
ਚੰਡੀਗੜ੍ਹ, 29 ਮਾਰਚ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿਚ ਝੋਨੇ ਦਾ ਸੀਜ਼ਨ 1 ਜੂਨ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇਸ ਵਾਰ ਹਾਈਬ੍ਰਿਡ ਬੀਜਾਂ ਤੇ ਮੁਕੰਮਲ ਤੌਰ 'ਤੇ ਪਾਬੰਦੀ ਲਗਾਈ ਜਾਵੇਗੀ। ਸਰਕਾਰ ਵੱਲੋਂ ਕਿਸਾਨਾਂ ਨੂੰ ਅਸਲੀ ਬੀਜ ਮੁਹੱਈਆ ਕਰਵਾਏ ਜਾਣਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਆਪਣੇ ਹਲਕੇ ਧੂਰੀ ਦੇ ਘਨੌਰੀ ਕਲਾਂ ਵਿਖੇ ਸਕੂਲ ਆਫ਼ ਐਮੀਨੈਂਸ 'ਚ ਮਾਪੇ-ਅਧਿਆਮਕ ਮਿਲਣੀ ਵਿਚ ਪਹੁੰਚੇ ਹੋਏ ਸਨ। ਇਸ ਦੌਰਾਨ ਉਨ੍ਹਾਂ ਨੇ ਦਿੱਲੀ ਦੇ ਸਿੱਖਿਆ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਵੀ ਮੌਜੂਦ ਸਨ। ਮਾਪੇ ਅਧਿਆਪਕ ਮਿਲਣੀ ਮਗਰੋਂ ਮੁੱਖ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਵਾਰ ਝੋਨੇ ਦਾ ਸੀਜ਼ਨ 1 ਜੂਨ ਤੋਂ ਸ਼ੁਰੂ ਹੋਵੇਗਾ। ਉਨ੍ਹਾਂ ਦੱਸਿਆ ਕਿ 6-6 ਜਾਂ 7-7 ਜ਼ਿਲ੍ਹਿਆਂ ਦੇ 4 ਜ਼ੋਨ ਬਣਾਏ ਜਾਣਗੇ, ਜਿਨ੍ਹਾਂ ਵਿਚ ਵੱਖ-ਵੱਖ ਤਾਰੀਖਾਂ 'ਤੇ ਝੋਨੇ ਦੀ ਬਿਜਾਈ ਹੋਵੇਗੀ। ਇਸ ਤਰ੍ਹਾਂ ਇਹ ਸੀਜ਼ਨ ਲੰਮਾ ਚੱਲੇਗਾ ਜਿਸ ਦਾ ਸਭ ਨੂੰ ਫ਼ਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਵਾਰ ਹਾਈਬ੍ਰੀਡ ਬੀਜਾਂ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਲਗਾਈ ਜਾਵੇਗੀ। ਅਸੀਂ ਕਿਸਾਨਾਂ ਨੂੰ ਅਸਲੀ ਬੀਜ (ਪੀ.ਆਰ. 126, 127, 128 ਅਤੇ 129) ਮੁਹੱਈਆ ਕਰਾਵਾਂਗੇ । ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਬਿਜਲੀ 16-17 ਜੂਨ ਤੋਂ ਸ਼ੁਰੂ ਹੁੰਦੀ ਸੀ, ਜਿਸ ਕਾਰਨ ਸੀਜ਼ਨ ਅਕਤੂਬਰ ਦੇ ਪਹਿਲੇ ਹਫ਼ਤੇ ਤਕ ਚਲਾ ਜਾਂਦਾ ਸੀ, ਪਰ ਉਦੋਂ ਤਕ ਨਮੀ ਦੀ ਮਾਤਰਾ ਵੱਧ ਜਾਂਦੀ ਹੈ। FCI ਦੇ ਨਿਰਧਾਰਤ ਮਾਪਦੰਡਾਂ ਮੁਤਾਬਕ ਨਮੀ ਦਾ ਪੱਧਰ 18 ਫ਼ੀਸਦੀ ਹੈ। ਇਸ ਲਈ ਇਸ ਵਾਰ ਝੋਨੇ ਦਾ ਸੀਜ਼ਨ 1 ਜੂਨ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦੁਆਇਆ ਕਿ ਬਿਜਲੀ ਅਤੇ ਪਾਣੀ ਦੇ ਮੁਕੰਮਲ ਪ੍ਰਬੰਧ ਕੀਤੇ ਜਾ ਚੁੱਕੇ ਹਨ ਤੇ ਉਨ੍ਹਾਂ ਨੂੰ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।