖੀ ਤਕਨੀਕਾਂ ਨੂੰ ਅਪਣਾਉਣੀਆਂ ਚਾਹੀਦੀਆਂ ਹਨ, ਉਨ੍ਹਾਂ ਕਿਹਾ ਕਿ ਕਿਸਾਨ ਸੁਰਜੀਤ ਸਿੰਘ ਸਾਧੂਗੜ, ਰੇਨਗਨ ਤਕਨੀਕ ਨਾਲ ਆਪਣੀ ਫਸਲ ਦੀ ਸਿੰਚਾਈ ਕਰਦਾ ਹੈ ਅਤੇ ਪਰਾਲੀ ਨੂੰ ਜਮੀਨ ਵਿੱਚ ਸਾੜਨ ਦੀ ਬਜਾਏ ਉਸ ਨੂੰ ਵਾਪਸ ਮਿੱਟੀ ਵਿੱਚ ਵਾਹੁੰਦਾ ਹੈ, ਜਿਸ ਨਾਲ ਅਗਲੀ ਫਸਲ ਲਈ ਉਪਜਾਊ ਸ਼ਕਤੀ ਵਧਦੀ ਹੈ। ਉਨ੍ਹਾਂ ਕਿਹਾ ਕਿ ਹੋਰਨਾਂ ਕਿਸਾਨਾਂ ਨੂੰ ਕਿਸਾਨ ਸੁਰਜੀਤ ਸਿੰਘ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ। ਮੰਤਰੀ ਨਿੱਝਰ ਨੇ ਕਿਹਾ ਕਿ ਪੰਜਾਬ ਦੀ ਵੱਡੀ ਗਿਣਤੀ ਆਬਾਦੀ ਖੇਤੀਬਾੜੀ ਨਾਲ ਜੁੜੀ ਹੈ ਅਤੇ ਖੇਤੀ ਨੂੰ ਲਾਹੇਵੰਦ ਬਣਾਉਣ ਅਤੇ ਕਿਸਾਨਾਂ ਨੂੰ ਆਰਥਿਕ ਤੌਰ ‘ਤੇ ਖੁਦਮੁਖ਼ਤਿਆਰ ਬਣਾਉਣ ਦੀ ਬਹੁਤ ਲੋੜ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਨੂੰ ਖੇਤ ਵਿੱਚ ਵਾਹੁਣ ਨੂੰ ਤਰਜੀਹ ਦਿੱਤੀ ਜਾਵੇ ਕਿਉਂਕਿ ਅਜਿਹਾ ਕਰਨ ਨਾਲ ਜਿੱਥੇ ਜਮੀਨ ਦੀ ਉਪਜਾਊ ਸਕਤੀ ਵਧਦੀ ਹੈ ਉੱਥੇ ਜ਼ਮੀਨ ਲਈ ਮਿੱਤਰ ਕੀੜੇ ਵੀ ਬਚਦੇ ਹਨ ਅਤੇ ਪ੍ਰਦੂਸ਼ਣ ਘਟੇਗਾ। ਇਸ ਨਾਲ ਕਿਸਾਨਾਂ ਨੂੰ ਬੇਲੋੜੀ ਖਾਦਾਂ ਦੀ ਵਰਤੋਂ ਕਰਨ ਤੋਂ ਵੀ ਲੋੜ ਨਹੀਂ ਪੈਂਦੀ। ਉਨ੍ਹਾਂ ਕਿਹਾ ਕਿ ਸੂਚਨਾ ਤਕਨਾਲੋਜੀ ਦੇ ਇਸ ਯੁੱਗ ਵਿੱਚ ਵਿਗਿਆਨ ਨੇ ਤਰੱਕੀ ਕੀਤੀ ਹੈ ਅਤੇ ਆਧੁਨਿਕ ਤਕਨੀਕਾਂ ਦੀ ਵਰਤੋਂ ਕਰਕੇ ਖੇਤੀ ਨੂੰ ਲਾਹੇਵੰਦ ਅਤੇ ਆਰਥਿਕ ਤੌਰ ਤੇ ਲਾਭਦਾਇਕ ਬਣਾਇਆ ਜਾ ਸਕਦਾ ਹੈ। ਧਰਤੀ ਹੇਠਲੇ ਪਾਣੀ ਦਾ ਪੱਧਰ ਦਿਨੋਂ-ਦਿਨ ਹੇਠਾਂ ਜਾ ਰਿਹਾ ਹੈ, ਜੋ ਸਾਡੇ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ, ਇਸ ਲਈ ਹਰ ਇੱਕ ਇਨਸ਼ਾਨ ਲੋੜ ਅਨੁਸਾਰ ਪਾਣੀ ਦੀ ਵਰਤੋਂ ਕਰੇ, ਪਾਣੀ ਨੂੰ ਫਾਲਤੂ ਨਾ ਵਹਾਓ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਸਹੀ ਅਰਥਾਂ ਵਿੱਚ ਕਿਸਾਨ ਪੱਖੀ ਸਰਕਾਰ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਕਿਸੇ ਵੀ ਤਰਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਸਾਡੇ ਦੇਸ਼ ਦੇ ਅੰਨਦਾਤਾ ਦੀ ਬਾਂਹ ਫੜਨਾ ਸਾਡੀ ਜਿਮੇਵਾਰੀ ਹੈ ਅਤੇ ਅਸੀਂ ਭਰੋਸਾ ਦਿਵਾਉਂਦੇ ਹਾਂ ਕਿ ਅਸੀਂ ਹਰ ਮੁਸ਼ਕਿਲ ਦੀ ਘੜੀ ਵਿੱਚ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੇ ਰਹਾਂਗੇ। ਇਸ ਮੌਕੇ ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਵੀ ਹਾਜ਼ਰ ਸਨ।