ਲੁਧਿਆਣਾ, 11 ਅਪ੍ਰੈਲ : ਲੁਧਿਆਣਾ 'ਚ ਮਨੀ ਐਕਸਚੇਂਜਰ 'ਤੇ ਬਦਮਾਸ਼ਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਵਪਾਰੀ ਦਾ ਕਤਲ ਕਰ ਦਿੱਤਾ। ਬਦਮਾਸ਼ਾਂ ਨੇ ਵਪਾਰੀ 'ਤੇ ਸੂਏ ਨਾਲ ਕਈ ਵਾਰ ਹਮਲਾ ਕੀਤਾ। ਮ੍ਰਿਤਕ ਆਪਣੀ ਐਕਟਿਵਾ 'ਤੇ ਜਾ ਰਿਹਾ ਸੀ, ਰਸਤੇ 'ਚ ਬਦਮਾਸ਼ਾਂ ਨੇ ਉਸ ਨੂੰ ਘੇਰ ਲਿਆ ਅਤੇ ਹਮਲਾ ਕਰ ਦਿੱਤਾ। ਬਦਮਾਸ਼ ਉਸ ਨੂੰ ਖੂਨ 'ਚ ਲੱਥ-ਪੱਥ ਛੱਡ ਕੇ ਲੱਖਾਂ ਦੀ ਲੁੱਟ ਕਰਕੇ ਫਰਾਰ ਹੋ ਗਏ। ਲੋਕਾਂ ਨੇ ਵਪਾਰੀ ਨੂੰ ਹਸਪਤਾਲ ਲੈ ਗਏ, ਪਰ ਉਸ ਦੀ ਮੌਤ ਹੋ ਚੁੱਕੀ ਸੀ। ਮ੍ਰਿਤਕ ਦੀ ਪਛਾਣ ਮਨਜੀਤ ਸਿੰਘ ਵਜੋਂ ਹੋਈ ਹੈ, ਜੋ ਸਮਾਰਟ ਐਕਸਚੇਂਜ ਦਾ ਕੰਮ ਕਰਦਾ ਸੀ। ਉਹ ਪਨੀਰ ਅਤੇ ਸਬਜ਼ੀ ਖਰੀਦਣ ਲਈ ਘਰੋਂ ਨਿਕਲਿਆ ਸੀ। ਦੱਸਿਆ ਗਿਆ ਹੈ ਕਿ ਜਦੋਂ ਬਦਮਾਸ਼ਾਂ ਨੇ ਮਨਜੀਤ 'ਤੇ ਹਮਲਾ ਕੀਤਾ ਤਾਂ ਉਸ ਨੇ ਲੋਕਾਂ ਨੂੰ ਮਦਦ ਦੀ ਅਪੀਲ ਵੀ ਕੀਤੀ। ਬਦਮਾਸ਼ਾਂ ਦੇ ਹੱਥਾਂ ਵਿੱਚ ਤੇਜ਼ਧਾਰ ਹਥਿਆਰ ਹੋਣ ਕਾਰਨ ਕੋਈ ਵੀ ਉਨ੍ਹਾਂ ਨੂੰ ਬਚਾਉਣ ਨਹੀਂ ਆਇਆ। ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ। ਕਤਲ ਦੀ ਵਾਰਦਾਤ ਨੇੜੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਪੁਲਿਸ ਫੁਟੇਜ ਦੇ ਆਧਾਰ ’ਤੇ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ। ਸ਼ੁਰੂਆਤੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਬਦਮਾਸ਼ ਪਹਿਲਾਂ ਦੋ ਐਕਟਿਵਾ 'ਤੇ ਸਵਾਰ ਹੋ ਕੇ ਆਏ ਸਨ। ਉਹਨਾਂ ਨੇ ਆਪਣਾ ਮੂੰਹ ਢੱਕਿਆ ਹੋਇਆ ਸੀ।