- ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਐਸ ਸੀ ਕਾਲਜੀਅਮ ਵੱਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਜੱਜਾਂ ਦੀ ਨਿਯੁਕਤੀ ਵਾਸਤੇ ਦੋ ਸਿੱਖ ਵਕੀਲਾਂ ਦੀ ਨਿਯੁਕਤੀ ਲਈ ਕੀਤੀ ਸਿਫਾਰਸ਼ ਦੇ ਮਾਮਲੇ ਵਿਚ ਦਖਲ ਦੇ ਕੇ ਸਿੱਧਾ ਨੋਟੀਫਿਕੇਸ਼ਨ ਜਾਰੀ ਕਰਵਾਉਣ ਦੀ ਕੀਤੀ ਅਪੀਲ
ਚੰਡੀਗੜ੍ਹ, 21 ਨਵੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਸੁਪਰੀਮ ਕੋਰਟ ਕਾਲਜੀਅਮ ਵੱਲੋਂ ਦੋ ਸਿੱਖ ਵਕੀਲਾਂ ਦੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਜੱਜ ਵਜੋਂ ਨਿਯੁਕਤੀ ਕਰਨ ਦੀ ਸਿਫਾਰਸ਼ ਦੇ ਮਾਮਲੇ ਵਿਚ ਦਖਲ ਦੇ ਕੇ ਉਹਨਾਂ ਦੀ ਨਿਯੁਕਤੀ ਦਾ ਨੋਟੀਫਿਕੇਸ਼ਨ ਜਾਰੀ ਕਰਵਾਉਣ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਹੈਰਾਨ ਕਰਨ ਵਾਲੀ ਗੱਲ ਹੈ ਕਿ ਦੋ ਵਕੀਲਾਂ ਹਰਮੀਤ ਸਿੰਘ ਗਰੇਵਾਲ ਤੇ ਦੀਪਿੰਦਰ ਸਿੰਘ ਨਲਵਾ ਦੀ ਨਿਯੁਕਤੀ ਕੇਂਦਰ ਸਰਕਾਰ ਨੇ ਰੋਕ ਲਈ ਜਦੋਂ ਕਿ ਉਹਨਾਂ ਦੇ ਨਾਲ ਹੀ ਤਿੰਨ ਨਾਵਾਂ ਦੀ ਕੀਤੀ ਗਈ ਸਿਫਾਰਸ਼ ਨੂੰ ਪ੍ਰਵਾਨ ਕਰਦਿਆਂ ਉਹਨਾਂ ਦੇ ਨਾਵਾਂ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ। ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਸਿੱਖ ਕੌਮ ਤੇ ਹੋਰ ਘੱਟ ਗਿਣਤੀਆਂ ਨਾਲ ਕੋਈ ਵਿਤਕਰਾ ਨਾ ਹੋਵੇ ਤੇ ਉਹਨਾਂ ਦੀ ਹਾਈ ਕੋਰਟਾਂ ਵਿਚ ਜੱਜ ਵਜੋਂ ਨਿਯੁਕਤੀ ਹੋਵੇ। ਉਹਨਾਂ ਕਿਹਾ ਕਿ ਸੁਪਰੀਮ ਕੋਰਟ ਨੇ ਟਿੱਪਣੀ ਕੀਤੀ ਹੈ ਕਿ ਇਸ ਮਾਮਲੇ ਵਿਚ ਕੇਂਦਰ ਸਰਕਾਰ ਆਪਣੀ ਮਰਜ਼ੀ ਮੁਤਾਬਕ ਚੁਣ ਚੁਣ ਕੇ ਫੈਸਲੇ ਲੈ ਰਹੀ ਹੈ ਜੋ ਕਿ ਬੇਹੱਦ ਪ੍ਰੇਸ਼ਾਨ ਕਰਨ ਵਾਲਾ ਹੈ ਤੇ ਇਸ ਨਾਲ ਸਿੱਖ ਕੌਮ ਪ੍ਰਤੀ ਸਰਕਾਰ ਦੀ ਮਨਸ਼ਾ ਬਾਰੇ ਗਲਤ ਸੰਦੇਸ਼ ਜਾਂਦਾ ਹੈ। ਸਰਦਾਰ ਬਾਦਲ ਨੇ ਕਿਹਾ ਕਿ ਅਜਿਹਾ ਵਿਤਕਰਾ ਪਹਿਲਾਂ ਵੀ ਹੋਇਆ ਹੈ। ਉਹਨਾਂ ਕਿਹਾ ਕਿ ਸੁਪਰੀਮ ਕੋਰਟ ਕਾਲਜੀਅਮ ਦੀ ਸਿਫਾਰਸ਼ ਨੂੰ ਮੰਨਿਆ ਜਾਣਾ ਚਾਹੀਦਾ ਹੈ ਤੇ ਸਰਕਾਰ ਨੂੰ ਬੇਤੁਕੇ ਆਧਾਰਾਂ ’ਤੇ ਨਾਂ ਨਹੀਂ ਰੋਕਣੇ ਚਾਹੀਦੇ। ਉਹਨਾਂ ਕਿਹਾ ਕਿ ਸਰਦਾਰ ਗਰੇਵਾਲ ਤੇ ਸਰਦਾਰ ਨਲਵਾ ਦੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਵਜੋਂ ਨਿਯੁਕਤੀ ਹੋਣੀ ਚਾਹੀਦੀ ਹੈ ਅਤੇ ਇਸਨੂੰ ਛੇਤੀ ਤੋਂ ਛੇਤੀ ਨੋਟੀਫਾਈ ਕੀਤਾ ਜਾਣਾ ਚਾਹੀਦਾ ਹੈ।