ਚੰਡੀਗੜ੍ਹ, 5 ਫਰਵਰੀ : ਪੰਜਾਬ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ ਯੂਨੀਅਨ ਨੇ ਸੋਮਵਾਰ ਨੂੰ ਪੰਜਾਬ ਟਰਾਂਸਪੋਰਟ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ 52 ਸਵਾਰੀਆਂ ਦੇ ਬੈਠਣ ਨਾਲ ਸਬੰਧਤ ਪਾਬੰਦੀਆਂ ਅਤੇ ਨਿਯਮਾਂ ਨੂੰ ਰੱਦ ਕਰ ਦਿਤਾ ਹੈ। ਮੀਟਿੰਗ ਦੌਰਾਨ ਪਨਬੱਸ ਅਤੇ ਪੀਆਰਟੀਸੀ ਯੂਨੀਅਨਾਂ ਸਮੇਤ ਯੂਨੀਅਨ ਦੇ ਅਹੁਦੇਦਾਰਾਂ ਨੂੰ ਭਰੋਸਾ ਦਿਤਾ ਗਿਆ ਕਿ 8 ਫਰਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਣ ਵਾਲੀ ਮੀਟਿੰਗ ਵਿਚ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕੀਤਾ ਜਾਵੇਗਾ। ਇਸ ਭਰੋਸੇ ਦੇ ਜਵਾਬ ਵਿਚ ਯੂਨੀਅਨ ਨੇ 52 ਤੋਂ ਵੱਧ ਯਾਤਰੀਆਂ ਦੇ ਬੈਠਣ 'ਤੇ ਲੱਗੀ ਪਾਬੰਦੀ ਹਟਾ ਦਿਤੀ ਹੈ, ਜੋ ਕੇਂਦਰ ਸਰਕਾਰ ਦੇ ਹਿੱਟ ਐਂਡ ਰਨ ਕਾਨੂੰਨ ਅਤੇ ਰਾਜ ਸਰਕਾਰ ਦੀਆਂ ਕਰਮਚਾਰੀ ਵਿਰੋਧੀ ਨੀਤੀਆਂ ਦੇ ਵਿਰੋਧ ਵਿਚ ਲਗਾਈ ਗਈ ਸੀ। ਇਹ ਫੈਸਲਾ ਯਾਤਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਘੱਟ ਕਰਨ ਦੇ ਉਦੇਸ਼ ਨਾਲ ਲਿਆ ਗਿਆ ਹੈ। ਯੂਨੀਅਨ ਨੇ ਉਮੀਦ ਜਤਾਇ ਕਿ ਮੁੱਖ ਮੰਤਰੀ ਨਾਲ ਹੋਣ ਵਾਲੀ ਮੀਟਿੰਗ ਵਿਚ ਉਨ੍ਹਾਂ ਦੀਆਂ ਮੰਗਾਂ 'ਤੇ ਵਿਚਾਰ ਕੀਤਾ ਜਾਵੇਗਾ।