- ਪੰਜਾਬ ਦੇ ਲੋਕਾਂ ਦਾ 'ਆਪ' ਤੋਂ ਮੋਹ ਭੰਗ ਹੋ ਚੁੱਕਾ ਹੈ : ਚਰਨਜੀਤ ਸਿੰਘ ਚੰਨੀ
ਬਰਨਾਲਾ, 11 ਨਵੰਬਰ 2024 : ਪੰਜਾਬ ਦੀਆਂ ਚਾਰ ਸੀਟਾਂ 'ਤੇ 20 ਨਵੰਬਰ ਨੂੰ ਜ਼ਿਮਨੀ ਚੋਣਾਂ ਹੋਣੀਆਂ ਹਨ। ਇਸ ਦੇ ਨਾਲ ਹੀ ਬਰਨਾਲਾ 'ਚ ਚੋਣ ਪ੍ਰਚਾਰ ਕਰਨ ਪਹੁੰਚੇ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਬਿੱਟੂ ਦੀ ਤੁਲਨਾ ਲੋਕ ਸਭਾ ਚੋਣਾਂ ਵਿੱਚ ਆਜ਼ਾਦ ਉਮੀਦਵਾਰ ਨੀਟੂ ਸ਼ਟਰਾਂਵਾਲਾ ਨਾਲ ਕੀਤੀ। ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਦੇ ਹੱਕ ਵਿਚ ਬਰਨਾਲਾ ਹਲਕੇ ਦੇ ਪਿੰਡ ਭੂਰੇ ਅਤੇ ਹਰੀਗੜ੍ਹ ਵਿਖੇ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਚੰਨੀ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਬਹੁਤ ਵਧੀਆ ਹੁੰਗਾਰਾ ਮਿਲ ਰਿਹਾ ਹੈ ਅਤੇ ਕਾਂਗਰਸ ਪਾਰਟੀ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰੇਗੀ। ਨਸ਼ਿਆਂ ਦੇ ਮੁੱਦੇ ਬਾਰੇ ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦਾ ਬੋਲਬਾਲਾ ਹੈ। ਸਰਕਾਰ ਇਸ 'ਤੇ ਕੰਟਰੋਲ ਨਹੀਂ ਕਰ ਰਹੀ ਹੈ। ਚੰਨੀ ਨੇ ਭਾਜਪਾ ਆਗੂ ਰਵਨੀਤ ਬਿੱਟੂ ਦੇ ਪੰਜਾਬ ਵਿੱਚ ਰਵਾਇਤੀ ਨਸ਼ਿਆਂ ਦੀ ਖੇਤੀ ਸਬੰਧੀ ਦਿੱਤੇ ਬਿਆਨ 'ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਰਵਨੀਤ ਬਿੱਟੂ ਨੂੰ ਪਤਾ ਹੀ ਨਹੀਂ ਹੈ ਕਿ ਉਹ ਕਿਸ ਚੈਨਲ 'ਤੇ ਕਿਸ ਸਮੇਂ ਬੋਲਣਗੇ। ਚੰਨੀ ਨੇ ਬਿੱਟੂ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਬਿੱਟੂ ਨੇ ਬਿਆਨ ਦਿੱਤਾ ਸੀ ਕਿ ਉਹ ਮੁੱਖ ਮੰਤਰੀ ਬਣਨਾ ਚਾਹੁੰਦਾ ਹੈ। ਨੀਟੂ ਸ਼ਟਰਾਂਵਾਲਾ ਮੁੱਖ ਮੰਤਰੀ ਬਣ ਬਣ ਸਕਦਾ ਹੈ, ਪਰ ਬਿੱਟੂ ਨਹੀਂ। ਲੋਕਾਂ ਨੇ ਬਿੱਟੂ ਨੂੰ ਹਰਾ ਕੇ ਭਜਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਕੁਲਦੀਪ ਸਿੰਘ ਕਾਲਾ ਢਿੱਲੋਂ ਦਾ ਬਰਨਾਲਾ ਵਿੱਚ ਕਿਸੇ ਪਾਰਟੀ ਜਾਂ ਉਮੀਦਵਾਰ ਨਾਲ ਕੋਈ ਮੁਕਾਬਲਾ ਨਹੀਂ ਹੈ। ਅਸੀਂ ਵੱਡੀ ਲੀਡ ਨਾਲ ਜਿੱਤਾਂਗੇ। ਚੰਨੀ ਨੇ ਇਸ ਦੌਰਾਨ ਕਿਹਾ ਕਿ ਪੰਜਾਬ ਦੇ ਲੋਕਾਂ ਦਾ 'ਆਪ' ਤੋਂ ਮੋਹ ਭੰਗ ਹੋ ਚੁੱਕਾ ਹੈ। ਕਾਂਗਰਸ ਸਰਕਾਰ ਵੇਲੇ ਲੋਕਾਂ ਨੂੰ ਇਨਸਾਫ਼ ਮਿਲਦਾ ਸੀ। ਪਰ ਅੱਜ ਸ਼ਹਿਰਾਂ ਵਿੱਚ ਲੋਕਾਂ ਅਤੇ ਕਾਰੋਬਾਰੀਆਂ ਨੂੰ ਗੈਂਗਸਟਰਾਂ ਵੱਲੋਂ ਧਮਕੀਆਂ ਮਿਲ ਰਹੀਆਂ ਹਨ। ਪੰਜਾਬ ਦੇ ਵਪਾਰੀਆਂ ਤੋਂ ਪੈਸੇ ਦੀ ਮੰਗ ਕੀਤੀ ਜਾ ਰਹੀ ਹੈ। ਪਰ ਪੁਲਿਸ ਕਿਸੇ ਦੀ ਨਹੀਂ ਸੁਣ ਰਹੀ। ਚੰਨੀ ਨੇ ਅੱਗੇ ਕਿਹਾ- ਸੂਬੇ ਵਿੱਚ ਨਸ਼ਿਆਂ ਦੀ ਬਹੁਤਾਤ ਹੈ।