ਚੰਡੀਗੜ੍ਹ : ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਗਾਇਕਾ ਜੈਨੀ ਜੌਹਲ ਦੇ ਨਵੇਂ ਗੀਤ ‘ਲੈਟਰ ਟੂ ਸੀਐਮ’ ਨੂੰ ਯੂ-ਟਿਊਬ ਹਟਵਾਉਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਉਹ ਗੀਤ ਰਾਹੀਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਲਈ ਇਨਸਾਫ਼ ਦੀ ਮੰਗ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ’ਆਪ’ ਸਰਕਾਰ ਆਪਣੀ ਮੂਲ ਪਾਰਟੀ ਭਾਜਪਾ ਦੇ ਨਕਸ਼ੇ-ਕਦਮਾਂ ’ਤੇ ਚੱਲ ਰਹੀ ਹੈ, ਜਿਸਨੇ ਵੀ ਲੋਕਾਂ ਦੀ ਆਵਾਜ਼ ਉਠਾਉਣ ਵਾਲੇ ਗੀਤਾਂ ’ਤੇ ਪਾਬੰਦੀ ਲਗਾ ਦਿੱਤੀ ਸੀ। ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ’ਆਪ’ ਸਰਕਾਰ ਨੇ ਗੀਤ ’ਚ ਉਠਾਏ ਮੁੱਦਿਆਂ ’ਤੇ ਧਿਆਨ ਦੇਣ ਅਤੇ ਉਨ੍ਹਾਂ ਨੂੰ ਹੱਲ ਕਰਨ ਦੀ ਬਜਾਏ ਤਾਨਾਸ਼ਾਹੀ ਵਾਲਾ ਕੰਮ ਕੀਤਾ ਹੈ। ਪਰ ਇਹ ਉਨ੍ਹਾਂ ਦੀ ਵੱਡੀ ਭੁੱਲ ਹੈ ਕਿ ਉਹ ਗੀਤ ’ਤੇ ਪਾਬੰਦੀ ਲਗਾ ਕੇ ਲੋਕਾਂ ਤੱਕ ਇਸ ਦੀ ਪਹੁੰਚ ਨੂੰ ਰੋਕ ਸਕਦੇ ਹਨ। ਇਹ ਗੀਤ ਹੋਰ ਵੀ ਮਸ਼ਹੂਰ ਹੋਵੇਗਾ, ਜਿਸ ਚ ਮੂਸੇਵਾਲਾ ਲਈ ਇਨਸਾਫ਼ ਦੀ ਮੰਗ ਉਠਾਈ ਗਈ ਹੈ।