ਚੰਡੀਗੜ੍ਹ, 31 ਮਾਰਚ : ਪੰਜਾਬ ਵਿੱਚ ਅਪਰਾਧ ਅਤੇ ਗੈਂਗਸਟਰਵਾਦ ਉੱਤੇ ਨੱਥ ਪਾਉਣ ਲਈ ਪੰਜਾਬ ਪੁਲਿਸ ਲਗਾਤਾਰ ਜੁਟੀ ਹੋਈ ਹੈ। ਹਾਲ ਹੀ ਵਿੱਚ ਪੰਜਾਬ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪੰਜਾਬ ਪੁਲਿਸ ਨੇ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਵੱਡੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਦੌਰਾਨ 9 ਗੈਰ-ਕਾਨੂੰਨੀ ਪਿਸਤੌਲਾਂ ਸਮੇਤ 4 ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਲਦੀ ਹੀ ਇਸ ਗਰੋਹ ਨਾਲ ਜੁੜੇ ਕੁਝ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੁਲਿਸ ਦਾ ਮੰਨਣਾ ਹੈ ਕਿ ਇਸ ਗਰੋਹ ਵਿਚ ਕਈ ਲੋਕ ਸ਼ਾਮਲ ਹਨ। ਇਹ ਲੋਕ ਅਪਰਾਧਿਕ ਗਰੋਹਾਂ ਨੂੰ ਹਥਿਆਰ ਸਪਲਾਈ ਕਰਦੇ ਸਨ। ਪੁਲਿਸ ਨੇ ਹੁਣ ਉਨ੍ਹਾਂ ਲੋਕਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ, ਜਿਨ੍ਹਾਂ ਨੂੰ ਇਹ ਹਥਿਆਰ ਪੰਜਾਬ ਵਿਚ ਸਪਲਾਈ ਕੀਤੇ ਜਾਣੇ ਸਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਸ਼ੀਆਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਲੋੜ ਪੈਣ 'ਤੇ ਪਹਿਲਾਂ ਫੜੇ ਗਏ ਵਿਅਕਤੀਆਂ ਨੂੰ ਵੀ ਜੇਲ 'ਚੋਂ ਰਿਮਾਂਡ 'ਤੇ ਲਿਆ ਕੇ ਪੁੱਛਗਿੱਛ ਕੀਤੀ ਜਾਵੇਗੀ। ਨਾਲ ਹੀ ਇਸ ਗਰੋਹ ਦੀਆਂ ਸਾਰੀਆਂ ਪਰਤਾਂ ਦਾ ਖੁਲਾਸਾ ਕੀਤਾ ਜਾਵੇਗਾ। ਪੰਜਾਬ ਪੁਲਿਸ ਪਿਛਲੇ ਇੱਕ ਸਾਲ ਤੋਂ ਮੱਧ ਪ੍ਰਦੇਸ਼ ਤੋਂ ਆਉਣ ਵਾਲੇ ਹਥਿਆਰਾਂ ਵਿਰੁੱਧ ਸਖ਼ਤ ਕਾਰਵਾਈ ਕਰ ਰਹੀ ਹੈ। ਹੁਣ ਤੱਕ ਸਾਢੇ ਛੇ ਸੌ ਦੇ ਕਰੀਬ ਹਥਿਆਰ ਜ਼ਬਤ ਕੀਤੇ ਜਾ ਚੁੱਕੇ ਹਨ। ਮੁਹਾਲੀ, ਰੋਪੜ, ਖੰਨਾ, ਲੁਧਿਆਣਾ ਅਤੇ ਜਲੰਧਰ ਪੁਲਿਸ ਨੇ ਇਸ ਮਾਮਲੇ ਵਿੱਚ ਬਹੁਤ ਵਧੀਆ ਕੰਮ ਕੀਤਾ ਹੈ। ਪੰਜਾਬ ਪੁਲਿਸ ਨੇ ਇਸ ਮਾਮਲੇ ਵਿਚ ਮੱਧ ਪ੍ਰਦੇਸ਼ ਪੁਲਿਸ ਨੂੰ ਪੱਤਰ ਵੀ ਲਿਖਿਆ ਹੈ। ਇਸ ਤੋਂ ਇਲਾਵਾ ਪੰਜਾਬ ਪੁਲਿਸ ਵੱਲੋਂ ਕਈ ਥਾਵਾਂ 'ਤੇ ਛਾਪੇਮਾਰੀ ਵੀ ਕੀਤੀ ਗਈ। ਇਸ ਦੇ ਨਾਲ ਹੀ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਇਨ੍ਹਾਂ ਵਿਚੋਂ ਜ਼ਿਆਦਾ ਹਥਿਆਰ ਮੋਹਾਲੀ ਅਤੇ ਪੰਜਾਬ ਦੇ ਹੋਰ ਇਲਾਕਿਆਂ ਵਿਚ ਆ ਰਹੇ ਹਨ।