- ਵਿਰੋਧੀਆਂ ਨੂੰ ਡਰਾ ਸਤਾ ਰਿਹਾ ਕਿ ਬਹਿਸ ਵਿੱਚ ਉਨ੍ਹਾਂ ਦੇ ਗੁਨਾਹ ਬੇਪਰਦ ਹੋ ਜਾਣਗੇ
- ਜੇਕਰ ਕੋਈ ਵਿਰੋਧੀ ਨੇਤਾ ਨਾ ਵੀ ਆਇਆ ਤਾਂ ਵੀ ਮੈਂ ਬਹਿਸ ਲਈ ਜ਼ਰੂਰ ਜਾਵਾਂਗਾ : ਭਗਵੰਤ ਸਿੰਘ ਮਾਨ
ਚੰਡੀਗੜ੍ਹ, 15 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਨਵੰਬਰ ਨੂੰ ਹੋਣ ਵਾਲੀ ਬਹਿਸ ਵਿੱਚ ਵਿਰੋਧੀ ਨੇਤਾਵਾਂ ਵੱਲੋਂ ਭੱਜ ਜਾਣ ਦੀਆਂ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਅਸਲ ਵਿੱਚ ਇਨ੍ਹਾਂ ਲੀਡਰਾਂ ਨੂੰ ਆਪਣੇ ਗੁਨਾਹਾਂ ਤੋਂ ਪਰਦਾ ਚੁੱਕੇ ਜਾਣ ਦਾ ਡਰ ਸਤਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਲੀਡਰਾਂ ਦੀ ਸੂਬੇ ਨੂੰ ਬਰਬਾਦ ਕਰਨ ਵਾਲੇ ਲੋਕਾਂ ਨਾਲ ਗੰਢਤੁੱਪ ਸੀ ਜਿਸ ਕਰਕੇ ਉਹ ਇਕ ਨਵੰਬਰ ਦੀ ਬਹਿਸ ਵਿੱਚ ਆਉਣ ਤੋਂ ਪਾਸਾ ਵੱਟ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇਤਾਵਾਂ ਦੇ ਹੱਥ ਅਤੇ ਰੂਹਾਂ ਸੂਬੇ ਦੇ ਲਹੂ ਨਾਲ ਭਿੱਜੇ ਹੋਏ ਹਨ ਕਿਉਂਕਿ ਇਨ੍ਹਾਂ ਲੀਡਰਾਂ ਨੇ ਪੰਜਾਬ ਤੇ ਪੰਜਾਬੀਆਂ ਨਾਲ ਹਮੇਸ਼ਾ ਗੱਦਾਰੀ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਵੱਲੋਂ ਸੂਬੇ ਨਾਲ ਕਮਾਏ ਧ੍ਰੋਹ ਲਈ ਕਦੇ ਵੀ ਮੁਆਫ਼ ਨਹੀਂ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹਿਸ ਪੰਜਾਬ ਨੂੰ ਕੀਹਨੇ ਅਤੇ ਕਿਵੇਂ ਲੁੱਟਣ ਉਤੇ ਕੇਂਦਰਿਤ ਹੋਵੇਗੀ ਜਿਸ ਵਿੱਚ ਕੁਨਬਾਪ੍ਰਸਤੀ (ਭਾਈ-ਭਤੀਜਾ, ਜੀਜਾ-ਸਾਲਾ), ਪੱਖਪਾਤ, ਟੋਲ ਪਲਾਜ਼ੇ, ਨੌਜਵਾਨਾਂ, ਖੇਤੀਬਾੜੀ, ਵਪਾਰ-ਦੁਕਾਨਦਾਰ, ਗੁਰਬਾਣੀ ਅਤੇ ਦਰਿਆਈ ਪਾਣੀਆਂ ਉਤੇ ਡਾਕਾ ਮਾਰਨ ਸਣੇ ਸੂਬੇ ਨਾਲ ਸਬੰਧਤ ਮਸਲਿਆਂ ਉਤੇ ਚਰਚਾ ਹੋਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇਤਾਵਾਂ ਨੇ ਸਾਰੇ ਮਸਲਿਆਂ ਉਤੇ ਪੰਜਾਬ ਨਾਲ ਧੋਖਾ ਕੀਤਾ ਹੈ ਜਿਸ ਲਈ ਉਨ੍ਹਾਂ ਨੂੰ ਲੋਕਾਂ ਅੱਗੇ ਜੁਆਬਦੇਹ ਬਣਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੀਡਰ ਆਉਣ ਜਾਂ ਨਾ ਆਉਣ ਪਰ ਉਹ ਬਹਿਸ ਲਈ ਇਨ੍ਹਾਂ ਨੇਤਾਵਾਂ ਦੀਆਂ ਕੁਰਸੀਆਂ ਡਾਹ ਕੇ ਰੱਖਣਗੇ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਲੋਕ ਕਾਮਯਾਬ ਹੋਣ ਤੋਂ ਵੀ ਭੈਭੀਤ ਹੋ ਜਾਂਦੇ ਸਨ ਕਿਉਂਕਿ ਇਹ ਲੀਡਰ ਲੋਕਾਂ ਦੇ ਕਾਰੋਬਾਰ ਵਿੱਚ ਜਬਰੀ ਹਿੱਸਾ-ਪੱਤੀ ਪਾ ਲੈਂਦੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇਤਾਵਾਂ ਨੇ ਲੋਕਾਂ ਦੀ ਅੰਨ੍ਹੀ ਲੁੱਟ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਏਸੇ ਕਰਕੇ ਇਹ ਲੀਡਰ ਸੱਚ ਦਾ ਸਾਹਮਣਾ ਕਰਨ ਤੋਂ ਡਰਦੇ ਹਨ ਅਤੇ ਬਹਿਸ ਵਿੱਚ ਨਾ ਆਉਣ ਲਈ ਇਕ ਤੋਂ ਬਾਅਦ ਇਕ ਬਹਾਨੇਬਾਜ਼ੀ ਘੜ ਰਹੇ ਹਨ।
1 ਨਵੰਬਰ ਨੂੰ ਹੋਣ ਵਾਲੀ ਡਿਬੇਟ 'ਚ ਜੱਜ ਪੰਜਾਬ ਦੇ ਲੋਕ ਹੋਣਗੇ : ਭਗਵੰਤ ਮਾਨ
ਪਹਿਲੀ ਨਵੰਬਰ ਨੂੰ ਹੋਣ ਵਾਲੀ ਡਿਬੇਟ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਖੁਲ੍ਹੀ ਬਹਿਸ ਕਰਨ ਦਾ ਸੱਦਾ ਦਿੱਤਾ ਸੀ। ਹੁਣ ਭਵਗੰਤ ਮਾਨ ਨੇ ਐਲਾਨ ਕਰ ਦਿੱਤਾ ਹੈ ਕਿ ਇਸ ਬਹਿਸ ਦੇ ਜੱਜ ਪੰਜਾਬ ਦੇ ਲੋਕ ਹੋਣਗੇ, ਉਹ ਹੀ ਫ਼ੈਸਲਾ ਕਰਨਗੇ ਕਿ ਕੌਣ ਸਹੀ ਹੈ ਕੌਣ ਗਲਤ। ਮਾਨ ਨੇ ਕਿਹਾ ਕਿ ਇਹ ਸਾਰੀ ਬਹਿਸ ਦੇਸ਼ ਵਿਦੇਸ਼ ਵਿਚ ਬੈਠੇ ਲੋਕ ਵੇਖ ਸਕਣਗੇ। ਮਾਨ ਨੇ ਇਹ ਵੀ ਕਿਹਾ ਕਿ ਮੈ ਜਾਣਦਾ ਹਾਂ ਕਿ ਪਹਿਲਾਂ ਪੰਜਾਬ ਵਿਚ ਸੱਤਾ ਚਲਾਉਣ ਵਾਲੇ ਹੁਣ ਬਹਿਸ ਤੋਂ ਹਟਣ ਦੀਆਂ ਚਾਲਾਂ ਚਲ ਰਹੇ ਹਨ। ਮਾਨ ਨੇ ਕਿਹਾ ਕਿ 1 ਨਵੰਬਰ ਨੂੰ ਜਾਵਾਂਗਾ ਉੱਥੇ ਕੁਰਸੀਆਂ ਵੀ ਲਗਾਵਗੇ ਉਹਨਾਂ ਦੇ ਨਾਮ ਵੀ ਲਿਖਾਂਗੇ। ਉਨ੍ਹਾਂ ਕਿਹਾ ਕਿ ਮੈ ਜਾਣਦਾ ਹਾਂ ਕਿ ਉਹ ਨਹੀਂ ਆਉਣਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ਪੰਜਾਬ 'ਚ ਬੰਦ ਪਏ ਟੋਲ ਪਲਾਜ਼ੇ ਕਈ ਸਾਲ ਪਹਿਲਾਂ ਬੰਦ ਹੋ ਜਾਣੇ ਚਾਹੀਦੇ ਸਨ। ਉਨ੍ਹਾਂ ਦੇ ਠੇਕੇ ਵਾਰ-ਵਾਰ ਰੀਨਿਊ ਕੀਤੇ ਗਏ। ਇਨ੍ਹਾਂ ਵਿੱਚ ਪਿਛਲੀਆਂ ਸਰਕਾਰਾਂ ਦੀ ਹਿੱਸੇਦਾਰੀ ਸੀ। ਇਨ੍ਹਾਂ ਨੇ ਲੋਕਾਂ ਨੂੰ ਲੁੱਟਿਆ ਹੈ। ਇਸ ਲਈ ਮੈਂ 1 ਨਵੰਬਰ ਨੂੰ ਬਹਿਸ ਵਿੱਚ ਜ਼ਰੂਰ ਜਾਵਾਂਗਾ। ਸੁਖਬੀਰ ਬਾਦਲ, ਸੁਨੀਲ ਜਾਖੜ, ਪ੍ਰਤਾਪ ਸਿੰਘ ਬਾਜਵਾ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਕੁਰਸੀਆਂ ਮੈਂ ਖੁਦ ਲਗਾਵਾਂਗਾ।