ਚੰਡੀਗੜ੍ਹ, 19 ਦਸੰਬਰ : ਮੁੱਖ ਮੰਤਰੀ ਭਗਵੰਤ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਹੁੰ ਚੁੱਕਣ ਦੇ ਦਿਨ ਤੋਂ ਹੀ ਰੇਤ ਮਾਈਨਿੰਗ ਮਾਫੀਆ ਨੂੰ ਖਤਮ ਕਰਨ ਦਾ ਅਹਿਦ ਲਿਆ ਸੀ ਅਤੇ ਅਜਿਹੇ ਬੇਈਮਾਨ ਅਨਸਰਾਂ ਖਿਲਾਫ਼ ਸਖਤੀ ਨਾਲ ਨਜਿੱਠਦਿਆਂ ਆਪਣੇ ਵਾਅਦੇ ਨੂੰ ਪੂਰਾ ਕੀਤਾ ਹੈ। ਇਹ ਪ੍ਰਗਟਾਵਾ ਅੱਜ ਇੱਥੇ ਖਣਨ ਤੇ ਭੂ-ਵਿਗਿਆਨ ਮੰਤਰੀ ਹਰਜੋਤ ਸਿੰਘ ਬੈਂਸ ਨੇ ਨਿਊ ਚੰਡੀਗੜ੍ਹ ਦੇ ਈਕੋ ਸਿਟੀ-2 ਵਿਖੇ 2 ਲੱਖ ਮੀਟ੍ਰਿਕ ਟਨ ਸਮਰੱਥਾ ਵਾਲੇ ਰੇਤ ਅਤੇ ਬਜਰੀ ਦੇ ਪਹਿਲੇ ਸਰਕਾਰੀ ਵਿਕਰੀ ਕੇਂਦਰ ਦਾ ਉਦਘਾਟਨ ਕਰਨ ਮੌਕੇ ਕੀਤਾ ਜਿੱਥੇ ਕਿ ਰੇਤ ਅਤੇ ਬਜਰੀ ਦੀ ਕੀਮਤ 28 ਰੁਪਏ ਪ੍ਰਤੀ ਘਣ ਫੁੱਟ ਰੱਖੀ ਗਈ ਹੈ। ਲੋਕਾਂ ਨੂੰ ਕਿਫ਼ਾਇਤੀ ਦਰਾਂ 'ਤੇ ਰੇਤਾ-ਬਜਰੀ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੰਤਰੀ ਨੇ ਕਿਹਾ ਕਿ ਹਰ ਜ਼ਿਲ੍ਹੇ ਵਿੱਚ ਜਲਦ ਹੀ ਅਜਿਹਾ ਇੱਕ ਵਿਕਰੀ ਕੇਂਦਰ ਖੋਲ੍ਹਿਆ ਜਾਵੇਗਾ। ਮੰਤਰੀ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਰੇਤ ਮਾਫ਼ੀਆ ਨੂੰ ਨੱਥ ਪਾਉਣ ਵਿੱਚ ਵੱਡੀ ਮਦਦ ਮਿਲੇਗੀ। ਉਨ੍ਹਾਂ ਅੱਗੇ ਕਿਹਾ ਕਿ ਜਦੋਂ ਤੋਂ ਸਰਕਾਰ ਨੇ ਮਾਈਨਿੰਗ ਦਾ ਕੰਮ ਆਪਣੇ ਹੱਥਾਂ ਵਿੱਚ ਲਿਆ ਹੈ, ਮਾਈਨਿੰਗ ਮਾਫ਼ੀਆ ਦੀਆਂ ਵੱਡੀਆਂ ਮੱਛੀਆਂ ਨੂੰ ਜੇਲ੍ਹ ਵਿੱਚ ਡੱਕ ਦਿੱਤਾ ਗਿਆ ਹੈ ਅਤੇ ਨਾਜਾਇਜ਼ ਮਾਇਨਿੰਗ ਕਰਨ ਵਾਲਿਆਂ ਨੂੰ 2 ਲੱਖ ਰੁਪਏ ਦੇ ਜੁਰਮਾਨੇ ਕੀਤੇ ਗਏ ਹਨ। ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 11 ਨਵੰਬਰ, 2022 ਨੂੰ ਸੂਬੇ ਵਿੱਚ ਸਾਰੀਆਂ ਮਾਈਨਿੰਗ ਗਤੀਵਿਧੀਆਂ 'ਤੇ ਪਾਬੰਦੀ ਲਗਾ ਦਿੱਤੀ ਸੀ ਪਰ ਪੰਜਾਬ ਸਰਕਾਰ ਨੇ ਆਮ ਲੋਕਾਂ ਨੂੰ ਰੇਤ ਅਤੇ ਬਜਰੀ ਮੁਹੱਈਆ ਕਰਵਾਉਣ ਦੀ ਆਪਣੀ ਵਚਨਬੱਧਤਾ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਤੋਂ ਬਾਹਰੋਂ ਇਸ ਦਾ ਪ੍ਰਬੰਧ ਕੀਤਾ ਹੈ ਅਤੇ ਹੁਣ ਤੱਕ ਲੋਕਾਂ ਨੂੰ 90000 ਮੀਟ੍ਰਿਕ ਟਨ ਦੀ ਸਪਲਾਈ ਕੀਤੀ ਜਾ ਚੁੱਕੀ ਹੈ। ਮੰਤਰੀ ਨੇ ਕਿਹਾ ਕਿ ਸੂਬੇ ਨੂੰ ਹਾਈਕੋਰਟ ਤੋਂ ਰਾਹਤ ਮਿਲਣ ਉਪਰੰਤ ਇਹ ਕੀਮਤ 15 ਜਾਂ 16 ਰੁਪਏ ਪ੍ਰਤੀ ਘਣ ਫੁੱਟ ਤੱਕ ਹੇਠਾਂ ਆਉਣ ਦੀ ਸੰਭਾਵਨਾ ਹੈ|ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਖਣਨ ਅਤੇ ਭੂ-ਵਿਗਿਆਨ ਕ੍ਰਿਸ਼ਨ ਕੁਮਾਰ ਵੀ ਹਾਜ਼ਰ ਸਨ।